ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਦਾ ਵਫ਼ਦ ਮੁੱਖ ਮੰਤਰੀ ਦੇ ਓ.ਐਸ.ਡੀ. ਕੈਪਟਨ ਸੰਦੀਪ ਸੰਧੂ ਨੂੰ ਮਿਲਿਆ


ਚੰਡੀਗੜ੍ਹ, 23 ਦਸੰਬਰ (ਸ.ਬ.) ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਦੇ ਵਫਦ ਵਲੋਂ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਨਾਲ ਮੀਟਿੰਗ ਕੀਤੀ ਗਈ। ਬੇਰੁਜਗਾਰ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਕੈਪਟਨ ਸੰਦੀਪ ਸੰਧੂ ਨਾਲ ਮੀਟਿੰਗ ਹੋਈ ਜਿਨ੍ਹਾਂ ਨੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਧਿਆਨ ਨਾਲ ਸੁਣੀਆਂ ਤੇ ਸਾਰੀਆਂ ਮੰਗਾਂ ਤੇ ਵਿਚਾਰ ਚਰਚਾ ਕਰਨ ਉਪਰੰਤ ਭਰੋਸਾ ਦਿੱਤਾ ਕਿ ਇਹਨਾਂ ਮੰਗਾਂ ਤੇ ਵਿਚਾਰ ਕਰਨ ਲਈ ਭਲਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਮੀਟਿੰਗ ਕਰਵਾਈ ਜਾਵੇਗੀ।
ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਜਰਨੈਲ ਨਾਗਰਾ, ਨਿਰਮਲ ਜ਼ੀਰਾ, ਗੁਰਪ੍ਰੀਤ ਗੁਰਾਇਆ ਹਰਬੰਸ, ਸੁਖਚੈਨ ਪਟਿਆਲਾ ਨੇ ਦੱਸਿਆ ਕਿ ਬੇਰੁਜਗਾਰ ਅਧਿਆਪਕਾਂ ਵਲੋਂ 19 ਦਸੰਬਰ ਨੂੰ ਮੋਤੀ ਮਹਿਲ ਦਾ ਘਿਰਾਓ ਕੀਤਾ ਗਿਆ ਸੀ ਜਿਸ ਦੌਰਾਨ ਪੰਜਾਬ ਪੁਲੀਸ ਵੱਲੋਂ ਬੇਰੁਜ਼ਗਾਰਾਂ ਉੱਪਰ ਤਸ਼ੱਦਦ ਢਾਹਿਆ ਗਿਆ, ਜਿਸਤੋਂ ਬਾਅਦ ਬੇਰੁਜ਼ਗਾਰ ਅਧਿਆਪਕ ਵਾਈ.ਪੀ.ਐਸ. ਚੌਕ ਤੇ ਹੀ ਬੈਠ ਗਏ ਸਨ। ਉਹਨਾਂ ਦੱਸਿਆ ਕਿ ਰਾਤ ਨੂੰ ਸੌਣ ਲਈ ਬਿਸਤਰੇ ਲੈ ਕੇ ਆ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਪ੍ਰਸ਼ਾਸਨ ਵੱਲੋਂ ਰਾਹ ਵਿੱਚ ਹੀ ਰੋਕ ਲਿਆ ਗਿਆ ਅਤੇ ਜਦੋਂ ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕ ਫਿਰ ਵੀ ਪਿੱਛੇ ਨਾ ਹਟੇ ਤਾਂ ਉਨ੍ਹਾਂ ਉੱਪਰ ਝੂਠੇ ਪਰਚੇ ਦਰਜ ਕੀਤੇ ਗਏ ਤੇ 20 ਦਸੰਬਰ ਨੂੰ ਉਨ੍ਹਾਂ ਨੂੰ ਜਬਰੀ ਚੁੱਕ ਕੇ ਗਿ੍ਰਫਤਾਰ ਕਰ ਲਿਆ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ. ਕੈਪਟਨ ਸੰਦੀਪ ਸਿੰਘ ਸੰਧੂ ਨਾਲ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਸੀ ਅਤੇ ਅੱਜ ਇਹ ਮੀਟਿੰਗ ਹੋਈ ਹੈ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੀ ਮੰਗਾਂ ਜਲਦੀ ਹੱਲ ਨਹੀਂ ਕਰਦੀ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਤਿੱਖੇ ਸੰਘਰਸ਼ ਕੀਤੇ ਜਾਣਗੇ।

Leave a Reply

Your email address will not be published. Required fields are marked *