ਬਡੀ ਪ੍ਰੋਗਰਾਮ ਦੀ ਸਫਲਤਾ ਲਈ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਹਿਯੋਗ ਜ਼ਰੂਰੀ: ਡਿਪਟੀ ਕਮਿਸ਼ਨਰ

ਐਸ.ਏ.ਐਸ ਨਗਰ, 21 ਅਗਸਤ (ਸ.ਬ.) ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵਲੋਂ ਬਡੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਮੁਕੰਮਲ ਰੂਪ ਵਿਚ ਵਿਦਿਆਰਥੀਆਂ ਤੇ ਅਧਾਰਤ ਪ੍ਰੋਗਰਾਮ ਹੈ| ਇਸੇ ਤਰ੍ਹਾਂ ਪੰਜਾਬ ਨੂੰ ਹਰਿਆ-ਭਰਿਆ ਬਣਾ ਕੇ ਇਸ ਨੂੰ ਮੁੜ ਅੱਵਲ ਦਰਜੇ ਦਾ ਸੂਬਾ ਬਣਾਉਣ ਲਈ ਮਿਸ਼ਨ ਤੰਦਰੁਸਤ ਪੰਜਾਬ ਅਤੇ ਘਰ-ਘਰ ਹਰਿਆਲੀ ਮਿਸ਼ਨ ਵੀ ਚਲਾਏ ਗਏ ਹਨ| ਇਹਨਾਂ ਪ੍ਰੋਗਰਾਮਾਂ ਦੀ ਸਫਲਤਾ ਲਈ ਵਿਦਿਆਰਥੀਆਂ ਅਤੇ ਆਮ ਲੋਕਾਂ ਦੀ ਸ਼ਮੂਲੀਅਤ ਅਤੇ ਸਹਿਯੋਗ ਲਾਜ਼ਮੀ ਹੈ| ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਯਾਦਵਿੰਦਰਾ ਪਬਲਿਕ ਸਕੂਲ ਵਿੱਚ ਬਡੀ ਪ੍ਰੋਗਰਾਮ ਦੀ ਸ਼ੁਰੂਆਤ ਅਤੇ ਘਰ-ਘਰ ਹਰਿਆਲੀ ਮਿਸ਼ਨ ਤਹਿਤ ਬੂਟੇ ਲਾਉਣ ਅਤੇ ਵੰਡਣ ਲਈ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ|
ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਪਹਿਲਾਂ ਡੈਪੋ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਦੇ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ ਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ 15 ਅਗਸਤ ਤੋਂ ਬਡੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ| ਇਹ ਪ੍ਰੋਗਰਾਮ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਤਕਨੀਕੀ ਸੰਸਥਾਵਾਂ ਵਿੱਚ ਸ਼ੁਰੂ ਕੀਤਾ ਗਿਆ ਹੈ| ਇਸ ਪ੍ਰੋਗਰਾਮ ਤਹਿਤ ਹਰ ਕਲਾਸ ਦੇ ਪੰਜ-ਪੰਜ ਵਿਦਿਆਰਥੀਆਂ ਦੇ ਗਰੁੱਪ ਬਣਾਏ ਜਾਂਦੇ ਹਨ ਜਿਹਨਾਂ ਨੂੰ ਬਡੀ ਕਿਹਾ ਜਾਂਦਾ ਹੈ, ਇਹ ਸਾਰੇ ਕਲਾਸ ਇੰਚਾਰਜ ਜਿਸ ਨੂੰ ਕਿ ਸੀਨੀਅਰ ਬਡੀ ਕਿਹਾ ਜਾਂਦਾ ਹੈ, ਦੀ ਅਗਵਾਈ ਵਿੱਚ ਕੰਮ ਕਰਦੇ ਹਨ| ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਬੈਜ ਲਾ ਕੇ ਸਕੂਲ ਵਿੱਚ ਬਡੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਅਤੇ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦਾ ਅਹਿਦ ਕੀਤਾ|
ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਸਕੂਲ ਦੇ ਵਿਹੜੇ ਵਿੱਚ ਘਰ-ਘਰ ਹਰਿਆਲੀ ਮਿਸ਼ਨ ਤਹਿਤ ਚੰਦਨ ਦਾ ਬੂਟਾ ਲਾਉਂਦਿਆਂ ਦੱਸਿਆ ਕਿ ਇਸ ਮਿਸ਼ਨ ਤਹਿਤ ਜੰਗਲਾਤ ਵਿਭਾਗ ਵਲੋਂ ਬੂਟੇ ਮੁਫਤ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਪੰਜਾਬ ਨੂੰ ਮੁੜ ਤੋਂ ਹਰਿਆ-ਭਰਿਆ ਅਤੇ ਖੁਸ਼ਹਾਲ ਸੂਬਾ ਬਣਾਇਆ ਜਾ ਸਕੇ| ਉਹਨਾਂ ਦੱਸਿਆ ਕਿ ਐਸ.ਏ.ਐਸ ਨਗਰ ਹਰਿਆਲੀ ਮਿਸ਼ਨ ਤਹਿਤ ਜ਼ਿਲ੍ਹੇ ਵਿੱਚ ਤਿੰਨ ਸਾਲ ਦੌਰਾਨ 1 ਕਰੋੜ ਬੂਟੇ ਲਾਏ ਜਾਣੇ ਹਨ ਤੇ ਹੁਣ ਤੱਕ 10 ਲੱਖ ਬੂਟੇ ਲਾਏ ਜਾ ਚੁੱਕੇ ਹਨ| ਇਸ ਮੌਕੇ ਸਕੂਲ ਦੇ ਡਾਇਰੈਕਟਰ ਸ. ਟੀ.ਪੀ.ਐਸ ਵੜੈਚ, ਵਣ ਮੰਡਲ ਅਫਸਰ ਗੁਰਅਮਨਪ੍ਰੀਤ ਸਿੰਘ, ਰਾਜਾ ਕੰਵਰਜੋਤ ਸਿੰਘ ਸਮੇਤ ਵੱਡੀ ਗਿਣਤੀ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ|

Leave a Reply

Your email address will not be published. Required fields are marked *