ਪੰਜਾਬ ਸਰਕਾਰ ਨੇ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਤੇ ਤੋਰਿਆ : ਧਰਮਸੋਤ

ਪੰਜਾਬ ਸਰਕਾਰ ਨੇ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਤੇ ਤੋਰਿਆ : ਧਰਮਸੋਤ
ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ-ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ
ਐਸ. ਏ. ਐਸ. ਨਗਰ, 12 ਜਨਵਰੀ (ਸ.ਬ.) ਪੰਜਾਬ ਸਰਕਾਰ ਦੀ ਨੀਤੀ ਅਤੇ ਨੀਅਤ ਪੰਜਾਬ ਦਾ ਵਿਕਾਸ ਕਰਨ ਦੀ ਹੈ ਅਤੇ ਸਰਕਾਰ ਨੇ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਤੇ ਤੋਰਿਆ ਹੈ ਜਦਕਿ ਅਕਾਲੀ ਦਲ ਅਤੇ ਭਾਜਪਾ ਸਰਕਾਰ ਦੀ ਨੀਤੀ ਅਤੇ ਨੀਅਤ ਹਮੇਸ਼ਾ ਪੰਜਾਬ ਨੂੰ ਲੁੱਟਣ ਅਤੇ ਕੁੱਟਣ ਦੀ ਰਹੀ ਹੈ| ਅਕਾਲੀਆਂ ਨੇ ਆਪਣੇ ਹਿੱਤਾਂ ਦੀ ਖਾਤਰ ਪੰਜਾਬ ਨੂੰ ਤਬਾਹ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਖੇਡ ਸਟੇਡੀਅਮ ਸੈਕਟਰ 78 ਵਿਖੇ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੇ ਮੈਂਬਰਾਂ ਨੂੰ ਅਹੁਦੇ ਅਤੇ ਡੈਪੋ ਬਣਨ ਦੀ ਸਹੁੰ ਚੁਕਾਉਣ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ| ਉਹਨਾਂ ਕਿਹਾ ਕਿ ਅਕਾਲੀ ਦਲ ਭਾਜਪਾ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜਕਾਲ ਵਿੱਚ ਪੰਜਾਬ ਦੀ ਭਲਾਈ ਲਈ ਕੋਈ ਕੰਮ ਨਹੀਂ ਕੀਤਾ ਅਤੇ ਸੂਬੇ ਦੀ ਇੰਡਸਟਰੀ ਨੂੰ ਆਪਣੀਆਂ ਨੀਤੀਆਂ ਕਾਰਨ ਬਰਬਾਦ ਕੀਤਾ ਜਿਸ ਨਾਲ ਸੂਬੇ ਵਿੱਚ ਅਨੇਕਾ ਯੂਨਿਟ ਬੰਦ ਹੋ ਗਏ| ਉਨ੍ਹਾਂ ਦੱਸਿਆ ਕਿ ਮੌਜੂਦਾ ਸਰਕਾਰ ਦੇ 2 ਸਾਲਾਂ ਦੇ ਕਾਰਜਕਾਲ ਵਿੱਚ 300 ਯੁਨਿਟ ਨਵੇਂ ਲੱਗੇ ਹਨ ਅਤੇ ਬੰਦ ਪਏ ਯੁਨਿਟ ਮੁੜ ਚਾਲੂ ਹੋਏ ਹਨ|
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਦੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਤੱਕ ਸਾਰੇ ਚੋਣ ਵਾਅਦੇ ਪੂਰੇ ਕੀਤੇ ਜਾਣਗੇ| ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਢਾਈ ਏਕੜ ਤੱਕ ਦੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਅਤੇ ਹੁਣ 5 ਏਕੜ ਤੱਕ ਦੇ ਕਰਜ਼ੇ ਵੀ ਮੁਆਫ ਕੀਤੇ ਜਾਣਗੇ| ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ|
ਜੰਗਲਾਤ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹਰ ਪਿੰਡ ਵਿੱਚ 550 ਬੂਟੇ ਲਗਾਏ ਜਾਣਗੇ, ਜੋ ਕਿ ਜੰਗਲਾਤ ਵਿਭਾਗ ਵਲੋਂ ਮੁਫਤ ਦਿੱਤੇ ਜਾਣਗੇ| ਇਸ ਸੰਬੰਧੀ ਉਨ੍ਹਾਂ ਅੱਜ ਜ਼ਿਲ੍ਹਾ ਐਸ. ਏ. ਐਸ. ਨਗਰ ਵਿੱਚ ਬੂਟੇ ਵੰਡਣ ਦੀ ਸ਼ੁਰੂਆਤ ਕੀਤੀ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਪਿੰਡਾਂ ਵਿੱਚ ਲਾਉਣ ਲਈ ਮੁਫਤ ਬੂਟੇ ਵੰਡੇ ਗਏ| ਉਨ੍ਹਾਂ ਇਸ ਮੌਕੇ ਪੰਚਾਇਤਾਂ ਨੂੰ ਪਿੰਡਾਂ ਵਿੱਚ ਨਸ਼ੇ ਦੇ ਖਾਤਮੇ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ|
ਸਮਾਗਮ ਨੂੰ ਸੰਬੋਧਨ ਕਰਦਿਆਂ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਜ਼ਿਲ੍ਹਾ ਐਸ. ਏ. ਐਸ. ਨਗਰ ਵਿੱਚ ਪੰਚਾਇਤੀ ਚੋਣਾਂ ਪੂਰੇ ਅਜ਼ਾਦਾਨਾ ਅਤੇ ਨਿਰਪੱਖ ਢੰਗ ਨਾਲ ਹੋਈਆਂ ਹਨ ਅਤੇ ਇਕ ਵੀ ਕੇਸ ਲੜਾਈ ਦਾ ਸਾਹਮਣੇ ਨਹੀਂ ਆਇਆ, ਜਿਸ ਲਈ ਜ਼ਿਲ੍ਹੇ ਦੇ ਲੋਕ ਅਤੇ ਨਵੇਂ ਚੁਣੇ ਗਏ ਪੰਚ-ਸਰਪੰਚ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰ ਵਧਾਈ ਦੇ ਪਾਤਰ ਹਨ| ਉਨ੍ਹਾਂ ਕਿਹਾ ਕਿ ਨਵੀਂਆਂ ਚੁਣੀਆਂ ਪੰਚਾਇਤਾਂ ਹੁਣ ਆਪਣੇ ਮਨ-ਮੁਟਾਵ ਮਿਟਾ ਕੇ ਪਿੰਡ ਦੇ ਲੋਕਾਂ ਦੇ ਸਹਿਯੋਗ ਨਾਲ ਪਿੰਡ ਦੇ ਵਿਕਾਸ ਕਾਰਜ ਧੜੇਬੰਦੀ ਤੋਂ ਉਪਰ ਉਠ ਕੇ ਕਰਨ ਅਤੇ ਸਰਕਾਰ ਵੱਲੋਂ ਗ੍ਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ|
ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ਼੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪੰਚਾਇਤੀ ਚੋਣਾਂ ਵਿਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦਿੱਤਾ ਹੈ ਅਤੇ ਇਸ ਵਾਰ ਬਹੁਤ ਸਾਰੀਆਂ ਔਰਤਾਂ ਅਤੇ ਨੌਜਵਾਨ ਚੋਣਾਂ ਜਿੱਤੇ ਹਨ, ਜਿਸ ਲਈ ਹੁਣ ਉਨ੍ਹਾਂ ਦਾ ਖਾਸ ਕਰਕੇ ਔਰਤਾਂ ਦਾ ਫਰਜ਼ ਬਣਦਾ ਹੈ ਕਿ ਉਹ ਪੰਚਾਇਤੀ ਕੰਮ ਖੁਦ ਕਰਨ ਨੂੰ ਤਰਜੀਹ ਦੇਣ ਅਤੇ ਵਿਕਾਸ ਕਾਰਜਾਂ ਵਿੱਚ ਮੋਹਰੀ ਭੂਮਿਕਾ ਨਿਭਾਉਣ| ਉਨ੍ਹਾਂ ਪੰਚਾਇਤੀ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ ਦੀ ਬਿਹਤਰੀ ਲਈ ਆਪਣੇ ਸੁਝਾਅ ਵੀ ਦੇਣ ਤਾਂ ਜੋ ਪਿੰਡਾਂ ਦਾ ਚਹੁੰ ਮੁੱਖੀ ਵਿਕਾਸ ਹੋ ਸਕੇ|
ਇਸ ਮੌਕੇ ਸਾਬਕਾ ਮੰਤਰੀ ਜਗਮੋਹਣ ਸਿੰਘ ਕੰਗ, ਜ਼ਿਲ੍ਹਾ ਕਾਂਗਰਸ ਕਮੇਟੀ ਐਸ. ਏ. ਐਸ. ਨਗਰ ਦੇ ਨਵ-ਨਿਯੁਕਤ ਪ੍ਰਧਾਨ ਸ. ਦੀਪਇੰਦਰ ਸਿੰਘ ਢਿੱਲੋਂ ਨੇ ਵੀ ਸੰਬੋਧਨ ਕੀਤਾ| ਇਸ ਮੌਕੇ ਰੂਪਨਗਰ ਰੇਂਜ ਦੀ ਆਈ. ਜੀ. ਵੀ. ਨੀਰਜਾ, ਡਿਪਟੀ ਕਮਿਸ਼ਨਰ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਜ਼ਿਲ੍ਹਾ ਪੁਲੀਸ ਮੁਖੀ ਕੁਲਦੀਪ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਚਰਨਦੇਵ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਵਿ) ਅਮਰਦੀਪ ਸਿੰਘ ਬੈਂਸ, ਕੈਬਨਿਟ ਮੰਤਰੀ ਸ. ਸਿੱਧੂ ਦੇ ਸਿਆਸੀ ਸਕੱਤਰ ਸ਼੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਪੰਜਾਬ ਕਾਂਗਰਸ ਦੇ ਸ਼ਿਕਾਇਤ ਨਿਵਾਰਣ ਵਿੰਗ ਦੇ ਸੂਬਾ ਚੇਅਰਮੈਨ ਸ਼੍ਰੀ ਐਸ. ਐਮ. ਐਸ. ਸੰਧੂ, ਐਸ. ਡੀ. ਐਮ. ਮੁਹਾਲੀ ਜਗਦੀਪ ਸਹਿਗਲ, ਐਸ. ਡੀ. ਐਮ. ਡੇਰਾਬਸੀ ਪੂਜਾ ਸਿਆਲ, ਐਸ. ਡੀ. ਐਮ. ਖਰੜ ਵਿਨੋਦ ਬਾਂਸਲ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਰਵਿੰਦਰ ਸਿੰਘ ਸੰਧੂ, ਡੀ. ਡੀ. ਪੀ. ਓ. ਡੀ. ਕੇ ਸਾਲਦੀ, ਜ਼ਿਲ੍ਹਾ ਸਮਾਜ ਭਲਾਈ ਅਫਸਰ ਸੁਖਸਾਗਰ ਸਿੰਘ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ|

Leave a Reply

Your email address will not be published. Required fields are marked *