ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਦਾ ਆਯੋਜਨ

ਐਸ. ਏ. ਐਸ. ਨਗਰ, 20 ਫਰਵਰੀ(ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਕੀਤਾ ਗਿਆ| ਇਸ ਦਿਹਾੜੇ ਦੇ ਸਬੰਧ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਭਗਤ ਰਵਿਦਾਸ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਵਿਸਥਾਰ ਸਹਿਤ ਸੁਣਾਇਆ| ਉਨ੍ਹਾਂ ਇਹ ਵੀ ਦੱਸਿਆ ਕਿ ਭਗਤ ਜੀ ਦੁਆਰਾ ਉਚਾਰਣ ਕੀਤੀ ਗਈ ਬਾਣੀ ਦੇ 16 ਰਾਗਾਂ ਵਿੱਚ 40 ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸੁਸ਼ੋਭਿਤ ਹਨ| ਭਾਈ ਓਂਕਾਰ ਸਿੰਘ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਇਸ ਤੋਂ ਇਲਾਵਾ ਭਾਈ ਭਗੜਾਨੇ ਵਾਲਿਆਂ ਦਾ ਪੰਥਕ ਢਾਡੀ ਜੱਥਾ, ਭਾਈ ਧਰਮ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਕੁੱਲਤਾਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਸ਼ੇਰ ਏ ਪੰਜਾਬ ਢਾਡੀ ਜੱਥਾ, ਭਾਈ ਬਹਾਦਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਪ੍ਰਿਤਪਾਲ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ | ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ|
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 26 ਫਰਵਰੀ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬ•ਜ਼ਾਦੇ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ| ਉਨ੍ਹਾਂ ਦੱਸਿਆ ਕਿ ਇਸ ਦਿਨ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਉੱਚ ਕੋਟੀ ਦੇ ਰਾਗੀ, ਢਾਡੀ, ਕਵੁੰਸ਼ਰ, ਸੰਤ ਵਿਦਵਾਨ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ| ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ|

Leave a Reply

Your email address will not be published. Required fields are marked *