ਪੰਜਾਬ ਵਿੱਚ ਹਥਿਆਰਾਂ ਨੂੰ ਲੈ ਕੇ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਪੁਖਤਾ ਕਰੇ ਚੋਣ ਕਮਿਸ਼ਨ: ਕੈਪਟਨ ਅਮਰਿੰਦਰ

ਚੰਡੀਗੜ੍ਹ, 27 ਦਸੰਬਰ (ਸ.ਬ.) ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਚੋਣ ਕਮਿਸ਼ਨ ਨੂੰ ਸੂਬੇ ਅੰਦਰ ਹਥਿਆਰਾਂ ਦੇ ਪ੍ਰਸਾਰ ਤੇ ਤੁਰੰਤ ਰੋਕ ਲਗਾਉਣ ਹਿੱਤ ਪੰਜਾਬ ਪੁਲੀਸ ਨੂੰ ਨਿਰਦੇਸ ਦੇਣ ਦੀ ਅਪੀਲ ਕੀਤੀ ਹੈ, ਜਿਸਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਪੂਰੀ ਤਰ੍ਹਾਂ ਅਰਾਜਕਤਾ ਫੈਲਾ ਦਿੱਤੀ ਹੈ|
ਇਸ ਲੜੀ ਹੇਠ ਸੋਮਵਾਰ ਨੂੰ ਇਕ ਗੋਲੀਬਾਰੀ ਦੀ ਘਟਨਾ ਵਿੱਚ ਇਕ ਵਿਅਕਤੀ ਦੀ ਮੌਤ ਅਤੇ ਦੋ ਦੇ ਜ਼ਖਮੀ ਹੋ ਜਾਣ ਸਮੇਤ ਸੂਬੇ ਅੰਦਰ ਵਾਪਰੀਆਂ ਵੱਖ ਵੱਖ ਹਿੰਸਕ ਘਟਨਾਵਾਂ ਦੇ ਕ੍ਰਮ ਤੇ ਪ੍ਰਤੀਕ੍ਰਿਆ ਜਾਹਿਰ ਕਰਦਿਆਂ, ਕੈਪਟਨ ਅਮਰਿੰਦਰ ਨੇ ਕਿਹਾ ਕਿ ਸੂਬੇ ਦੇ ਹਾਲਾਤ ਬੇਹੱਦ ਖਰਾਬ ਹੋ ਚੁੱਕੇ ਹਨ ਅਤੇ ਉਨ੍ਹਾਂ ਨੇ ਇਸ ਸੰਕਟ ਵਾਲੀ ਸਥਿਤੀ ਨੂੰ ਅੱਗੇ ਵੱਧਣ ਤੋਂ ਰੋਕਣ ਵਾਸਤੇ ਚੋਣ ਕਮਿਸ਼ਨ ਨੂੰ ਦਖਲ ਦੇਣ ਦੀ ਅਪੀਲ ਕੀਤੀ ਹੈ| ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਪੁਖਤਾ ਕਰਨ ਦੀ ਅਪੀਲ ਕੀਤੀ ਹੈ ਕਿ ਹਥਿਆਰਾਂ ਨੂੰ ਲੈ ਕੇ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਹੋਵੇ ਤੇ ਇਕ ਵਾਰ ਫਿਰ ਤੋਂ ਇਹ ਵੀ ਅਪੀਲ ਕੀਤੀ ਹੈ ਕਿ ਸੂਬੇ ਅੰਦਰ ਕਾਨੂੰਨ ਤੇ ਵਿਵਸਥਾ ਬਣਾਏ ਰੱਖਣ ਵਾਸਤੇ ਤੁਰੰਤ ਚੋਣ ਜਾਬਤਾ ਲਾਗੂ ਕੀਤਾ ਜਾਵੇ|
ਉਨ੍ਹਾਂ ਕਿਹਾ ਕਿ ਕਪੂਰਥਲਾ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਬਾਰੀ ਦੀ ਇਕ ਹੋਰ ਘਟਨਾ ਸਾਹਮਣੇ ਆਈ ਹੈ, ਜਿਸ ਦੌਰਾਨ ਤੇਜ਼ਾਬੀ ਹਮਲੇ ਵਿੱਚ 9 ਔਰਤਾਂ ਜ਼ਖਮੀ ਹੋ ਗਈਆਂ| ਕੈਪਟਨ ਅਮਰਿੰਦਰ ਨੇ ਕਿਹਾ ਕਿ ਦੋਨਾਂ ਘਟਨਾਵਾਂ ਵਿੱਚ ਹਿੰਸਾ ਵਰ੍ਹਾਉਣ ਵਾਲੇ ਹਮਲਾਵਰਾਂ ਦੀ ਦਰਿੰਦਗੀ ਸਪੱਸ਼ਟ ਇਸ਼ਾਰਾ ਕਰ ਰਹੀ ਹੈ ਕਿ ਸੂਬੇ ਅੰਦਰ ਗੁੰਡਿਆਂ ਤੇ ਬਦਮਾਸ਼ਾਂ ਅੰਦਰ ਕਾਨੂੰਨ ਦਾ ਕੋਈ ਡਰ ਨਹੀਂ ਹੈ, ਜਿਹੜੇ ਪੁਲੀਸ ਤੋਂ ਕਿਸੇ ਵੀ ਤਰ੍ਹਾਂ ਨਹੀਂ         ਡਰਦੇ|
ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਘਟਨਾਵਾਂ ਬਾਦਲ ਸ਼ਾਸਨ ਅੰਦਰ ਕਾਨੂੰਨ ਤੇ ਵਿਵਸਥਾ ਦੀ ਪੂਰੀ ਤਰ੍ਹਾਂ ਬਦਹਾਲੀ ਦਾ ਖੁਲਾਸਾ ਕਰਦੀਆਂ ਹਨ, ਜਿਸਨੇ ਹਥਿਆਰਬੰਦ ਗਿਰੋਹਾਂ, ਅਪਰਾਧੀਆਂ ਤੇ ਮਾਫੀਆਵਾਂ ਨੂੰ ਪੂਰੀ ਤਰ੍ਹਾਂ ਆਜ਼ਾਦੀ ਦੇ ਰੱਖੀ ਹੈ, ਤਾਂ ਜੋ ਉਹ ਪੰਜਾਬ ਦੇ ਲੋਕਾਂ ਵਿੱਚ ਅੱਤ ਮਚਾ ਸਕਣ| ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਡੀ.ਜੀ.ਪੀ ਆਨ ਰਿਕਾਰਡ ਕਹਿ ਚੁੱਕੇ ਹਨ ਕਿ ਪੰਜਾਬ ਅੰਦਰ ਕਰੀਬ 52 ਹਥਿਆਰਬੰਦ ਗਿਰੋਹ ਸਰਗਰਮ ਹਨ|
ਕੈਪਟਨ ਅਮਰਿੰਦਰ ਨੇ ਕਿਹਾ ਕਿ ਬਾਦਲ ਸਰਕਾਰ ਸੁਪਰੀਮ ਕੋਰਟ ਵੱਲੋਂ ਤੇਜ਼ਾਬ ਰੱਖਣ ਤੇ ਉਸਦੀ ਵਿਕਰੀ ਬਾਰੇ ਸਪੱਸ਼ਟ ਤੇ ਸਖ਼ਤ ਨਿਰਦੇਸ਼ਾਂ ਉਪਰ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਹੈ, ਜਿਸ ਕਾਰਨ ਤੇਜ਼ਾਬੀ ਹਮਲਿਆਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਨਹੀਂ ਤਾਂ ਅਜਿਹੇ ਹਾਲਾਤਾਂ ਤੋਂ ਅਸਾਨੀ ਨਾਲ ਬਚਿਆ ਜਾ ਸਕਦਾ ਸੀ|

Leave a Reply

Your email address will not be published. Required fields are marked *