ਬੀਬੀ ਭਾਨੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ

ਐਸ. ਏ. ਐਸ. ਨਗਰ, 7 ਫਰਵਰੀ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖ ਕੌਮ ਦੀ ਸਤਿਕਾਰਤ ਹਸਤੀ ਬੀਬੀ ਭਾਨੀ ਜੀ ਦਾ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ| ਇਸ ਸਬੰਧ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰਿਤਪਾਲ ਸਿੰਘ ਦੇ ਪੰਥਕ ਜੱਥੇ ਨੇ ਗੁਰੂ ਸਪੁੱਤਰੀ, ਗੁਰੂ ਮਹਿਲ, ਗੁਰੂ ਮਾਤਾ, ਗੁਰੂ ਦਾਦੀ ਬੀਬੀ ਭਾਨੀ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਸਹਿਤ ਸੁਣਾਇਆ| ਉਨ੍ਹਾਂ ਇਹ ਵੀ ਦੱਸਿਆ ਕਿ ਬੀਬੀ ਭਾਨੀ ਜੀ ਨੂੰ ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਜੀ ਦੀ ਸਪੁੱਤਰੀ, ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਜੀ ਦੇ ਮਹਿਲ, ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਮਾਤਾ ਅਤੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਦਾਦੀ ਜੀ ਹੋਣ ਦਾ ਮਾਣ ਪ੍ਰਾਪਤ ਹੈ|
ਭਾਈ ਓਂਕਾਰ ਸਿੰਘ ਦੇ ਕੀਰਤਨੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਇਸ ਤੋਂ ਇਲਾਵਾ ਭਾਈ ਨਿਸ਼ਾਨ ਸਿੰਘ, ਭਾਈ ਬਹਾਦਰ ਸਿੰਘ ਸੇਵਕ, ਭਾਈ ਧਰਮ ਸਿੰਘ , ਬੀਬੀ ਜਤਿੰਦਰ ਕੌਰ, ਬੀਬੀ ਅਰਸ਼ਦੀਪ ਕੌਰ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਰਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥੇ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਇਸ ਸਬੰਧ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋੱ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ|  ਇਸ ਮੌਕੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ| ਗੁਰੂ ਦਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ|

Leave a Reply

Your email address will not be published. Required fields are marked *