ਬਲਬੀਰ ਸਿੰਘ ਸਿੱਧੂ ਨੇ ਪਿੰਡ ਸਨੇਟਾ ਵਿਚ ਮੁਸਲਿਮ ਭਾਈਚਾਰੇ ਲਈ ਧਰਮਸ਼ਾਲਾ ਦਾ ਨੀਂਹ ਪੱਥਰ ਰਖਿਆ
ਐਸ਼ਏ 26 ਦਸੰਬਰ (ਸ਼ਬ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਪਿੰਡ ਸਨੇਟਾ ਵਿਚ ਮੁਸਲਿਮ ਭਾਈਚਾਰੇ ਲਈ ਉਸਾਰੀ ਜਾਣ ਵਾਲੀ ਧਰਮਸ਼ਾਲਾ ਦਾ ਨੀਂਹ ਪੱਥਰ ਰਖਿਆ। ਇਸ ਸਬੰਧੀ ਹੋਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ 350 ਲਾਭਪਾਤਰੀਆਂ ਨੂੰ ‘ਸਮਾਰਟ ਰਾਸ਼ਨ ਕਾਰਡ’ ਵੀ ਵੰਡੇ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਰਾਜ ਵਿਚ ਸੂਬੇ ਦਾ ਹਰ ਵਰਗ ਖ਼ੁਸ਼ ਹੈ ਕਿਉਂਕਿ ਸਰਕਾਰ ਸੂੁਬੇ ਦੇ ਹਰ ਵਰਗ ਦਾ ਬਰਾਬਰ ਖ਼ਿਆਲ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ ਵੱਖ ਵਰਗਾਂ ਦੀ ਭਲਾਈ ਲਈ ਜਿਥੇ ਕਈ ਯੋਜਨਾਵਾਂ ਸਫਲਤਾਪੂਰਵਕ ਚਲਾਈਆਂ ਜਾ ਰਹੀਆਂ ਹਨ, ਉਥੇ ਵੱਖ-ਵੱਖ ਉਸਾਰੀ ਕਾਰਜਾਂ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।
ਉਨ੍ਹਾਂ ਦਸਿਆ ਕਿ ਇਸ ਪਿੰਡ ਵਿਚ ਵੱਖ ਵੱਖ ਵਿਕਾਸ ਕਾਰਜਾਂ ਲਈ ਹੁਣ ਤੱਕ ਲਗਭਗ ਸਵਾ ਕਰੋੜ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਜਾ ਚੁੱਕੀਆਂ ਹਨ ਜਿਨ੍ਹਾਂ ਵਿਚ ਮੁੱਖ ਤੌਰ ਤੇ ਪਾਣੀ ਦੀ ਟੈਂਕੀ ਲਈ 28 ਲੱਖ ਰੁਪਏ, ਪੰਚਾਇਤ ਘਰ ਲਈ 25 ਲੱਖ ਰੁਪਏ, ਕਮਿਊਨਿਟੀ ਸੈਂਟਰ ਲਈ 16 ਲੱਖ ਰੁਪਏ, ਗਲੀਆਂ-ਨਾਲੀਆਂ ਦੇ ਨਵੀਨੀਕਰਨ ਲਈ 14 ਲੱਖ ਰੁਪਏ, ਸਕੂਲ ਵਾਸਤੇ 8 ਲੱਖ ਰੁਪਏ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਸ ਧਰਮਸ਼ਾਲਾ ਵਾਸਤੇ 5 ਲੱਖ ਰੁਪਏ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਹਲਕੇ ਵਿਚ ਵਿਕਾਸ ਕਾਰਜ ਜੰਗੀ ਪੱਧਰ ਤੇ ਜਾਰੀ ਹਨ ਅਤੇ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੀਆਂ ਮਾਰਕੀਟਾਂ ਦਾ ਕਾਇਆਕਲਪ ਕੀਤਾ ਜਾ ਰਿਹਾ ਹੈ ਤਾਂ ਕਿ ਬਾਜ਼ਾਰਾਂ ਵਿਚ ਆਉਣ-ਜਾਣ ਵਾਲੇ ਲੋਕਾਂ ਨੂੰ ਸੁੱਖ-ਸਹੂਲਤਾਂ ਮਿਲ ਸਕਣ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਚੌਧਰੀ ਰਿਸ਼ੀਪਾਲ ਸਾਬਕਾ ਸਰਪੰਚ ਸਨੇਟਾ, ਗੁਰਧਿਆਨ ਸਿੰਘ ਦੁਰਾਲੀ, ਰੌਸ਼ਨ ਖ਼ਾਨ ਅਹਿਲਕਾਰ, ਚੌਧਰੀ ਹਰਨੇਕ ਸਿੰਘ ਨੇਕੀ, ਬੰਤ ਸਿੰਘ, ਅੰਗਰੇਜ਼ ਸਿੰਘ, ਸਤਪਾਲ ਸਿੰਘ, ਬਹਾਦਰ ਸਿੰਘ, ਵਿਨੋਦ ਕੁਮਾਰ (ਸਾਰੇ ਪੰਚ) ਤੋਂ ਇਲਾਵਾ ਹੋਰ ਪਤਵੰਤੇ ਅਤੇ ਪਿੰਡ ਵਾਸੀ ਮੌਜੂਦ ਸਨ।