ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਗੁੱਠੇ ਲਾਉਣ ਦੀ ਨਿਖੇਧੀ

ਚੰਡੀਗੜ੍ਹ, 25 ਸਤੰਬਰ (ਸ.ਬ.) ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਪੰਜਾਬ ਯੂਨੀਵਰਸਿਟੀ ਵਿੱਚ ਹਿੰਦੀ ਨੂੰ ਰਾਸ਼ਟਰੀ ਭਾਸ਼ਾ ਵਜੋਂ ਕਾਰ-ਵਿਹਾਰ ਦੀ ਭਾਸ਼ਾ ਬਣਾਉਣ ਦੇ ਫੈਸਲੇ ਦੀ ਨਿਖੇਧੀ ਕੀਤੀ ਹੈ| ਸਭਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਜੋਗਾ ਸਿੰਘ ਅਤੇ ਜਨਰਲ ਸਕੱਤਰ ਸ੍ਰੀ ਸੁਸ਼ੀਲ ਦੁਸਾਂਝ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ, ਪੰਜਾਬ ਦੀ ਧਰੋਹਰ ਹੈ| ਇਸ ਵਿਚ ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਦੀ ਥਾਂ ਹਿੰਦੀ ਭਾਸ਼ਾ ਨੂੰ ਲਾਗੂ ਕਰਨਾ, ਪੰਜਾਬ ਅਤੇ ਪੰਜਾਬੀਆਂ ਨਾਲ ਜ਼ਬਰਦਸਤ ਧੱਕਾ ਹੈ ਅਤੇ ਇਹ ਸੋਚੀ ਸਮਝੀ ਸਾਜ਼ਿਸ਼ ਅਧੀਨ ਕੀਤਾ ਜਾ ਰਿਹਾ ਹੈ|
ਉਨ੍ਹਾਂ ਕਿਹਾ ਕਿ ਚੰਡੀਗੜ੍ਹ, ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਈ ਪੰਜਾਬ ਦੀ ਰਾਜਧਾਨੀ ਹੈ| ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਸਰਕਾਰ ਗਰਾਂਟ ਦਿੰਦੀ ਹੈ| ਪੰਜਾਬ ਦੇ ਵੱਡੀ ਗਿਣਤੀ ਦੇ ਕਾਲਜ ਇਸ ਨਾਲ ਸਬੰਧਤ ਹਨ| ਕੇਂਦਰੀ ਸਭਾ ਦੇ ਅਹੁਦੇਦਾਰਾਂ ਨੇ ਯੂਨੀਵਰਸਿਟੀ ਦੇ ਅਧਿਕਾਰੀਆਂ ਨੂੰ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ|
ਉਹਨਾਂ ਕਿਹਾ ਕਿ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਹਿਤੈਸ਼ੀ ਪਹਿਲਾਂ ਹੀ ਸੰਘਰਸ਼ ਕਰ ਰਹੇ ਹਨ ਅਤੇ ਪੰਜਾਬ ਯੂਨੀਵਰਸਿਟੀ ਇਹ ਫੈਸਲਾ ਕਰਕੇ ਖਤਰਨਾਕ ਖੇਡ ਖੇਡ ਰਹੀ ਹੈ| ਉਹਨਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਨਿੱਜੀ ਤੌਰ ਤੇ ਦਖ਼ਲ ਦੇ ਕੇ ਇਸ ਫ਼ੈਸਲੇ ਨੂੰ ਰੋਕੇ ਤਾਂ ਜੋ ਯੂਨੀਵਰਸਿਟੀ ਦਾ ਮਾਹੌਲ ਖਰਾਬ ਨਾ ਹੋਵੇ| ਉਹਨਾਂ ਕਿਹਾ ਕਿ ਜੇਕਰ ਪੰਜਾਬ ਯੂਨੀਵਰਸਿਟੀ ਆਪਣੇ ਪੰਜਾਬੀ ਵਿਰੋਧੀ ਫ਼ੈਸਲੇ ਨੂੰ ਵਾਪਸ ਨਹੀਂ ਲਵੇਗੀ ਤਾਂ ਕੇਂਦਰੀ ਸਭਾ ਇਸ ਵਿਰੁੱਧ ਜ਼ੋਰਦਾਰ ਸੰਘਰਸ਼ ਛੇੜੇਗੀ|

Leave a Reply

Your email address will not be published. Required fields are marked *