ਬਾਬਾ ਹਰਬੰਸ ਸਿੰਘ ਦੀ ਬਰਸੀ ਸਮਾਗਮ ਮੌਕੇ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ

ਐਸ.ਏ.ਐਸ. ਨਗਰ, 23 ਅਪ੍ਰੈਲ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਦੇ ਪੁੰਜ, ਸੱਚ ਖੰਡ ਵਾਸੀ ਜਥੇਦਾਰ ਬਾਬਾ ਹਰਬੰਸ ਸਿੰਘ ਦੀ ਬਰਸੀ ਸਮਾਗਮ ਤੇ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ| ਬਰਸੀ ਸਮਾਗਮ ਦੇ ਸਬੰਧ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ|
ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰਿਤਪਾਲ ਸਿੰਘ ਦੇ ਪੰਥਕ ਜੱਥੇ ਨੇ ਜੱਥੇਦਾਰ ਬਾਬਾ ਹਰਬੰਸ ਸਿੰਘ, ਜਿਨ੍ਹਾਂ ਦਾ ਜਨਮ 1 ਜਨਵਰੀ 1923 ਅਤੇ ਸੱਚ ਖੰਡ ਗਮਨ 23 ਅਪਰੈਲ 2011 ਵਿੱਚ ਹੋਇਆ, ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਸਹਿਤ ਸੁਣਾਇਆ| ਉਨ੍ਹਾ ਨੇ ਜੱਥੇਦਾਰ ਬਾਬਾ ਹਰਬੰਸ ਸਿੰਘ ਦੇ ਬਿਰਧ ਉਮਰ ਵਿੱਚ ਵੀ ਸੇਵਾ ਦੇ ਜਜਬੇ ਅਤੇ ਪੰਥ ਪ੍ਰਤੀ ਕੀਤੀਆਂ ਅਮੁੱਲੀਆਂ ਕਾਰ ਸੇਵਾਵਾਂ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਜਾਣੂੰ ਕਰਵਾਇਆ| ਭਾਈ ਸ਼ੋਕੀਨ ਸਿੰਘ (ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ) ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਜੋੜਨ ਦਾ ਉਪਰਾਲਾ ਕੀਤਾ| ਇਸ ਤੋਂ ਇਲਾਵਾ ਭਾਈ ਗੁਰਦੀਪ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਸਰੂਪ ਸਿੰਘ, ਭਾਈ ਮਨਜੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਸੁਖਦੇਵ ਸਿੰਘ, ਭਾਈ ਬਲਜੀਤ ਸਿੰਘ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਮੀਰੀ ਪੀਰੀ ਢਾਡੀ ਜਥਾ, ਬੀਬੀ ਉਪਿੰਦਰ ਜੀਤ ਕੌਰ, ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਹਰਬਖਸ਼ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਦੇ ਜੱਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਦੀ ਸੇਵਾ ਭਾਈ ਧੰਨਾ ਸਿੰਘ ਨੇ ਨਿਭਾਈ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ|

Leave a Reply

Your email address will not be published. Required fields are marked *