ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੂਬੇ ਭਰ ਵਿੱਚ 1.41 ਕਰੋੜ ਐਨ.ਐਫ.ਐਸ.ਏ. ਲਾਭਪਾਤਰੀਆਂ ਨੂੰ ਦਾਇਰੇ ਹੇਠ ਲਿਆਉਂਦੀ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

ਚੰਡੀਗੜ੍ਹ, 12 ਸਤੰਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ 1.41 ਕਰੋੜ ਲਾਭਪਾਤਰੀਆਂ ਨੂੰ ਫਾਇਦਾ ਪਹੁੰਚਾਉਣ ਵਾਲੀ ਸਮਾਰਟ ਰਾਸ਼ਨ ਕਾਰਡ ਦੀ ਸ਼ੁਰੂਆਤ ਕੀਤੀ ਅਤੇ ਇਸ ਦੇ ਨਾਲ ਹੀ ਇਕ ਵੱਖਰੀ ਸਕੀਮ ਦਾ ਐਲਾਨ ਵੀ ਕੀਤਾ ਜਿਸ ਤਹਿਤ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਹੇਠ ਕਵਰ ਨਾ ਹੋਣ ਵਾਲੇ 9 ਲੱਖ ਲਾਭਪਾਤਰੀਆਂ ਨੂੰ ਸਬਸਿਡੀ ਉਤੇ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ ਜਿਸ ਲਈ ਫੰਡ ਸੂਬਾ ਸਰਕਾਰ ਦੇਵੇਗੀ| ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸੂਬੇ ਵਿਚਲੇ ਲਾਭਪਾਤਰੀਆਂ ਦੀ ਕੁੱਲ ਗਿਣਤੀ 1.5 ਕਰੋੜ ਤੱਕ ਪਹੁੰਚ ਜਾਵੇਗੀ| 
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲਾਭਪਾਤਰੀਆਂ ਦੀ ਗਿਣਤੀ ਦੀ ਹੱਦ 1.41 ਕਰੋੜ ਤੈਅ ਕਰ ਦਿੱਤੀ ਸੀ ਅਤੇ ਵਾਰ-ਵਾਰ                    ਬੇਨਤੀ ਕਰਨ ਦੇ ਬਾਵਜੂਦ ਐਨ.ਐਫ.ਐਸ.ਏ. ਤਹਿਤ ਕਵਰ ਨਾ ਹੋਣ ਵਾਲੇ 9 ਲੱਖ ਯੋਗ ਲੋਕਾਂ ਨੂੰ ਸਬਸਿਡੀ ਉਤੇ ਰਾਸ਼ਨ ਮੁਹੱਈਆ ਕਰਨ ਨਾਲ ਸਹਿਮਤੀ ਨਹੀਂ ਪ੍ਰਗਟਾਈ ਸੀ| ਇਸ ਕਰਕੇ ਵਾਂਝੇ ਰਹਿ ਗਏ ਅਜਿਹੇ ਸਾਰੇ ਵਿਅਕਤੀਆਂ ਨੂੰ ਸੂਬਾ ਸਰਕਾਰ ਵਲੋਂ ਇਸ ਸਕੀਮ ਤਹਿਤ ਲਿਆਉਣ ਦਾ ਫੈਸਲਾ ਕੀਤਾ ਗਿਆ ਹੈ| 
100 ਵੱਖੋ-ਵੱਖਰੀਆਂ ਥਾਵਾਂ ਉਤੇ ਵੀਡਿਓ ਕਾਨਫਰੰਸ ਨਾਲ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਕਿਸੇ ਵੀ ਡਿਪੂ ਤੋਂ ਰਾਸ਼ਨ ਦੀ ਖਰੀਦ ਕਰਨ ਦੀ ਖੁੱਲ੍ਹ           ਹੋਵੇਗੀ ਅਤੇ ਇਸ ਨਾਲ ਭ੍ਰਿਸ਼ਟਾਚਾਰ ਤੇ ਰੋਕ ਲੱਗੇਗੀ| ਉਨ੍ਹਾਂ ਕਿਹਾ ਕਿ ਇਸ ਨਾਲ ਰਾਸ਼ਨ ਡਿਪੂ ਹੋਲਡਰਾਂ ਵੱਲੋਂ ਲਾਭਪਾਤਰੀਆਂ ਦਾ ਕੀਤਾ ਜਾਂਦਾ ਸੋਸ਼ਣ ਬੰਦ ਹੋਵੇਗਾ| 
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀਬਾੜੀ ਆਰਡੀਨੈਂਸਾਂ ਰਾਹੀਂ ਪੰਜਾਬ ਦੇ ਕਿਸਾਨਾਂ ਦਾ ਹੌਂਸਲਾ ਤੋੜਨ ਵਾਲੇ ਹਨ| ਉਹਨਾਂ ਕਿਹਾ ਕਿ  ਇਹ ਆਰਡੀਨੈਂਸ ਕਿਸਾਨਾਂ ਲਈ ਵਿਨਾਸ਼ਕਾਰੀ ਸਾਬਤ ਹੋਣਗੇ| ਸਤਲੁਜ ਯਮਨਾ ਲਿੰਕ (ਐਸ.ਵਾਈ.ਐਲ.) ਨਹਿਰ ਮੁੱਦੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਹੋਰ ਸਮੱਸਿਆ ਹੈ ਜਿਸ ਦਾ ਸਾਹਮਣਾ ਪੰਜਾਬ ਨੂੰ ਕਰਨਾ ਪੈ ਰਿਹਾ ਹੈ| ਪਿਘਲ ਰਹੇ ਗਲੇਸ਼ੀਅਰਾਂ ਅਤੇ ਸੂਬੇ ਵਿੱਚ ਪਾਣੀ ਦੇ ਲਗਾਤਾਰ ਡਿੱਗਦੇ ਜਾ ਰਹੇ ਪੱਧਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਥਿਤੀ ਨਾਜ਼ੁਕ ਹੈ ਅਤੇ ਸੂਬਾ ਕਿਸੇ ਵੀ ਹੋਰ ਕਿਸੇ ਵੀ ਸੂਬੇ ਨੂੰ ਪਾਣੀ ਦੇਣ ਦੀ ਹਾਲਤ ਵਿੱਚ ਬਿਲਕੁਲ ਨਹੀਂ ਹੈ|
ਇਸ ਤੋਂ ਪਹਿਲਾਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਉਪਭੋਗਤਾ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸੂਬਾ ਸਰਕਾਰ ਨੇ ਅੰਨ ਦੀ ਚੋਰੀ ਨੂੰ ਅਤੇ ਜਨਤਕ ਵੰਡ ਪ੍ਰਣਾਲੀ ਨੂੰ ਪਾਰਦਰਸ਼ੀ ਬਣਾਉਣ ਦਲਈ ਪਹਿਲਾਂ ਹੀ ਈ-ਪੋਸ ਪ੍ਰਣਾਲੀ ਸ਼ੁਰੂ ਕਰ ਦਿੱਤੀ ਹੈ|  ਉਹਨਾਂ ਕਿਹਾ ਕਿ ਇਨ੍ਹਾਂ ਸਮਾਰਟ ਕਾਰਡਾਂ ਕਰਕੇ ਲਾਭਪਾਤਰੀਆਂ ਨੂੰ ਕਿਸੇ ਵੀ ਦੁਕਾਨ ਤੋਂ ਰਾਸ਼ਨ ਲੈਣ ਵਿੱਚ ਮੱਦਦ ਮਿਲੇਗੀ ਅਤੇ ਇਸ ਨਾਲ ਰਾਸ਼ਨ ਡਿਪੂਆਂ ਦਾ ਏਕਾਧਿਕਾਰ ਖਤਮ ਹੋਵੇਗਾ|
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਹ ਕਾਰਡ ਲਾਂਚ ਕਰਕੇ ਆਪਣਾ ਵਾਇਦਾ ਨਿਭਾਇਆ ਹੈ| ਉਹਨਾਂ ਕਿਹਾ ਕਿ ਸੂਬਾ ਸਰਕਾਰ ਭਾਵੇਂ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਹੈ ਅਤੇ ਪੰਜਾਬ ਨੂੰ ਅੰਦਰੂਨੀ ਅਤੇ ਬਾਹਰੀ ਕਈ ਖਤਰੇ ਦਰਪੇਸ਼ ਹਨ ਪਰੰਤੂ ਇਸਦੇ ਬਾਵਜੂਦ ਸਰਕਾਰ ਨੇ ਆਪਣੀ ਜਿੰਮੇਵਾਰੀ ਨਿਭਾਈ ਹੈ| 
ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਵੀ ਸੰਬੋਧਨ ਕੀਤਾ|

Leave a Reply

Your email address will not be published. Required fields are marked *