ਬੰਗਲਾ ਦੇਸ਼ ਦੇ 20 ਡਿਪਟੀ ਕਮਿਸ਼ਨਰ ਭਲਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜਣਗੇ

ਐਸ.ਏ.ਐਸ ਨਗਰ, 20 ਨਵੰਬਰ (ਸ.ਬ.) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੰਗਲਾ ਦੇਸ ਦੇ 20 ਡਿਪਟੀ ਕਮਿਸ਼ਨਰ ਸਪੈਸ਼ਲ ਟ੍ਰੇਨਿੰਗ ਪ੍ਰੋਗਰਾਮ ਤਹਿਤ ਭਲਕੇ 21 ਨਵੰਬਰ ਨੂੰ ਪੁੱਜਣਗੇ ਅਤੇ ਇਸ ਟ੍ਰੇਨਿੰਗ ਪ੍ਰੋਗਰਾਮ ਦੀਆ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ| ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਸਮੂਹ ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਫਰਦ ਕੇਂਦਰ ਅਤੇ ਸੁਵਿਧਾ ਸੈਂਟਰ ਦੀ ਕਾਰਜਪ੍ਰਣਾਲੀ ਦਾ ਵੀ ਜਾਇਜਾ ਲੈਣਗੇ| ਉਨ੍ਹਾਂ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਪੰਜਾਬ ਦਾ ਪਹਿਲਾ ਜ਼ਿਲ੍ਹਾ ਹੋਵੇਗਾ ਜਿੱਥੇ ਕਿ ਬੰਗਲਾ ਦੇਸ ਦੇ 20 ਡਿਪਟੀ ਕਮਿਸ਼ਨਰ ਤਸਰੀਫ ਲਿਆ ਰਹੇ ਹਨ|
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਪ੍ਰੋਗਰਾਮ ਨੂੰ ਨੇਪਰੇ ਚੜਾਉਣ ਲਈ ਵੱਖ ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ| ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾਂ ਬੰਗਲਾ ਦੇਸ ਦੇ ਡਿਪਟੀ ਕਮਿਸ਼ਨਰਾਂ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ| ਇਸ ਤੋਂ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪ੍ਰਸਾਸ਼ਨ ਦੇ ਕੰਮਕਾਜ ਬਾਰੇ ਅਤੇ ਜ਼ਿਲ੍ਹਾ ਮੈਜਿਸਟਰੇਟ, ਵਧੀਕ ਡਿਪਟੀ ਕਮਿਸ਼ਨਰ, ਐਸ.ਡੀ.ਐਮ. ਅਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਦੇ ਕੰਮਕਾਜ ਬਾਰੇ ਵਿਸੇਸ਼ ਜਾਣਕਾਰੀ ਦਿੱਤੀ ਜਾਵੇਗੀ| ਇਸ ਸਮੇਂ ਦੌਰਾਨ ਬੰਗਲਾ ਦੇਸ ਦੇ ਡਿਪਟੀ ਕਮਿਸ਼ਨਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਜਾਣਗੇ| ਇਸ ਤੋਂ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਸਰਕਾਰ ਦੇ ਨਾਲ ਨਾਲ ਕੇਂਦਰੀ ਪ੍ਰਯੋਜਿਤ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਵਧੀਕ ਡਿਪਟੀ ਕਮਿਸ਼ਨਰ ਦੇ ਦਫਤਰ, ਤਹਿਸੀਲ ਦਫਤਰ ਦੇ ਕੰਮਕਾਜ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ| ਉਸ ਤੋਂ ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਅਮਨ ਕਾਨੂੰਨ ਦੀ ਵਿਵਸਥਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਫਤਰ ਦੇ ਨਾਲ ਡਿਪਟੀ ਕਮਿਸ਼ਨਰ ਦਫਤਰ ਦੇ ਤਾਲਮੇਲ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ|

Leave a Reply

Your email address will not be published. Required fields are marked *