ਬਾਬਾ ਹਰਬੰਸ ਸਿੰਘ ਦਾ ਜਨਮ ਦਿਹਾੜਾ ਮਣਾਇਆ

ਐਸ.ਏ.ਐਸ. ਨਗਰ , 1 ਜਨਵਰੀ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਦੇ ਪੁੰਜ, ਸੱਚ ਖੰਡ ਵਾਸੀ ਜਥੇਦਾਰ ਬਾਬਾ ਹਰਬੰਸ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ| ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ |
ਇਸ ਧਾਰਮਿਕ ਸਮਾਗਮ ਵਿੱਚ ਭਾਈ ਬਲਬੀਰ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ, ਜਿਨ੍ਹਾਂ ਦਾ ਜਨਮ 1 ਜਨਵਰੀ 1923 ਅਤੇ ਸੱਚ ਖੰਡ ਗਮਨ 21 ਅਪਰੈਲ 2011 ਵਿੱਚ ਹੋਇਆ, ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਸਹਿਤ ਸੁਣਾਇਆ | ਉਨ੍ਹਾ ਨੇ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਦੇ ਬਿਰਧ ਉਮਰ ਵਿੱਚ ਵੀ ਸੇਵਾ ਦੇ ਜਜਬੇ ਅਤੇ ਪੰਥ ਪ੍ਰਤੀ ਕੀਤੀਆਂ ਅਮੁੱਲੀਆਂ ਕਾਰ ਸੇਵਾਵਾਂ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਜਾਣੂੰ ਕਰਵਾਇਆ| ਭਾਈ ਸਤਿੰਦਰਪਾਲ ਸਿੰਘ ਅਖੰਡ ਕੀਰਤਨੀ ਜਥਾ ਲੁਧਿਆਣੇ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ | ਇਸ ਤੋਂ ਇਲਾਵਾ ਭਾਈ ਗੁਰਦੇਵ ਸਿੰਘ ਹੀਰਾ ਦਾ ਪੰਥਕ ਢਾਡੀ ਜੱਥਾ, ਮੀਰੀ ਪੀਰੀ ਪੰਥਕ ਢਾਡੀ ਜੱਥਾ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਗੁਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਸਰੂਪ ਸਿੰਘ, ਭਾਈ ਮਨਜੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਪ੍ਰਿਤਪਾਲ ਸਿੰਘ, ਭਾਈ ਬਲਜੀਤ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਹਰਬਖਸ਼ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਦੇ ਜੱਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਵੱਲੋਂ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ|

Leave a Reply

Your email address will not be published. Required fields are marked *