ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਣਾਇਆ
ਐਸ. ਏ. ਐਸ. ਨਗਰ, 28 ਜਨਵਰੀ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿਰਲੱਥ ਯੋਧੇ ਅਮਰ ਸ਼ਹੀਦ ਜੱਥੇਦਾਰ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਗਰਜਾ ਸਿੰਘ ਜੀ ਮਾਣਕਪੁਰ ਸ਼ਰੀਫ ਵਾਲਿਆਂ ਦੇ ਪੰਥਕ ਢਾਡੀ ਜੱਥੇ ਨੇ ਸੰਗਤਾਂ ਨੂੰ ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਭਾਈ ਸੰਦੀਪ ਸਿੰਘ, ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਬਾਬਾ ਦੀਪ ਸਿੰਘ ਜੀ ਵਲੋ ਸ੍ਰੀ ਦਰਬਾਰ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਮੁਗਲਾਂ ਖਿਲਾਫ ਲੜੀ ਜੰਗ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਭਾਈ ਰਜਿੰਦਰ ਸਿੰਘ ਮੋਹਣੀ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਭਾਈ ਗੁਰਦੀਪ ਸਿੰਘ, ਭਾਈ ਓਂਕਾਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਕੁਲਦੀਪ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ ਭਗੜਾਣੇ ਵਾਲਿਆਂ ਦਾ ਕਵੀਸ਼ਰੀ ਜੱਥਾ, ਮੀਰੀ ਪੀਰੀ ਪੰਥਕ ਢਾਡੀ ਜਥਾ, ਭਾਈ ਗੋਪਾਲ ਸਿੰਘ ਭਾਈ ਗੁਰਵਿੰਦਰ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਨਿਰਵੈਰ ਸਿੰਘ, ਭਾਈ ਬਲਜੀਤ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਗੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ । ਇਸ ਮੌਕੇ ਤੇ ਪ੍ਰਬੰਧਕ ਕਮੇਟੀ ਗੁ: ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਦੱਸਿਆ ਕਿ 11 ਫਰਵਰੀ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਾਦੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।