ਬਾਲ ਮਜਦੂਰੀ ਦੇ ਕੋਹੜ ਤੇ ਮੁਕੰਮਲ ਰੋਕ ਲਾਉਣ ਲਈ ਸਮਾਜਿਕ ਹਿੱਸੇਦਾਰੀ ਜਰੂਰੀ

ਸਾਡੇ ਦੇਸ਼ ਵਿੱਚ ਭਾਵੇਂ ਬਾਲ ਮਜਦੂਰੀ ਤੇ ਰੋਕ ਲਗਾਉਣ ਲਈ ਬਾਕਾਇਦਾ ਕਾਨੂੰਨ ਲਾਗੂ ਹੈ ਜਿਸਦੇ ਤਹਿਤ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਮਜਦੂਰੀ ਦੇ ਦਾਇਰੇ ਵਿੱਚ ਆਉਣ ਵਾਲਾ ਕੋਈ ਕੰਮ ਨਹੀਂ ਕਰਵਾਇਆ ਜਾ ਸਕਦਾ ਅਤੇ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਜਦੂਰੀ ਕਰਵਾਉਣ ਦੀ ਕਾਰਵਾਈ ਇੱਕ ਸਜਾਯੋਗ ਅਪਰਾਧ ਹੈ, ਪਰੰਤੂ ਅਸੀਂ ਸਾਰੇ ਹੀ ਜਾਣਦੇ ਹਾਂ ਕਿ ਦੇਸ਼ ਭਰ ਵਿੱਚ ਇਸ ਕਾਨੂੰਨ ਦੀ ਵੱਡੇ ਪੱਧਰ ਤੇ ਉਲੰਘਣਾ ਹੁੰਦੀ ਹੈ ਅਤੇ ਛੋਟੇ ਛੋਟੇ ਬੱਚਿਆਂ ਨੂੰ ਵੱਖ ਵੱਖ ਥਾਵਾਂ ਤੇ ਬਾਲ ਮਜਦੂਰੀ ਕਰਦਿਆਂ ਆਮ ਵੇਖਿਆ ਜਾ ਸਕਦਾ ਹੈ|
ਸਰਕਾਰ ਵਲੋਂ ਸਮੇਂ ਸਮੇਂ ਤੇ ਨਵੀਆਂ ਸਕੀਮਾਂ ਲਿਆ ਕੇ ਇਹ ਦਾਅਵੇ ਜਰੂਰ ਕੀਤੇ ਜਾਂਦੇ ਹਨ ਕਿ ਛੋਟੇ ਬੱਚਿਆਂ ਨੂੰ ਉਹਨਾਂ ਦੇ ਬਣਦੇ ਹੱਕ ਦਿਵਾਉਣ ਲਈ ਸਰਕਾਰ ਵਲੋਂ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ ਅਤੇ ਦੇਸ਼ ਭਰ ਵਿੱਚ ਛੋਟੇ ਬੱਚਿਆਂ ਲਈ ਪੜ੍ਹਣ ਅਤੇ ਖੇਡਣ ਦੀ ਆਜ਼ਾਦੀ ਨੂੰ ਯਕੀਨੀ ਬਣਾਇਆ ਗਿਆ ਹੈ ਪਰੰਤੂ ਅਸਲੀਅਤ ਇਹ ਹੈ ਕਿ ਬਾਲ ਮਜਦੂਰੀ ਕਰਨ ਵਾਲੇ ਇਹਨਾਂ ਬੱਚਿਆਂ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ| ਨਾ ਤਾਂ ਉਹ ਪੜ੍ਹਣ ਜਾਂਦੇ ਹਨ ਅਤੇ ਨਾ ਹੀ ਉਹਨਾਂ ਨੂੰ ਖੇਡਣ ਦਾ ਸਮਾਂ ਮਿਲਦਾ ਹੈ| ਇਸ ਸੰਬੰੰਧੀ ਸਰਕਾਰੀ ਦਾਅਵੇ ਤਾਂ ਬਹੁਤ ਹਨ ਪਰੰਤੂ ਅਸਲੀਅਤ ਵਿੱਚ ਤਾਂ ਜਿਵੇਂ ਇਹਨਾਂ ਬੱਚਿਆਂ ਨੂੰ ਆਪਣਾ ਜਨਮ ਲੈਣ ਦੀ ਹੀ ਸਜ਼ਾ ਭੁਗਤਣੀ ਪੈਂਦੀ ਹੈ|
ਇਹ ਛੋਟੇ ਬੱਚੇ ਆਪਣਾ ਪੇਟ ਪਾਲਣ ਲਈ ਹਰ ਤਰ੍ਹਾਂ ਦਾ ਛੋਟਾ ਵੱਡਾ (ਚਾਹ ਦੀਆਂ ਦੁਕਾਨਾਂ, ਢਾਬਿਆਂ, ਆਮ ਦੁਕਾਨਾਂ ਤੋਂ ਲੈ ਕੇ ਘਰਾਂ ਤੱਕ ਵਿੱਚ) ਕੰਮ ਕਰਦੇ ਹਨ| ਬਾਲ ਮਜਦੂਰੀ ਦੇ ਜਾਲ ਵਿੱਚ ਫਸੇ ਇਹਨਾਂ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਸ਼ੋਸ਼ਣ ਕੀਤੇ ਜਾਣ ਦੀਆਂ ਦੀਆਂ ਸ਼ਿਕਾਇਤਾਂ ਅਕਸਰ ਸਾਮ੍ਹਣੇ ਆਉਂਦੀਆਂ ਰਹਿੰਦੀਆਂ ਹਨ ਅਤੇ ਇਹਨਾਂ ਬੱਚਿਆਂ ਨੂੰ ਸਮੇਂ ਸਮੇਂ ਤੇ ਆਪਣੇ ਮਾਲਕਾਂ ਦੀਆਂ ਗਾਲ੍ਹਾਂ ਅਤੇ ਮਾਰ ਕੁੱਟ ਵੀ ਹਸਹਿਣੀ ਪੈਂਦੀ ਹੈ| ਇਹਨਾਂ ਮਾਸੂਮਾਂ ਦਾ ਬਚਪਨ ਇਸੇ ਤਰ੍ਹਾਂ ਮਿਹਨਤ ਮਜ਼ਦੂਰੀ ਕਰਦਿਆਂ ਅਤੇ ਆਪਣੇ ਮਾਲਕਾਂ ਦੀਆ ਗਾਲ੍ਹਾਂ ਖਾਂਦਿਆਂ ਬੀਤ ਜਾਂਦਾ ਹੈ ਅਤੇ ਉਹਨਾਂ ਦੇ ਅੱਥਰੂ ਪੂੰਝਣ ਵਾਲਾ ਵੀ ਕੋਈ ਨਹੀਂ ਹੁੰਦਾ|
ਇਹ ਵੀ ਅਸਲੀਅਤ ਹੈ ਕਿ ਇਹਨਾਂ ਛੋਟੇ ਛੋਟੇ ਬੱਚਿਆਂ ਵਿੱਚੋਂ ਜਿਆਦਾਤਰ ਦੀ ਇਸ ਹਾਲਤ ਲਈ ਸਭ ਤੋਂ ਵੱਧ ਇਹਨਾਂ ਦੇ ਖੁਦ ਦੇ ਮਾਪੇ ਹੀ ਜਿੰਮੇਵਾਰ ਹੁੰਦੇ ਹਨ ਜਿਹਨਾਂ ਵਲੋਂ ਥੋੜ੍ਹੀ ਜਿਹੀ ਕਮਾਈ ਦੇ ਲਾਲਚ ਵਿੱਚ ਆਪਣੇ ਛੋਟੇ ਛੋਟੇ ਬੱਚਿਆਂ ਨੂੰ ਇਸ ਤਰ੍ਹਾਂ ਮਜਦੂਰੀ ਕਰਨ ਲਈ ਭੇਜ ਦਿੱਤਾ ਜਾਂਦਾ ਹੈ| ਇਹਨਾਂ ਬਾਲ ਮਜਦੂਰਾਂ ਨੂੰ ਤਾਂ ਇਹ ਅਧਿਕਾਰ ਵੀ ਹਾਸਿਲ ਨਹੀਂ ਹੁੰਦਾ ਕਿ ਉਹ ਆਪਣੀ ਸਖਤ ਮਿਹਨਤ ਨਾਲ ਇਸ ਕਮਾਏ ਗਏ ਪੈਸੇ ਦਾ ਕੋਈ ਆਨੰਦ ਮਾਣ ਸਕਣ ਅਤੇ ਇਹਨਾਂ ਬੱਚਿਆਂ ਦੀ ਪੂਰੇ ਦਿਨ ਦੀ ਸਖਤ ਮਿਹਨਤ ਨਾਲ ਕਮਾਈ ਜਾਣ ਵਾਲੀ ਰਕਮ ਵੀ ਇਹਨਾਂ ਦੇ ਮਾਂ-ਬਾਪ ਹੀ ਲੈ ਜਾਂਦੇ ਹਨ| ਹੋਰ ਤਾਂ ਹੋਰ ਇਸ ਦੌਰਾਨ ਜ਼ਿਆਦਾ ਕੰਮ ਕਰਨ ਕਾਰਨ ਜੇਕਰ ਬੱਚਾ ਬਿਮਾਰ ਹੋ ਜਾਵੇ ਤਾਂ ਉਸ ਦਾ ਇਲਾਜ ਕਰਵਾਉਣਾ ਤਾਂ ਇੱਕ ਪਾਸੇ ਰਿਹਾ, ਉਸਨੂੰ ਬਿਮਾਰੀ ਦੀ ਹਾਲਤ ਵਿੱਚ ਹੀ ਕੰਮ ਕਰਨ ਵਾਸਤੇ ਇਸ ਤਰ੍ਹਾਂ ਮਜ਼ਬੂਰ ਕੀਤਾ ਜਾਂਦਾ ਹੈ ਜਿਵੇਂ ਉਹ ਕੋਈ ਬੰਧੂਆ ਮਜਦੂਰ ਹੋਵੇ|
ਬਾਲ ਮਜਦੂਰੀ ਦੀ ਸਜਾ ਭੁਗਤਦੇ ਇਹਨਾਂ ਛੋਟੇ ਛੋਟੇ ਬੱਚਿਆਂ ਦੀ ਇਸ ਹਾਲਤ ਲਈ ਅਸੀਂ ਸਾਰੇ ਲੋਕ ਅਤੇ ਸਾਡਾ ਸਮਾਜ ਵੀ ਪੂਰੀ ਤਰ੍ਹਾਂ ਜਿੰਮੇਵਾਰ ਹੈ ਕਿਉਂਕਿ ਅਸੀਂ ਸਾਰੇ ਹੀ ਬੱਚਿਆਂ ਦੀ ਇਸ ਹਾਲਤ ਨੂੰ ਵੇਖ ਕੇ ਵੀ ਅਣਦੇਖਿਆ ਕਰ ਦਿੰਦੇ ਹਾਂ| ਜਾਹਿਰ ਤੌਰ ਤੇ ਇਸ ਸਮੱਸਿਆ ਤੇ ਕਾਬੂ ਪਾਉਣਾ ਸਿਰਫ ਸਰਕਾਰ ਦੇ ਵਸ ਵਿੱਚ ਨਹੀਂ ਹੈ ਅਤੇ ਇਸ ਹਾਲਤ ਵਿੱਚ ਤਾਂ ਹੀ ਸੁਧਾਰ ਹੋ ਸਕਦਾ ਹੈ                ਜੇਕਰ ਹਰ ਸ਼ਹਿਰੀ ਬਾਲ ਮਜਦੂਰੀ ਦੀ ਇਸ ਕੁਰੀਤੀ ਦੇ ਖਿਲਾਫ ਇਸ ਕਦਰ ਆਵਾਜ ਬੁਲੰਦ ਕਰੇ ਕਿ ਪ੍ਰਸ਼ਾਸ਼ਨ ਅਜਿਹੇ ਵਿਅਕਤੀਆਂ ਦੇ ਖਿਲਾਫ ਬਣਦੀ ਕਾਰਵਾਈ ਕਰਨ ਲਈ ਮਜਬੂਰ ਹੋ ਜਾਵੇ ਜਿਹੜੇ ਇਹਨਾਂ ਬੱਚਿਆਂ ਦੀ ਇਸ ਹਾਲਤ ਲਈ ਸਿੱਧੇ ਰੂਪ ਵਿੱਚ ਜ਼ਿੰਮੇਵਾਰ ਹਨ|
ਬਾਲ ਮਜਦੂਰੀ ਦੇ ਇਸ ਕੋਹੜ ਦਾ ਖਾਤਮਾ ਕਰਨ ਲਈ ਜਿੱਥੇ ਸਰਕਾਰ ਵਲੋਂ ਇਹਨਾਂ ਦੀ ਭਲਾਈ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਂਦੇ ਹਨ ਉੱਥੇ ਸਮਾਜਸੇਵੀ ਜਥੇਬੰਦੀਆਂ ਨੂੰ ਵੀ ਅਜਿਹੇ  ਬੱਚਿਆਂ ਦੀ ਪੜ੍ਹਾਈ ਲਿਖਾਈ ਅਤੇ ਰਹਿਣ-ਸਹਿਣ ਦੀ ਜਿੰਮੇਵਾਰੀ ਲੈਣ ਲਈ ਅੱਗੇ ਆਉਣਾ ਚਾਹੀਦਾ ਹੈ ਜਿਨ੍ਹਾਂ ਨੂੰ ਜਨਮ ਦੇਣ ਵਾਲੇ ਮਾਂ-ਬਾਪ ਆਪਣੀ ਗਰੀਬੀ ਦੇ ਕਾਰਨ ਬੱਚਿਆਂ ਨੂੰ ਬਾਲ ਮਜਦੂਰ ਬਣਾ ਦਿੰਦੇ ਹਨ| ਸਾਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਇਹ ਬੱਚੇ ਹੀ ਆਉਣ ਵਾਲੇ ਕੱਲ ਦਾ ਭਵਿੱਖ ਹਨ ਅਤੇ ਸਾਡੀ ਸਾਰਿਆਂ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਇਹਨਾਂ ਬੱਚਿਆਂ ਨੂੰ ਸਨਮਾਨਜਨਕ ਜਿੰਦਗੀ ਦਾ ਆਧਾਰ ਮੁਹਈਆ ਕਰਵਾਈਏ ਤਾਂ ਜੋ ਉਹ ਇਸ ਬਾਲ ਮਜਦੂਰੀ ਦੇ ਕੋਹੜ ਤੋਂ ਛੁਟਕਾਰਾ ਪਾ ਸਕਣ|

Leave a Reply

Your email address will not be published. Required fields are marked *