ਬਾਲ ਮਜਦੂਰੀ ਤੇ ਕਾਬੂ ਕਰਨ ਲਈ ਲੋਕਾਂ ਦੀ ਸਰਗਰਮ ਹਿਮਾਇਤ ਜਰੂਰੀ

ਸਾਡੇ ਦੇਸ਼ ਵਿੱਚ ਭਾਵੇਂ ਬਾਲ ਮਜਦੂਰੀ ਤੇ ਰੋਕ ਲਗਾਉਣ ਲਈ ਬਾਕਾਇਦਾ ਕਾਨੂੰਨ ਲਾਗੂ ਹੈ ਜਿਸਦੇ ਤਹਿਤ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਮਜਦੂਰੀ ਦਾ ਕੰਮ ਨਹੀਂ ਲਿਆ ਜਾ ਸਕਦਾ ਅਤੇ ਛੋਟੇ ਬੱਚਿਆਂ ਤੋਂ ਬਾਲ ਮਜਦੂਰੀ ਕਰਵਾਉਣ ਦੀ ਇਹ ਕਾਰਵਾਈ ਇੱਕ ਸਜਾਯੋਗ ਅਪਰਾਧ ਦੇ ਦਾਇਰੇ ਵਿੱਚ ਆਉਂਦੀ ਹੈ| ਪਰੰਤੂ ਅਸੀਂ ਸਾਰੇ ਹੀ ਜਾਣਦੇ ਹਾਂ ਕਿ ਦੇਸ਼ ਭਰ ਵਿੱਚ ਇਸ ਕਾਨੂੰਨ ਦੀ ਵੱਡੇ ਪੱਧਰ ਤੇ ਉਲੰਘਣਾ ਹੁੰਦੀ ਹੈ| ਇਹ ਕਾਨੂੰਨ 13 ਸਾਲ ਪਹਿਲਾਂ (2007 ਵਿੱਚ) ਦੇਸ਼ ਭਰ ਵਿੱਚ ਲਾਗੂ ਕੀਤਾ ਗਿਆ ਸੀ ਪਰੰਤੂ ਇੰਨਾ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਣ ਵੱਖੋ ਵੱਖਰੀਆਂ ਥਾਵਾਂ ਤੇ ਛੋਟੇ ਛੋਟੇ ਬੱਚਿਆਂ ਨੂੰ ਮਜਦੂਰੀ ਕਰਦਿਆਂ ਆਮ ਵੇਖਿਆ ਜਾ ਸਕਦਾ ਹੈ|
ਇਸ ਦੌਰਾਨ ਸਰਕਾਰ ਵਲੋਂ ਭਾਵੇਂ ਸਮੇਂ ਸਮੇਂ ਤੇ ਨਵੀਆਂ ਸਕੀਮਾਂ ਲਿਆਂ ਕੇ ਦਾਅਵਾ ਕੀਤਾ ਜਾਂਦਾ ਰਿਹਾ ਹੈ ਕਿ ਉਸ ਵਲੋਂ ਛੋਟੇ ਬੱਚਿਆਂ ਨੂੰ ਉਹਨਾਂ ਦਾ ਬਣਦਾ ਹੱਕ ਦਿਵਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਅਤੇ ਦੇਸ਼ ਭਰ ਵਿੱਚ ਛੋਟੇ ਬੱਚਿਆਂ ਲਈ ਪੜ੍ਹਣ ਅਤੇ ਖੇਡਣ ਦੀ ਆਜ਼ਾਦੀ ਨੂੰ ਯਕੀਨੀ ਬਣਾਇਆ ਗਿਆ ਹੈ ਪਰੰਤੂ ਅਸਲੀਅਤ ਇਹੀ ਹੈ ਕਿ ਬਾਲ ਮਜਦੂਰੀ ਕਰਨ ਵਾਲੇ ਇਹਨਾਂ ਬੱਚਿਆਂ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ| ਇਸ ਸੰਬੰੰਧੀ ਸਰਕਾਰੀ ਦਾਅਵੇ ਤਾਂ ਬਹੁਤ ਹਨ ਪਰੰਤੂ ਅਸਲੀਅਤ ਵਿੱਚ ਤਾਂ ਜਿਵੇਂ ਇਹਨਾਂ ਬੱਚਿਆਂ ਨੂੰ ਆਪਣੇ ਜਨਮ ਦੀ ਹੀ ਸਜ਼ਾ ਭੁਗਤਣੀ ਪੈਂਦੀ ਹੈ| ਇਸਦਾ ਕਾਰਨ ਇਹ ਵੀ ਹੈ ਕਿ ਸਾਡਾ ਸਮਾਜ ਕਦੇ ਵੀ ਇਸ ਸਮਾਜਿਕ ਬੁਰਾਈ ਨੂੰ ਗੰੰਭੀਰਤਾ ਨਾਲ ਨਹੀਂ ਲੈਂਦਾ ਅਤੇ ਆਪਣੀਆਂ ਅੱਖਾਂ ਦੇ ਸਾਮ੍ਹਣੇ ਛੋਟੇ ਛੋਟੇ ਬੱਚਿਆਂ ਨੂੰ ਮਜਦੂਰੀ ਕਰਦਿਆਂ ਵੇਖ ਕੇ ਵੀ ਸਾਨੂੰ ਇਹਨਾਂ ਬੱਚਿਆਂ ਦੀ ਹਾਲਤ ਤੇ ਤਰਸ ਨਹੀਂ ਆਉਂਦਾ|
ਛੋਟੀ ਉਮਰ ਤੋਂ ਹੀ ਕੰਮ ਕਰਨ ਵਾਲੇ ਇਹਨਾਂ ਮਾਸੂਮਾਂ ਦਾ ਬਚਪਨ ਇਸੇ ਤਰ੍ਹਾਂ ਮਿਹਨਤ ਮਜ਼ਦੂਰੀ ਕਰਦਿਆਂ ਅਤੇ ਆਪਣੇ ਮਾਲਕਾਂ ਦੀਆ ਗਾਲ੍ਹਾਂ ਖਾਂਦਿਆਂ ਬੀਤ ਜਾਂਦਾ ਹੈ ਅਤੇ ਉਹਨਾਂ ਦੇ ਅੱਥਰੂ ਪੂੰਝਣ ਵਾਲਾ ਕੋਈ ਨਹੀਂ ਹੁੰਦਾ| ਇਹ ਛੋਟੇ ਬੱਚੇ ਆਪਣਾ ਪੇਟ ਪਾਲਣ ਲਈ ਹਰ ਤਰ੍ਹਾਂ ਦਾ ਛੋਟਾ ਵੱਡਾ (ਚਾਹ ਦੀਆਂ ਦੁਕਾਨਾਂ, ਢਾਬਿਆਂ, ਆਮ ਦੁਕਾਨਾਂ ਤੋਂ ਲੈ ਕੇ ਘਰਾਂ ਤੱਕ ਵਿੱਚ) ਕੰਮ ਕਰਦੇ ਹਨ| ਬਾਲ ਮਜਦੂਰੀ ਦੇ ਜਾਲ ਵਿੱਚ ਫਸੇ ਇਹਨਾਂ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਸ਼ੋਸ਼ਣ ਕੀਤੇ ਜਾਣ ਦੀਆਂ ਦੀਆਂ ਸ਼ਿਕਾਇਤਾਂ ਅਕਸਰ ਸਾਮ੍ਹਣੇ ਆਉਂਦੀਆਂ ਰਹਿੰਦੀਆਂ ਹਨ ਅਤੇ ਇਹਨਾਂ ਬੱਚਿਆਂ ਨੂੰ  ਸਮੇਂ ਸਮੇਂ ਤੇ ਆਪਣੇ ਮਾਲਕਾਂ ਦੀਆਂ ਗਾਲ੍ਹਾਂ ਅਤੇ ਮਾਰ  ਕੁਟਾਈ ਦਾ ਸ਼ਿਕਾਰ ਵੀ ਹੋਣਾ ਪੈਂਦਾ ਹੈ| ਇਹਨਾਂ ਬਾਲ ਮਜਦੂਰਾਂ ਨੂੰ ਤਾਂ ਇਹ ਅਧਿਕਾਰ ਵੀ ਹਾਸਿਲ ਨਹੀਂ ਹੁੰਦਾ ਕਿ ਉਹ ਆਪਣੀ ਸਖਤ ਮਿਹਨਤ ਨਾਲ ਕਮਾਏ ਗਏ ਇਸ ਪੈਸੇ ਦਾ ਕੋਈ ਆਨੰਦ ਮਾਣ ਸਕਣ| ਇਹ ਵੀ ਇੱਥ ਕੌੜੀ ਸੱਚਾਈ ਹੈ ਕਿ ਇਹਨਾਂ ਬਾਲ ਮਜਦੂਰਾਂ ਵਿੱਚੋਂ ਜਿਆਦਾਤਰ ਦੀ ਇਸ ਹਾਲਤ ਲਈ ਸਭ ਤੋਂ ਵੱਧ ਇਹਨਾਂ ਦੇ ਖੁਦ ਦੇ ਮਾਪੇ ਹੀ ਜਿੰਮੇਵਾਰ ਹੁੰਦੇ ਹਨ ਜਿਹੜੇ ਨਾ ਸਿਰਫ ਆਪਣੇ ਛੋਟੇ ਛੋਟੇ ਬੱਚਿਆਂ ਨੂੰ ਇਸ ਤਰ੍ਹਾਂ ਮਜਦੂਰੀ ਕਰਨ            ਭੇਜਦੇ ਹਨ ਬਲਕਿ ਇਹਨਾਂ ਬੱਚਿਆਂ ਦੀ ਸਖਤ ਮਿਹਨਤ ਨਾਲ ਕਮਾਈ ਜਾਣ ਵਾਲੀ ਰਕਮ ਵੀ ਖੁਦ ਹੀ ਵਸੂਲਦੇ ਹਨ| 
ਇਹਨਾਂ ਬੱਚਿਆਂ ਦੀ ਇਸ ਹਾਲਤ ਲਈ ਅਸੀਂ ਲੋਕ ਵੀ ਪੂਰੀ ਤਰ੍ਹਾਂ ਜਿੰਮੇਵਾਰ ਹਾਂ ਕਿਉਂਕਿ ਅਸੀਂ ਸਾਰੇ ਹੀ ਇਹਨਾਂ ਬੱਚਿਆਂ ਦੀ ਇਸ ਹਾਲਤ ਨੂੰ ਨਾ ਸਿਰਫ ਵੇਖ ਕੇ ਅਣਦੇਖਿਆ ਕਰ ਦਿੰਦੇ ਹਾਂ ਬਲਕਿ ਮੌਕਾ ਆਉਣ ਤੇ ਅਸੀਂ ਖੁਦ ਹੀ ਆਪਣੇ ਘਰੇਲੂ ਕੰਮਾਂ ਲਈ ਅਜਿਹੇ ਕਿਸੇ ਛੋਟੇ ਬੱਚੇ ਤੋਂ ਕੰਮ ਕਰਵਾਉਣ ਲਈ ਤਿਆਰ ਹੋ ਜਾਂਦੇ ਹਾਂ| ਬਾਲ ਮਜਦੂਰੀ ਦੀ ਇਸ ਸਮੱਸਿਆ ਤੇ ਕਾਬੂ ਪਾਉਣਾ ਸਿਰਫ ਸਰਕਾਰ ਦੇ ਵਸ ਵਿੱਚ ਨਹੀਂ ਹੈ ਅਤੇ ਇਸ ਹਾਲਤ ਵਿੱਚ ਸੁਧਾਰ ਤਾਂ ਹੀ ਹੋ ਸਕਦਾ ਹੈ ਜੇਕਰ ਹਰ ਸ਼ਹਿਰੀ ਇਸ ਦੇ ਖਿਲਾਫ ਆਵਾਜ ਬੁਲੰਦ ਕਰੇ ਅਤੇ ਪ੍ਰਸ਼ਾਸ਼ਨ ਅਜਿਹੇ ਵਿਅਕਤੀਆਂ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਮਜਬੂਰ ਹੋ ਜਾਵੇ ਜਿਹੜੇ ਇਹਨਾਂ ਬੱਚਿਆਂ ਦੀ ਇਸ ਤਰਸਯੋਗ ਹਾਲਤ ਲਈ ਸਿੱਧੇ ਰੂਪ ਵਿੱਚ             ਜ਼ਿੰਮੇਵਾਰ ਹਨ|
ਬਾਲ ਮਜਦੂਰੀ ਦੇ ਇਸ ਕੋਹੜ ਦਾ ਖਾਤਮਾ ਕਰਨ ਲਈ ਜਿੱਥੇ ਸਰਕਾਰ ਵਲੋਂ ਇਹਨਾਂ ਦੀ ਭਲਾਈ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਣੇ ਚਾਹੀਦੇ ਹਨ ਉੱਥੇ ਸਮਾਜਸੇਵੀ ਜਥੇਬੰਦੀਆਂ ਨੂੰ ਵੀ ਅਜਿਹੇ ਬੱਚਿਆਂ ਦੀ ਪੜ੍ਹਾਈ ਲਿਖਾਈ ਅਤੇ ਰਹਿਣ-ਸਹਿਣ ਦੀ ਜਿੰਮੇਵਾਰੀ ਉਠਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਜਿਨ੍ਹਾਂ ਨੂੰ ਜਨਮ ਦੇਣ ਵਾਲੇ ਮਾਂ-ਬਾਪ ਆਪਣੀ ਗਰੀਬੀ ਦੇ ਕਾਰਨ ਬੱਚਿਆਂ ਨੂੰ ਬਾਲ ਮਜਦੂਰ ਬਣਾ ਦਿੰਦੇ ਹਨ| ਇਹ ਬੱਚੇ ਹੀ ਆਉਣ ਵਾਲੇ ਕੱਲ ਦਾ ਭਵਿੱਖ ਹਨ ਅਤੇ ਸਮਾਜ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਇਹਨਾਂ ਬੱਚਿਆਂ ਨੂੰ ਸਨਮਾਨਜਨਕ ਜਿੰਦਗੀ ਜੀਣ ਦਾ ਆਧਾਰ ਮੁਹਈਆ ਕਰਵਾਏ ਤਾਂ ਜੋ ਉਹਨਾਂ ਨੂੰ ਬਾਲ ਮਜ਼ਦੂਰੀ ਦੇ ਇਸ ਜਾਲ ਤੋਂ ਬਾਹਰ ਕੱਢਿਆ ਜਾ ਸਕੇ| 

Leave a Reply

Your email address will not be published. Required fields are marked *