ਪੰਜਾਬ ਦੀ ਤਰੱਕੀ ਨੂੰ ਪਰਖ ਕੇ ਵੋਟਰਾਂ ਨੇ ਕਾਂਗਰਸ ਪਾਰਟੀ ਵਿੱਚ ਭਰੋਸਾ ਜਤਾਇਆ: ਬਲਬੀਰ ਸਿੱਧੂ

ਐਸ ਏ ਐਸ ਨਗਰ, 18 ਫਰਵਰੀ (ਸ.ਬ.) ਪੰਜਾਬ ਦੇ ਵੋਟਰਾਂ ਨੇ ਸੂਬੇ ਦੀ ਤਰੱਕੀ ਨੂੰ ਦੇਖਦੇ ਹੋਏ ਹਾਂ-ਪੱਖੀ ਸੋਚ ਨਾਲ ਕਾਂਗਰਸ ਪਾਰਟੀ ਵਿਚ ਭਰੋਸਾ ਜਤਾਇਆ ਹੈ ਅਤੇ ਵੱਡੀ ਗਿਣਤੀ ਵਿੱਚ ਪੰਜਾਬ ਦੀਆਂ ਸਥਾਨਕ ਇਕਾਈਆਂ ਦੀ ਚੋਣਾਂ ਵਿਚ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ। ਇਸ ਗੱਲ ਦਾ ਪ੍ਰਗਟਾਵਾ ਸਿਹਤ ਤੇ ਕਿਰਤ ਮੰਤਰੀ ਅਤੇ ਸੀਨੀਅਰ ਕਾਂਗਰਸ ਨੇਤਾ ਸ. ਬਲਬੀਰ ਸਿੰਘ ਸਿੱਧੂ ਨੇ ਨਗਰ ਨਿਗਮ ਮੁਹਾਲੀ ਦੀਆਂ ਚੋਣਾਂ ਵਿਚ ਮਿਲੀ ਵੱਡੀ ਜਿੱਤ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਏ ਨਤੀਜਿਆਂ ਨੇ ਸਾਬਿਤ ਕਰ ਦਿੱਤਾ ਹੈ ਕਿ ਵੋਟਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਆਪਕ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਨਗਰ ਨਿਗਮ ਤੇ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵਿਚ ਵਿਸ਼ਵਾਸ਼ ਜਤਾਇਆ ਹੈ।

ਸ. ਬਲਬੀਰ ਸਿੱਧੂ ਨੇ ਦੱਸਿਆ ਕਿ ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਵਿਚ 50 ਸੀਟਾਂ ਵਿਚੋਂ ਕਾਂਗਰਸ ਪਾਰਟੀ ਨੇ 37 ਸੀਟਾਂ ਤੇ ਜਿੱਤ ਹਾਸਲ ਕੀਤੀ ਹੈ ਜਦੋਂਕਿ ਮੁਹਾਲੀ ਦੇ ਸੂਝਵਾਨ ਵੋਟਰਾਂ ਨੇ ਆਮ ਆਦਮੀ ਪਾਰਟੀ, ਅਕਾਲੀ ਦਲ ਤੇ ਭਾਜਪਾ ਨੂੰ ਨਕਾਰ ਕੇ ਮੁਕਾਬਲੇ ਤੋਂ ਹੀ ਬਾਹਰ ਕਰ ਦਿੱਤਾ ਅਤੇ ਇਹ ਪਾਰਟੀਆਂ ਆਪਣਾ ਖਾਤਾ ਖੋਲਣ ਵਿਚ ਅਸਫਲ ਰਹੀਆਂ ਹਨ।

ਮੁਹਾਲੀ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਹਾਲੀ ਸ਼ਹਿਰ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਹੈ ਅਤੇ ਵਿਸ਼ੇਸ਼ ਤੌਰ ਤੇ ਕੋਰੋਨਾ ਮਹਾਂਮਾਰੀ ਸਮੇਂ ਲੱਗੇ ਲਾਕਡਾਊਨ ਦੌਰਾਨ ਵੀ ਸ਼ਹਿਰੀ ਸਹੂਲਤਾਂ ਅਤੇ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਇਆ ਹੈ ਜਿਸ ਲਈ ਸਾਡੀ ਪਾਰਟੀ ਨੂੰ ਵਿਸ਼ਾਲ ਜਨ ਸਮਰਥਨ ਮਿਲਿਆ ਹੈ।

ਸ. ਸਿੱਧੂ ਨੇ ਕਿਹਾ ਕਿ ਇਸ ਜਿੱਤ ਨੇ ਸਾਬਿਤ ਕਰ ਦਿੱਤਾ ਹੈ ਕਿ ਸੂਬੇ ਦੇ ਲੋਕਾਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਹਰ ਖੇਤਰ ਵਿਚ ਲੋਕ ਹਿੱਤ ਲਈ ਚੁੱਕੇ ਕਦਮਾਂ ਅਤੇ ਪਹਿਲਕਦਮੀਆਂ ਵਿਚ ਵਿਸ਼ਵਾਸ਼ ਕਰਦਿਆਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਚੁੱਣਿਆ ਹੈ। ਉਨਾਂ ਕਿਹਾ ਕਿ ਇਸ ਜਿੱਤ ਤੋਂ ਇਹ ਵੀ ਸਿੱਧ ਹੋ ਗਿਆ ਹੈ ਕਿ ਕਾਂਗਰਸ ਪਾਰਟੀ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਵੱਡੀ ਜਿੱਤ ਹਾਂਸਲ ਕਰੇਗੀ।

Leave a Reply

Your email address will not be published. Required fields are marked *