ਪੰਜਾਬ ਰਾਜ ਜਿਲ੍ਹਾ ਡੀ ਸੀ ਦਫਤਰ ਕਰਮਚਾਰੀ ਯੂਨੀਅਨ ਵਲੋਂ ਰੋਸ ਮਾਰਚ

ਐਸ ਏ ਐਸ ਨਗਰ, 12 ਫਰਵਰੀ (ਸ.ਬ.) ਪੰਜਾਬ ਰਾਜ ਜਿਲ੍ਹਾ ਡੀ ਸੀ ਦਫਤਰ ਕਰਮਚਾਰੀ ਯੂਨੀਅਨ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜਮ ਮਾਰੂ ਨੀਤੀਆਂ ਦੇ ਵਿਰੁੱਧ ਮਾਰਚ ਕੀਤਾ ਗਿਆ, ਇਸ ਮੌਕੇ ਪੰਜਾਬ ਸਰਕਾਰ ਦੀਆਂ ਮੁਲਾਜਮ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਕਾਲੇ ਝੰਡੇ ਲਹਿਰਾਏ ਗਏ|
ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਚੇਅਰਮੈਨ ਓਮ ਪ੍ਰਕਾਸ਼ ਅਤੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਨੇ ਪਟਿਆਲਾ ਵਿਖੇ ਅਧਿਆਪਕਾਂ ਉੱਪਰ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਕੀਤੀ| ਉਹਨਾਂ ਕਿਹਾ ਕਿ ਅਧਿਆਪਕ ਵਰਗ ਸਮਾਜ ਦੇ ਉਸਰਈਏ ਹਨ, ਉਹਨਾਂ ਉਪਰ ਠੰਡ ਦੇ ਮੌਸਮ ਵਿੱਚ ਪਾਣੀ ਦੀਆਂ ਬੌਛਾਰਾਂ ਕਰਦਿਆਂ ਲਾਠੀਚਾਰਜ ਕੀਤਾ ਜਾਣਾ ਗਲਤ ਹੈ| ਇਸ ਕਾਰਨ ਸਮੁੱਚੇ ਮੁਲਾਜਮ ਵਰਗ ਵਿੱਚ ਰੋਸ ਦੀ ਲਹਿਰ ਫੈਲ ਗਈ ਹੈ| ਉਹਨਾਂ ਕਿਹਾ ਕਿ ਉਹ ਰੈਲੀਆਂ ਅਤੇ ਹੜਤਾਲ ਕਰਕੇ ਜਨਤਕ ਸੇਵਾਵਾਂ ਨੂੰ ਪ੍ਰਭਾਵਿਤ ਨਹੀਂ ਕਰਨਾ ਚਾਹੁੰਦੇ, ਪਰ ਸਰਕਾਰ ਦੀਆਂ ਮੁਲਾਜਮ ਵਿਰੋਧੀ ਨੀਤੀਆਂ ਦੇ ਵਿਰੁੱਧ ਜਨਤਕ ਕੰਮ ਬੰਦ ਕਰਕੇ ਹੜਤਾਲ ਕਰਨ ਲਈ ਮਜਬੂਰ ਹਨ|
ਉਹਨਾਂ ਕਿਹਾ ਕਿ 13 ਫਰਵਰੀ ਤੋਂ 17 ਫਰਵਰੀ ਤਕ ਮੁਲਾਜਮ ਵਰਗ ਵਲੋਂ ਦਫਤਰਾਂ ਨੂੰ ਤਾਲੇ ਲਗਾ ਕੇ ਰੋਸ ਰੈਲੀਆਂ ਕੀਤੀਆਂ ਜਾਣਗੀਆਂ| ਇਸ ਮੌਕੇ ਪੰਜਾਬ ਅਤੇ ਚੰਡੀਗੜ੍ਹ ਸਥਿਤ ਦਫਤਰਾਂ ਤੋਂ ਲੈ ਕੇ ਫੀਲਡ ਵਿਚ ਹਰ ਸਰਕਾਰੀ, ਅਰਧ ਸਰਕਾਰੀ, ਬੋਰਡਾਂ, ਕਾਰਪੋਰੇਸ਼ਨਾਂ ਵਿੱਚ ਸਰਕਾਰੀ ਕੰਮਕਾਜ ਬੰਦ ਰਹੇਗਾ| ਉਹਨਾਂ ਕਿਹਾ ਕਿ ਜੇ ਸਰਕਾਰ ਨੇ ਮੁਲਾਜਮਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੇ ਦਿਨਾਂ ਦੌਰਾਨ ਮੁਲਾਜਮ ਵਰਗ ਵਲੋਂ ਸਮੂਹਿਕ ਛੁੱਟੀ ਲੈ ਕੇ ਵਿਧਾਨ ਸਭਾ ਵਲ ਰੋਸ ਮਾਰਚ ਕੀਤਾ ਜਾਵੇਗਾ| ਉਹਨਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਦੀਆਂ ਮੁਲਾਜਮ ਵਿਰੋਧੀ ਨੀਤੀਆਂ ਦਾ ਖਮਿਆਜਾ ਸਰਕਾਰ ਚਲਾ ਰਹੀ ਪਾਰਟੀ ਕਾਂਗਰਸ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ|
ਇਸ ਮੌਕੇ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਜੋਗਿੰਦਰ ਕੁਮਾਰ ਜੀਰਾ, ਸੀ. ਮੀਤ ਪ੍ਰਧਾਨ ਵਰਿੰਦਰ ਕੁਮਾਰ ਢੋਸੀਵਾਲ, ਵਿੱਤ ਸਕੱਤਰ ਸਤਬੀਰ ਸਿੰਘ ਚੰਦੀ ਅਤੇ ਹੋਰ ਆਗੂਆਂ ਨੇ ਵੀ ਪੰਜਾਬ ਸਰਕਾਰ ਦੀਆਂ ਮੁਲਾਜਮ ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ|

Leave a Reply

Your email address will not be published. Required fields are marked *