ਬਾਦਲ ਦਸਣ ਕਿ ਉਹਨਾਂ ਨੇ 2015 ਵਿੱਚ ਜਥੇਦਾਰਾਂ ਨੂੰ ਆਪਣੀ ਸਰਕਾਰੀ ਰਿਹਾਇਸ਼ ਉੱਤੇ ਕਿਉਂ ਤਲਬ ਕੀਤਾ ਸੀ: ਤ੍ਰਿਪਤ ਬਾਜਵਾ

ਚੰਡੀਗੜ੍ਹ, 17 ਨਵੰਬਰ (ਸ.ਬ.) ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਸਵਾਲ ਕੀਤਾ ਹੈ ਕਿ ਉਹ ਇਹ ਦੱਸਣ ਕਿ ਸਤੰਬਰ 2015 ਵਿੱਚ ਸੱਚਾ ਸੌਦਾ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਗਈ ਮੁਆਫੀ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਉਸ ਦੇ ਸਹਿਯੋਗੀਆਂ ਨੂੰ ਉਹਨਾਂ ਨੇ ਆਪਣੀ ਸਰਕਾਰੀ ਰਿਹਾਇਸ਼ ਉੱਤੇ ਕਿਸ ਮਕਸਦ ਲਈ ਤਲਬ ਕੀਤਾ ਗਿਆ ਸੀ|
ਇੱਥੇ ਜਾਰੀ ਬਿਆਨ ਵਿੱਚ ਸ਼੍ਰੀ ਬਾਜਵਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਬਿਰਤਾਂਤ ਦੀ ਇਹ ਸਭ ਤੋਂ ਮਹੱਤਵਪੂਰਨ ਕੜੀ ਹੈ| ਉਸ ਸਮੇਂ ਇਹ ਮਾਮਲਾ ਖੂਬ ਚਰਚਾ ਦਾ ਵਿਸ਼ਾ ਬਣਿਆ ਸੀ ਕਿ ਸ਼੍ਰੀ ਬਾਦਲ ਨੇ ਡੇਰਾ ਮੁਖੀ ਨੂੰ ਮੁਆਫੀ ਦਿਵਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਅਤੇ ਬਾਕੀ ਤਖਤਾਂ ਦੇ ਜਥੇਦਾਰਾਂ ਨੂੰ ਆਪਣੀ ਸਰਕਾਰੀ ਰਿਹਾਇਸ਼ ਉੱਤੇ ਤਲਬ ਕੀਤਾ ਸੀ| ਉਹਨਾਂ ਕਿਹਾ ਕਿ ਇਸ ਨਾਜ਼ਕ ਮਾਮਲੇ ਸਬੰਧੀ ਸੱਚਾਈ ਪ੍ਰਕਾਸ਼ ਸਿੰਘ ਬਾਦਲ ਨੂੰ ਖੁਦ ਦਸਣੀ ਚਾਹੀਦੀ ਹੈ| ਸ਼੍ਰੀ ਬਾਦਲ ਪੰਜ ਵਾਰੀ ਸੂਬੇ ਦੇ ਮੁੱਖ ਮੰਤਰੀ ਰਹਿਣ ਦੇ ਨਾਲ ਨਾਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਫਖਰੇ-ਕੌਮ ਦੇ ਖ਼ਿਤਾਬ ਨਾਲ ਵੀ ਸਨਮਾਨੇ ਗਏ ਹਨ ਇਸ ਲਈ ਇਹ ਆਸ ਕੀਤੀ ਜਾਂਦੀ ਹੈ ਕਿ ਉਹ ਇਸ ਮਾਮਲੇ ਬਾਰੇ ਸਚਾਈ ਦਸਣਗੇ|
ਸ਼੍ਰੀ ਬਾਜਵਾ ਨੇ ਕਿਹਾ ਕਿ ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਪਹਿਲੀ ਜੂਨ 2015 ਨੂੰ ਪਿੰਡ ਜਵਾਹਰ ਸਿੰਘ ਵਾਲਾ ਵਿਚੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਲੱਭਣ ਲਈ ਸਰਕਾਰ ਵਲੋਂ ਸਿਰਤੋੜ ਯਤਨ ਕਿਉਂ ਨਹੀਂ ਕੀਤੇ ਗਏ| ਇਸ ਸਰੂਪ ਦੇ ਹੀ ਪੱਤਰੇ ਕੁਝ ਦਿਨਾਂ ਬਾਅਦ ਬਰਗਾੜੀ ਪਿੰਡ ਦੀਆਂ ਗਲੀਆਂ ਵਿੱਚ ਖਿਲਾਰੇ ਗਏ ਸਨ| ਉਹਨਾਂ ਕਿਹਾ ਕਿ ਬਾਦਲ ਸਰਕਾਰ ਨੇ ਇਹਨਾਂ ਘਟਨਾਵਾਂ ਨੂੰ ਜਾਂ ਤਾਂ ਸਾਧਾਰਣ ਜੁਰਮ ਸਮਝ ਕੇ ਇਹਨਾਂ ਵੱਲ਼ ਬਿਲਕੁਲ ਵੀ ਤਵੱਜੋ ਨਹੀਂ ਦਿੱਤੀ ਅਤੇ ਜਾਂ ਫਿਰ ਕਿਸੇ ਖਾਸ ਵਜ੍ਹਾ ਕਰ ਕੇ ਇਹਨਾਂ ਨੂੰ ਜਾਣ ਬੁੱਝ ਕੇ ਅੱਖੋਂ ਪਰੋਖੇ ਕਰੀ ਰੱਖਿਆ|
ਉਹਨਾਂ ਦੋਸ਼ ਲਾਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਚੋਰੀ ਹੋਣ ਦੀ ਘਟਨਾ ਨੂੰ ਗੰਭੀਰਤਾ ਨਾਲ ਨਾ ਲੈਣਾ ਦਰਅਸਲ ਉਸ ਵੱਡੀ ਸਾਜ਼ਿਸ਼ ਦੀ ਹੀ ਕੜੀ ਸੀ ਜਿਸ ਤਹਿਤ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ Tੁਸ ਦੇ ਡਿਪਟੀ ਮੁੱਖ ਮੰਤਰੀ ਰਹੇ ਸੁਖਬੀਰ ਸਿੰਘ ਬਾਦਲ ਵਲੋਂ ਡੇਰਾ ਮੁਖੀ ਨੂੰ ਮੁਆਫੀ ਦੁਆਈ ਗਈ ਸੀ|

Leave a Reply

Your email address will not be published. Required fields are marked *