ਬਾਜਾਰਾਂ ਵਿੱਚ ਮਿਲਾਵਟੀ ਸਮਾਨ ਵੇਚਣ ਵਾਲੇ ਦੁਕਾਨਦਾਰਾਂ ਵਿਰੁੱਧ ਹੋਵੇ ਸਖਤ ਕਾਰਵਾਈ

ਅੱਜ ਕੱਲ ਹਰ ਪਾਸੇ  ਮਿਲਾਵਟੀ ਸਮਾਨ ਦਾ ਧੰਦਾ ਪੂਰੇ ਜੋਰਾਂ ਤੇ ਚਲ ਰਿਹਾ ਹੈ ਅਤੇ ਸਭ ਤੋਂ ਜ਼ਿਆਦਾ ਮਿਲਾਵਟ ਖਾਣ-ਪੀਣ ਵਾਲੀਆਂ ਚੀਜ਼ਾਂ ਵਿੱਚ ਹੀ ਕੀਤੀ ਜਾਂਦੀ ਹੈ| ਹਾਲਾਤ ਇਹ ਹੋ ਗਏ ਹਨ ਕਿ ਬਾਜ਼ਾਰ ਵਿੱਚ ਵਿਕਣ ਵਾਲੀ ਹਰ ਚੀਜ਼ ਵਿਚ ਹੀ ਵੱਡੇ ਪੱਧਰ ਤੇ ਮਿਲਾਵਟ ਦੀਆਂ ਸ਼ਿਕਾਇਤਾਂ ਸਾਮ੍ਹਣੇ ਆਉਂਦੀਆਂ ਹਨ| ਅੱਜ ਕੱਲ ਤਿਉਹਾਰਾਂ ਦਾ ਸੀਜਨ ਆਰੰਭ ਹੋਣ ਜਾ ਰਿਹਾ ਹੈ ਅਤੇ ਅਗਲੇ ਕੁੱਝ ਦਿਨਾਂ ਵਿੱਚ (ਰੱਖੜੀ ਦੇ ਤਿਉਹਾਰ ਦੇ ਨਾਲ ਹੀ) ਇਸਦੀ ਰਸਮੀ ਸ਼ੁਰੂਆਤ ਵੀ ਹੋਣ ਵਾਲੀ ਹੈ| ਇਸ ਦੌਰਾਨ ਜਿੱਥੇ  ਬਾਜਾਰਾਂ ਵਿੱਚ ਹੋਣ ਵਾਲੀ ਵਿਕਰੀ ਵਿੱਚ ਜਿਕਰਯੋਗ ਵਾਧਾ ਹੁੰਦਾ ਹੈ ਉੱਥੇ ਮਿਲਾਵਟੀ ਸਾਮਾਨ ਦੀ ਵਿਕਰੀ ਵੀ ਉਸੇ ਅਨੁਪਾਤ ਵਿੱਚ ਵੱਧ ਜਾਂਦੀ ਹੈ ਅਤੇ ਵਿਕਰੀ ਵਿੱਚ ਹੋਣ ਵਲੇ ਇਸ ਵਾਧੇ ਨਾਲ ਭਾਰੀ ਮੁਨਾਫਾ ਕਮਾਉਣ ਦੀ ਆਸ ਵਿੱਚ ਹਰ ਤਰ੍ਹਾਂ ਦੇ ਸਾਮਾਨ ਵਿੱਚ ਮਿਲਾਵਟ ਕਰਨ ਵਾਲੇ ਵੀ ਕੁੱਝ ਜਿਆਦਾ ਹੀ ਸਰਗਰਮ ਹੋ ਜਾਂਦੇ ਹਨ|
ਇਸ ਦੌਰਾਨ ਸਭ ਤੋਂ ਜਿਆਦਾ ਮਿਲਾਵਟ ਦੁੱਧ ਅਤੇ ਉਸ ਤੋਂ ਬਣਨ ਵਾਲੀਆਂ ਵਸਤੂਆਂ ਵਿੱਚ ਹੀ ਹੁੰਦੀ ਹੈ| ਸਾਡੇ ਦੇਸ਼ ਵਿੱਚ ਵੈਸੇ ਹੀ ਦੁੱਧ ਦੇ ਉਤਪਾਦਨ ਦੇ ਮੁਕਾਬਲੇ ਉਸਦੀ ਮੰਗ ਕਾਫੀ ਜਿਆਦਾ ਹੈ ਅਤੇ ਤਿਉਹਾਰਾਂ ਦੌਰਾਨ (ਜਦੋਂ ਦੁੱਧ ਦੀ ਖਪਤ ਹੋਰ ਵੀ ਵੱਧ ਜਾਂਦੀ ਹੈ) ਉਤਪਾਦਨ ਅਤੇ ਮੰਗ ਵਿਚਲਾ ਇਹ ਪਾੜਾ ਹੋਰ ਵੀ ਵੱਧ ਜਾਂਦਾ ਹੈ| ਇਹਨਾਂ ਦਿਨਾਂ ਦੌਰਾਨ ਦੁੱਧ ਤੋਂ ਬਣਨ ਵਾਲੀਆਂ ਮਿਠਾਈਆਂ ਅਤੇ ਹੋਰ ਪਦਾਰਥ ਬਹੁਤ ਜ਼ਿਆਦਾ ਖਰੀਦੇ ਵੇਚੇ ਜਾਂਦੇ ਹਨ ਅਤੇ ਇਹੀ ਕਾਰਨ ਹੈ ਕਿ ਖਪਤ ਜ਼ਿਆਦਾ ਹੋਣ ਕਾਰਨ ਨਕਲੀ ਦੁੱਧ, ਖੋਆ ਅਤੇ ਪਨੀਰ ਦਾ ਕਾਰੋਬਾਰ ਧੜੱਲੇ ਨਾਲ ਚਲਦਾ ਹੈ|
ਸਾਡੇ ਸੂਬੇ ਹੀ ਨਹੀਂ ਬਲਕਿ ਦੇਸ਼ ਦੇ ਹਰ ਸ਼ਹਿਰ ਵਿਚ ਹੀ ਰੰਗ-ਬਿਰੰਗੀਆਂ ਮਿਠਾਈਆਂ ਅਤੇ ਹੋਰ ਸਾਮਾਨ ਵੇਚਣ ਵਾਲੀਆਂ ਦੁਕਾਨਾਂ ਮੌਜੂਦ ਹਨ ਜਿਹਨਾਂ ਵਲੋਂ ਤਰ੍ਹਾਂ ਤਰ੍ਹਾਂ ਦੀਆਂ ਸਜਾਵਟੀ ਮਿਠਾਈਆਂ ਵੇਚੀਆਂ ਜਾਂਦੀਆਂ ਹਨ| ਇਹਨਾਂ ਮਿਠਾਈਆਂ ਦੀ ਦਿੱਖ ਵਧਾਉਣ ਲਈ ਇਹਨਾਂ ਵਿੱਚ ਕਈ ਤਰ੍ਹਾਂ ਦੇ ਰੰਗਦਾਰ ਪਾਊਡਰ ਵੀ ਪਾਏ ਜਾਂਦੇ ਹਨ ਜੋ ਕਿ ਸਿਹਤ ਲਈ ਹਾਨੀਕਾਰਕ ਹੁੰਦੇ ਹਨ| ਇਸ ਤੋਂ ਇਲਾਵਾ ਮਿਠਾਈਆਂ ਉਪਰ ਲਗਾਇਆ ਗਿਆ ਚਾਂਦੀ ਦਾ ਵਰਕ ਵੀ ਕਈ ਵਾਰ ਨਕਲੀ ਹੁੰਦਾ ਹੈ ਜਿਹੜਾ ਸਿਹਤ ਨੂੰ ਭਾਰੀ ਨੁਕਸਾਨ ਪਹੁੰਚਾਉਂਦਾ ਹੈ|
ਸਿਰਫ ਦੁੱਧ ਅਤੇ ਉਸਤੋਂ ਬਣਨ ਵਾਲੇ ਸਾਮਾਨ ਹੀ ਨਹੀਂ ਬਲਕਿ ਅੱਜ ਕੱਲ ਤਾਂ ਬਾਜਾਰਾਂ ਵਿੱਚ ਵਿਕਦੇ ਹਰ ਤਰ੍ਹਾਂ ਦੇ ਖਾਣ ਪੀਣ ਦੇ ਸਾਮਾਨ ਵਿੱਚ ਮਿਲਾਵਟ ਪਾਈ ਜਾ ਰਹੀ ਹੈ| ਦਾਲਾਂ, ਮਸਾਲਿਆਂ ਵਿਚ ਵੀ ਵੱਡੇ ਪੱਧਰ ਉਪਰ ਮਿਲਾਵਟ ਹੋ ਰਹੀ ਹੈ ਅਤੇ ਬਾਜ਼ਾਰ ਵਿੱਚ ਅੱਜ ਕੱਲ ਕੋਈ ਵੀ ਸ਼ੁੱਧ ਚੀਜ ਮੁਸ਼ਕਿਲ ਨਾਲ ਹੀ ਮਿਲਦੀ ਹੈ| ਵਪਾਰੀ ਅਤੇ ਦੁਕਾਨਦਾਰ ਆਪਣਾ ਮੁਨਾਫਾ ਵਧਾਉਣ ਲਈ ਮਿਲਾਵਟੀ ਸਾਮਾਨ ਵੇਚਦੇ ਹਨ ਅਤੇ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਦੇ ਹਨ ਪਰੰਤੂ ਉਹਨਾਂ ਦੇ ਖਿਲਾਫ ਕਾਰਵਾਈ ਕਰਨ ਵਾਲਾ ਤੰਤਰ ਜਿਵੇਂ ਡੂੰਘੀ ਨੀਂਦ ਸੁੱਤਾ ਰਹਿੰਦਾ ਹੈ| ਆਮ ਲੋਕਾਂ ਨੂੰ ਪਤਾ ਹੀ ਨਹੀਂ ਲੱਗਦਾ ਕਿ ਉਹ ਜਿਹੜੀ ਚੀਜ਼ ਖਾ ਰਹੇ ਹਨ, ਉਹ ਨਾ ਸਿਰਫ ਮਿਲਾਵਟੀ ਹੈ ਬਲਕਿ ਉਹਨਾਂ ਦੀ ਸਿਹਤ ਲਈ ਨੁਕਸਾਨਦੇਹ ਵੀ ਹੈ|
ਬਾਜਾਰਾਂ ਵਿੱਚ ਮਿਲਾਵਟੀ ਸਾਮਾਨ ਦੀ ਖੁੱਲੇਆਮ ਹੁੰਦੀ ਵਿਕਰੀ ਦੀ ਇਸ ਕਾਰਵਾਈ ਤੇ ਕਾਬੂ ਕਰਨ ਲਈ ਜਰੂਰੀ ਹੈ ਕਿ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਦੇਸ਼ ਭਰ ਵਿਚ ਖੁੱਲੇਆਮ ਹੁੰਦੀ ਮਿਲਾਵਟੀ ਅਤੇ ਨਕਲੀ ਸਾਮਾਨ ਦੀ ਵਿਕਰੀ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਅਤੇ ਇਸ ਕਾਲੇ ਕਾਰੋਬਾਰ ਤੇ ਸਖਤੀ ਨਾਲ ਰੋਕ ਲਗਾਈ  ਜਾਵੇ| ਇਸ ਸੰਬੰਧੀ ਆਮ ਲੋਕ ਇਹ ਇਲਜਾਮ ਵੀ ਲਗਾਉਂਦੇ ਹਨ ਕਿ ਇਹ ਕਾਰੋਬਾਰ ਵੱਡੇ ਰਾਜਨੇਤਾਵਾਂ ਅਤੇ ਨੌਕਰਸ਼ਾਹਾਂ ਦੀ ਸਰਪਰਸਤੀ ਵਿੱਚ ਹੀ ਚਲਦਾ ਹੈ ਅਤੇ ਇਸ ਕਾਰੋਬਾਰ ਨਾਲ ਹੋਣ ਵਾਲੀ ਕਮਾਈ ਦਾ ਹਿੱਸਾ ਵੀ ਉੱਪਰ  ਤਕ ਜਾਂਦਾ ਹੈ|
ਖੁੱਲੇਆਮ ਚਲਦੀ ਮਿਲਾਵਟੀ ਸਾਮਾਨ ਦੀ ਵਿਕਰੀ ਦੀ ਇਹ ਕਾਰਵਾਈ ਦੇਸ਼ ਦੇ ਖਜਾਨੇ ਨੂੰ ਵੀ ਖੋਰਾ ਲਗਾਉਂਦੀ ਹੈ ਕਿਉਂਕਿ ਮਿਲਾਵਟੀ ਸਾਮਾਨ ਦਾ ਇਹ ਸਾਰਾ ਕਾਰੋਬਾਰ ਦੋ ਨੰਬਰ ਵਿੱਚ ਹੀ ਹੁੰਦਾ ਹੈ| ਸਰਕਾਰ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਇਸ ਸਾਰੇ ਕੁੱਝ ਤੇ ਕਾਬੂ ਕਰਨ ਲਈ ਸਖਤ ਕਦਮ ਚੁੱਕੇ| ਇਸ ਤਰੀਕੇ ਨਾਲ ਸ਼ਰੇਆਮ ਹੁੰਦੀ ਮਿਲਾਵਟੀ ਅਤੇ ਨਕਲੀ ਸਾਮਾਨ ਦੀ ਵਿਕਰੀ ਸਰਕਾਰ ਦੀ ਕਾਰਗੁਜਾਰੀ ਤੇ ਵੀ ਸਵਾਲੀਆ ਨਿਸ਼ਾਨ ਚੁੱਕਦੀ ਹੈ ਅਤੇ ਸਰਕਾਰ ਨੂੰ ਇਸ ਸੰਬੰਧੀ ਤੁਰੰਤ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਆਮ ਲੋਕਾਂ ਨੂੰ ਇਸ ਤਰੀਕੇ ਨਾਲ ਕੀਤੀ ਜਾਂਦੀ ਇਸ ਲੁੱਟ ਤੋਂ ਬਚਾਇਆ ਜਾ ਸਕੇ|

Leave a Reply

Your email address will not be published. Required fields are marked *