ਭਗਤ ਧੰਨਾ ਜੱਟ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ

ਐਸ ਏ ਐਸ ਨਗਰ, 20 ਅਪ੍ਰੈਲ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਧੰਨਾ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ| ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਨਾਮ ਸਿੰਘ ਮੋਹੀ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ਼੍ਰੋਮਣੀ ਭਗਤ ਧੰਨਾ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਉਨ੍ਹਾਂ ਦੀ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਢਾਡੀ ਵਾਰਾਂ ਵਿੱਚ ਜਾਣੂੰ ਕਰਵਾਇਆ | ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ | ਇਸ ਤੋਂ ਇਲਾਵਾ ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਸੁਰਜੀਤ ਸਿੰਘ ਦਾ ਕਵੀਸ਼ਰੀ ਜੱਥਾ, ਭਾਈ ਸੰਦੀਪ ਸਿੰਘ ਜੀ ਸ਼੍ਰੋਮਣੀ ਪ੍ਰਚਾਰਕ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ | ਮੰਚ ਸੰਚਾਲਕ ਦੀ ਸੇਵਾ ਨੂੰ ਭਾਈ ਧੰਨਾ ਸਿੰਘ ਨੇ ਬੜੀ ਬਾਖੂਬੀ ਨਾਲ ਨਿਭਾਇਆ| ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ | ਇਸ ਮੌਕੇ ਤੇ ਗੁ: ਸਿੰਘ ਸ਼ਹੀਦਾਂ ਸੋਹਾਣਾ ਦੇ ਮੁੱਖੀ ਭਾਈ ਸੰਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਭਗਤ ਧੰਨਾ ਜੱਟ ਜੀ ਦਾ ਜਨਮ ਦਿਹਾੜਾ ਇਸ ਅਸਥਾਨ ਤੇ ਹਰ ਸਾਲ ਵੱਡੇ ਪੱਧਰ ਤੇ ਬੜੀ ਸ਼ਰਧਾ ਭਾਵਨਾ ਨਾਲ ਅਤੇ ਉਤਸ਼ਾਹ ਪੂਰਵਕ ਮਨਾਇਆ ਜਾਂਦਾ ਹੈ | ਉਨ੍ਹਾਂ ਇਸ ਦੇ ਨਾਲ ਭਗਤ ਧੰਨਾ ਜੀ ਦੇ ਜੀਵਨ ਬ੍ਰਿਤਾਂਤ, ਭਗਤ ਜੀ ਦੁਆਰਾ ਰਚਿਤ ਬਾਣੀ ਅਤੇ ਉਨ੍ਹਾਂ ਦੁਆਰਾ ਪਰਮਾਤਮਾ ਤੋੱ ਆਪਣੀ ਭਗਤੀ ਨਾਲ ਸਾਰੇ ਕੰਮ ਕਰਵਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਦੱਸਿਆ | ਇਸ ਮੌਕੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ | ਮਾਹਿਰ ਡਾਕਟਰਾਂ ਵੱਲੋੱ ਮਰੀਜਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋੱ ਦਿੱਤੀ ਗਈ | ਗੁਰੂ ਕਾ ਲੰਗਰ ਸੰਗਤਾਂ ਨੂੰ ਸਾਰਾ ਦਿਨ ਅਤੁੱਟ ਵਰਤਾਇਆ ਗਿਆ |

Leave a Reply

Your email address will not be published. Required fields are marked *