ਭਲਕੇ ਸਮੂਹਿਕ ਛੁੱਟੀ ਤੇ ਜਾਣਗੇ ਮੰਡੀ ਬੋਰਡ ਦੇ ਮੁਲਾਜਮ
ਐਸ ਏ ਐਸ ਨਗਰ, 7 ਦਸੰਬਰ (ਸ.ਬ.) ਪੰਜਾਬ ਮੰਡੀ ਬੋਰਡ ਇੰਪਲਾਈਜ ਯੂਨੀਅਨ ਵਲੋਂ ਭਲਕੇ ਸਮੂਹਿਕ ਛੁੱਟੀ ਕਰਕੇ ਕਿਸਾਨ ਸੰਘਰਸ਼ ਦੀ ਹਿਮਾਇਤ ਕਰਨ ਦਾ ਫੈਸਲਾ ਕੀਤਾ ਗਿਆ ਹੈ| ਇਸ ਸੰਬੰਧੀ ਯੂਨੀਅਨ ਦੇ ਪ੍ਰਧਾਨ ਕੰਵਲਪ੍ਰੀਤ ਸਿੰਘ, ਜਨਰਲ ਸਕੱਤਰ ਜਸਵਿੰਦਰ ਸਿੰਘ ਅਤੇ ਨਰਿੰਦਰ ਸ਼ਰਮਾ ਨੇ ਮੰਡੀ ਬੋਰਡ ਦੇ ਚੇਅਰਮੈਨ ਅਤੇ ਸਕੱਤਰ ਨੂੰ ਪੱਤਰ ਲਿਖ ਕੇ 8 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦੇ ਸਮਰਥਣ ਵਿੱਚ ਸਮੂਹਿਕ ਛੁੱਟੀ ਲੈਣ ਦੀ ਜਾਣਕਾਰੀ ਦਿੱਤੀ ਗਈ ਹੈ|
ਆਗੂਆਂ ਦਾ ਕਹਿਣਾ ਹੈ ਕਿ ਜੇ ਇਹ ਖੇਤੀ ਕਾਨੂੰਨ ਲਾਗੂ ਹੋ ਜਾਂਦੇ ਹਨ ਤਾਂ ਮਾਰਕੀਟ ਕਮੇਟੀ, ਮੰਡੀ ਬੋਰਡ ਪੰਜਾਬ ਅਤੇ ਪੰਜਾਬ ਸਰਕਾਰ ਨੂੰ ਕਰੀਬ 800 ਕਰੋੜ ਰੁਪਏ ਦਾ ਨੁਕਸਾਨ ਹੋਵੇਗਾ| ਉਹਨਾਂ ਕਿਹਾ ਕਿ ਇਸ ਘਾਟੇ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਹੋਰ ਵਧੇਰੇ ਟੈਕਸ ਲਗਾ ਕੇ ਆਮ ਲੋਕਾਂ ਉਪਰ ਕਿਸੇ ਨਾ ਕਿਸੇ ਰੂਪ ਵਿੱਚ ਹੋਰ ਵਿੱਤੀ ਬੋਝ ਪਾ ਦੇਵੇਗੀ|