ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਯਾਦ ਵਿੱਚ ਸਮਾਗਮ ਕਰਵਾਇਆ

ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਯਾਦ ਵਿੱਚ ਸਮਾਗਮ ਕਰਵਾਇਆ
ਅੱਖਾਂ ਦੇ ਮੁਫ਼ਤ ਮੈਗਾ ਆਪ੍ਰੇਸ਼ਨ ਕੈਂਪ ਦੌਰਾਨ 150 ਮਰੀਜ਼ਾਂ ਦੀ ਜਾਂਚ ਤੇ 25 ਦੇ ਆਪ੍ਰੇਸ਼ਨ
ਐਸ. ਏ. ਐਸ. ਨਗਰ, 23 ਅਕਤੂਬਰ (ਸ.ਬ.) ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਯਾਦ ਵਿੱਚ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲਿਆਂ ਨੇ ਦੱਸਿਆ ਕਿ ਸਮਾਗਮ ਦੌਰਾਨ ਅੱਖਾਂ ਦੇ ਮੁਫ਼ਤ ਮੈਗਾ ਆਪ੍ਰੇਸ਼ਨ ਕੈਂਪ ਦੀ ਸ਼ੁਰੂਆਤ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਕਰਵਾਈ ਗਈ| ਸਵੇਰੇ 9.30 ਵਜੇ ਤੋਂ ਲੈ ਕੇ 2 ਵਜੇ ਤੱਕ ਚੱਲੇ ਇਸ ਮੈਗਾ ਆਪ੍ਰੇਸ਼ਨ ਕੈਂਪ ਦੌਰਾਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਤੇ ਆਈ ਇੰਸਟੀਚਿਊਟ ਅਤੇ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਮਾਹਿਰ ਡਾਕਟਰਾਂ ਵਲੋਂ 150 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਦ ਕਿ 25 ਮਰੀਜ਼ਾਂ ਦੇ ਆਪ੍ਰੇਸ਼ਨ ਕੀਤੇ ਗਏ| ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਅਮਰਜੀਤ ਸਿੰਘ ਚਾਵਲਾ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਜਸਵੰਤ ਸਿੰਘ ਸਾਬਕਾ ਹਜ਼ੂਰੀ ਰਾਗੀ, ਬੀਬੀ ਰਵਿੰਦਰ ਕੌਰ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ, ਭਾਈ ਰਾਏ ਸਿੰਘ, ਭਾਈ ਸ਼ੌਕੀਨ ਸਿੰਘ ਤੇ ਭਾਈ ਸਤਨਾਮ ਸਿੰਘ ਸਮੇਤ ਹੋਰ ਵੀ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਤੇ ਕਥਾ-ਵਿਚਾਰਾਂ ਦੁਆਰਾ ਸੰਗਤਾਂ ਨੂੰ ਸ਼ਬਦ ਕੀਰਤਨ ਤੇ ਗੁਰਬਾਣੀ ਵਿਚਾਰਾਂ ਦੁਆਰਾ ਨਿਹਾਲ ਕੀਤਾ| ਦੇਸ਼ਾਂ-ਵਿਦੇਸ਼ਾਂ ਤੋਂ ਪਹੁੰਚੀਆਂ ਸੰਗਤਾਂ ਦੇ ਰਹਿਣ ਲਈ ਪ੍ਰਬੰਧਕਾਂ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ| ਭਾਈ ਅਮਰਜੀਤ ਸਿੰਘ ਚਾਵਲਾ ਨੇ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਵਲੋਂ ਸ਼ੁਰੂ ਕੀਤੇ ਇਸ ਟਰੱਸਟ ਅਤੇ ਮਲਟੀਸਪੈਸ਼ਲਿਟੀ ਹਸਪਤਾਲ ਰਾਹੀਂ ਇਲਾਕੇ ਅਤੇ ਹੋਰ ਰਾਜਾਂ ਤੋਂ ਆਉਣ ਵਾਲੇ ਮਰੀਜ਼ਾਂ ਅਤੇ ਲੋੜਵੰਦ ਲੋਕਾਂ ਦੇ ਇਲਾਜ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਟਰੱਸਟ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਭਾਈ ਦਵਿੰਦਰ ਸਿੰਘ ਜੀ ਖੰਨੇ ਵਾਲਿਆਂ ਦੀ ਅਗਵਾਈ ਹੇਠ ਸਕੱਤਰ ਭਾਈ ਗੁਰਮੀਤ ਸਿੰਘ ਵਲੋਂ ਪੰਥ ਰਤਨ ਖੰਨੇ ਵਾਲਿਆਂ ਦੇ ਇਸ ਉਪਰਾਲੇ ਨੂੰ ਸੁਚੱਜੇ ਢੰਗ ਨਾਲ ਅੱਗੇ ਤੋਰਿਆ ਜਾ ਰਿਹਾ ਹੈ|
ਇਸ ਮੌਕੇ ਦਵਿੰਦਰ ਸਿੰਘ ਖਾਲਸਾ ਖੰਨੇ ਵਾਲਿਆਂ ਨੇ ਕਿਹਾ ਕਿ ਉਹ ਪੰਜਾਬ ਸਮੇਤ ਹੋਰ ਰਾਜਾਂ ਤੋਂ ਇਥੇ ਆਉਣ ਵਾਲੇ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਦਿਨ-ਰਾਤ ਉਪਰਾਲੇ ਕਰਦੇ ਰਹਿਣਗੇ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਲਈ ਕੀਰਤਨ ਦਰਬਾਰ ਅਤੇ ਧਰਮ ਪ੍ਰਚਾਰ ਦੇ ਕਾਰਜ ਕਰਦੇ ਰਹਿਣਗੇ|
ਇਸ ਮੌਕੇ ਭਾਈ ਅਮਰਦੀਪ ਸਿੰਘ, ਡਾ: ਗਗਨਦੀਪ ਸਿੰਘ ਤੇ ਆਦਰਸ਼ ਸੂਰੀ ਨੇ ਆਈਆਂ ਸੰਗਤਾਂ ਅਤੇ ਪੰਥਕ ਸ਼ਖ਼ਸੀਅਤਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਟਰੱਸਟ ਨੂੰ ਸਹਿਯੋਗ ਦੇਣ ਦੀ ਆਸ ਪ੍ਰਗਟਾਈ|

Leave a Reply

Your email address will not be published. Required fields are marked *