ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਐਸ. ਏ. ਐਸ. ਨਗਰ, 28 ਜਨਵਰੀ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਅਮਰ ਸ਼ਹੀਦ ਜੱਥੇਦਾਰ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ | ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਧਾਰਮਿਕ ਸਮਾਗਮ ਵਿੱਚ ਬੀਬੀ ਕੁਲਜੀਤ ਕੌਰ ਖਾਲਸਾ ਅਤੇ ਲਲਤੋ ਕਲਾਂ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ‘ਬਚਨ ਕੇ ਬਲੀ ਸਿਰਲੱਥ ਯੋਧੇ ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਜੀ’ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ| ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ| ਭਾਈ ਸੁਰਜੀਤ ਸਿੰਘ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਇਸ ਤੋਂ ਇਲਾਵਾ ਨਿਊ ਚੰਡੀਗੜ੍ਹ ਵਾਲੀਆਂ ਬੀਬੀਆਂ ਦਾ ਢਾਡੀ ਜੱਥਾ, ਭਾਈ ਧਰਮ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਓਂਕਾਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਕੁਲਦੀਪ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਜਸਬੀਰ ਸਿੰਘ ਅਤੇ ਭਾਈ ਬਹਾਦਰ ਸਿੰਘ ਸੇਵਕ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਇਸ ਮੌਕੇ ਤੇ ਹਜ਼ਾਰਾਂ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ| ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ|
ਇਸ ਮੌਕੇ ਤੇ ਪ੍ਰਬੰਧਕ ਕਮੇਟੀ ਗੁ: ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 6 ਫਰਵਰੀ ਨੂੰ ਦਸਵੀਂ ਦਾ ਸ਼ੁਭ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ|

Leave a Reply

Your email address will not be published. Required fields are marked *