ਬਸਪਾ ਪ੍ਰਧਾਨ ਵਲੋਂ ਆਲ ਪਾਰਟੀ ਮੀਟਿੰਗ ਦੇ ਸਾਂਝੇ ਮਤੇ ਵਿੱਚ ਮਜ਼ਦੂਰ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਾਗੂ ਕਰਨ ਦੀ ਮੰਗ
ਚੰਡੀਗੜ੍ਹ, 2 ਫਰਵਰੀ (ਸ.ਬ.) ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਅੱਜ ਕਿਸਾਨ ਸੰਘਰਸ਼ ਬਾਰੇ ਪੰਜਾਬ ਦੇ ਮੁੱਖ ਮੰਤਰੀ ਵਲੋਂ ਸੱਦੀ ਗਈ ਆਲ ਪਾਰਟੀ ਮੀਟਿੰਗ ਦੌਰਾਨ ਮੰਗ ਕੀਤੀ ਕਿ ਮੀਟਿੰਗ ਦੇ ਸਾਂਝੇ ਮਤੇ ਵਿੱਚ ਮਜ਼ਦੂਰ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਾਗੂ ਕਰਨ ਦਾ ਮੁੱਦਾ ਵੀ ਜੋੜਿਆਂ ਜਾਣਾ ਚਾਹੀਦਾ ਹੈ।
ਇੱਥੇ ਜਾਰੀ ਬਿਆਨ ਵਿੱਚ ਸz. ਜਸਵੀਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੇ ਅੰਦੋਲਨ ਨੂੰ ਬਸਪਾ ਦਾ ਪੂਰਾ ਸਮਰਥਨ ਹੈ ਤੇ ਪਾਰਟੀ ਪੰਜਾਬ ਸਰਕਾਰ ਦੇ ਮਤੇ ਦਾ ਸਮਰਥਨ ਕਰਦੀ ਹੈ। ਉਹਨਾਂ ਕਿਹਾ ਕਿ ਪਿਛਲੀ ਆਲ ਪਾਰਟੀ ਮੀਟਿੰਗ ਵਿੱਚ ਪੰਜਾਬ ਸਰਕਾਰ ਵਲੋਂ ਆਲ ਪਾਰਟੀ ਵਫ਼ਦ ਲੈ ਕੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਦੇ ਫੈਸਲਾ ਕੀਤਾ ਸੀ ਪਰੰਤੂ ਅੱਠ ਮਹੀਨੇ ਬੀਤ ਜਾਣ ਦੇ ਬਾਵਜੂਦ ਸਰਕਾਰ ਨੇ ਡੱਕਾ ਨਹੀਂ ਤੋੜਿਆ।
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਅੱਜ ਦੇ ਪੰਜਾਬ ਨੂੰ ਦਲਿਤ ਪੰਜਾਬ ਬਣਾਉਣ ਦੀ ਕੋਸ਼ਿਸ਼ ਵਿਚ ਹੈ। ਉਹਨਾਂ ਮੰਗ ਕੀਤੀ ਕਿ ਕਿਸਾਨ ਸੰਘਰਸ਼ ਦੌਰਾਨ ਡੇਢ ਸੌ ਤੋਂ ਜਿਆਦਾ ਕਿਸਾਨਾਂ ਮਜ਼ਦੂਰਾਂ ਦੀਆਂ ਮੌਤਾਂ ਦੇ ਪੀੜਿਤ ਪਰਿਵਾਰਾਂ ਨੂੰ ਐਕਸਗਰੇਸਿਆ ਗਰਾਂਟ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ।