ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਐਸ. ਏ. ਐਸ. ਨਗਰ, 15 ਦਸੰਬਰ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਤੀਜੇ ਸਾਹਿਬਜ਼ਾਦੇ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ|
ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਭਗਤ ਸਿੰਘ ਆਜ਼ਾਦ ਅਤੇ ਮੀਆਂਪੁਰ ਵਾਲੀਆਂ ਬੀਬੀਆਂ ਦੇ ਪੰਥਕ ਢਾਡੀ ਜੱਥੇ ਨੇ ਬਾਬਾ ਫਤਹਿ ਸਿੰਘ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਪੂਰਵਕ ਸਰਵਣ ਕਰਾਇਆ| ਭਾਈ ਮਨਜੀਤ ਸਿੰਘ ਧੀਰਜ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਇਸ ਤੋਂ ਇਲਾਵਾ ਬਾਬਾ ਭਾਈ ਬਹਾਦਰ ਸਿੰਘ ਸੇਵਕ, ਭਾਈ ਓਂਕਾਰ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਕਮਲੇਸ਼ਇੰਦਰ ਸਿੰਘ, ਭਾਈ ਕੁਲਤਾਰ ਸਿੰਘ, ਭਾਈ ਨਿਸ਼ਾਨ ਸਿੰਘ ਪਟਿਆਲਾ, ਭਾਈ ਗੁਰਦੀਪ ਸਿੰਘ ਖੰਨਾ,  ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ  ਹਜ਼ੂਰੀ ਜੱਥੇ  ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ , ਭਾਈ ਜਤਿੰਦਰ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਨਿਹਾਲ ਕੀਤਾ| ਮੰਚ ਸੰਚਾਲਕ ਭਾਈ ਧੰਨਾ ਸਿੰਘ  ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਸੰਗਰਾਂਦ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ| ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ|
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 24 ਦਸੰਬਰ ਨੂੰ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਇੱਕ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ|

Leave a Reply

Your email address will not be published. Required fields are marked *