ਬਾਬਾ ਬੰਦਾ ਸਿੰਘ ਬਹਾਦਰ ਦੇ 301ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ

ਐਸ ਏ ਐਸ ਨਗਰ, 26 ਜੂਨ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ 301 ਵਾਂ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਦਿਹਾੜੇ ਦੇ ਸਬੰਧ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਨਾਮ ਸਿੰਘ ਮੋਹੀ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਬਾਬਾ ਬੰਦਾ ਸਿੰਘ ਬਹਾਦਰ ਦਾ ਪੂਰਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਵਿੱਚ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ | ਉਨ੍ਹਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਦੁਆਰਾ ਸਰਹੰਦ ਦੀ ਇੱਟ ਨਾਲ ਇੱਟ ਖੜਕਾ ਕੇ ਸੂਬਾ ਸਰਹੰਦ ਵਜੀਰ ਖਾਨ ਨੂੰ ਮੋਤ ਦੇ ਘਾਟ ਉਤਾਰ ਕੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਦਾ ਬਦਲਾ ਲੈਣ ਅਤੇ ਮੁਗਲ ਰਾਜ ਨੂੰ ਮਾਤ ਦੇਣ ਦਾ ਪ੍ਰਸੰਗ ਸੰਗਤਾਂ ਨੂੰ ਵਿਸਥਾਰ ਵਿੱਚ ਸਰਵਣ ਕਰਾਇਆ| ਉਨ੍ਹਾਂ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਮੁਗਲ ਰਾਜ ਦਾ ਖਾਤਮਾ ਕਰਕੇ ਦੇਸ਼ ਦੀ ਆਜਾਦੀ ਦਾ ਮੁੱਢ ਬੰਨ੍ਹਿਆ ਅਤੇ ਜਬਰ ਜੁਲਮ ਦਾ ਟਾਕਰਾ ਕਰਦੇ ਹੋਏ ਸੰਨ 1716 ਈ: ਵਿੱਚ ਸ਼ਹੀਦੀ ਪ੍ਰਾਪਤ ਕੀਤੀ|
ਭਾਈ ਸਵਿੰਦਰ ਸਿੰਘ ਮੁੰਬਈ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ | ਇਸ ਤੋਂ  ਇਲਾਵਾ ਭਾਈ ਨਿਸ਼ਾਨ ਸਿੰਘ , ਭਾਈ ਗੁਰਦੀਪ ਸਿੰਘ, ਭਾਈ ਗੁਰਬਖਸ਼ ਸਿੰਘ, ਭਾਈ ਧਰਮ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਜੁਝਾਰ ਸਿੰਘ, ਭਾਈ ਸੁਰਜੀਤ ਸਿੰਘ,          ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਬਹਾਦਰ ਸਿੰਘ, ਭਾਈ ਨਿਰਵੈਰ ਸਿੰਘ ਖਾਲਸਾ, ਭਾਈ ਬਲਜੀਤ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ  ਦੇ ਜੱਥਿਆਂ ਤੋੱ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਸੰਦੀਪ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀੱ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ|  ਮੰਚ ਸੰਚਾਲਕ ਦੀ ਸੇਵਾ ਭਾਈ ਧੰਨਾ ਸਿੰਘ ਨੇ ਨਿਭਾਈ| ਇਸ ਮੌਕੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ| ਇਸ ਮੌਕੇ ਗੁਰੂ ਕਾ ਲੰਗਰ ਸੰਗਤਾਂ ਨੂੰ ਸਾਰਾ ਦਿਨ ਅਤੁੱਟ ਵਰਤਾਇਆ ਗਿਆ|

Leave a Reply

Your email address will not be published. Required fields are marked *