ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਬਠਿੰਡਾ, 1 ਜੁਲਾਈ (ਸਿਵੀਆਂ) ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਬਲਾਕ ਸੰਗਤ ਵੱਲੋਂ ਸੀਨੀਅਰ ਮੈਡੀਕਲ ਅਫਸਰ ਡਾ. ਸਰਬਜੀਤ ਸਿੰਘ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ| ਇਸ ਮੌਕੇ ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰ ਸ੍ਰੀਮਤੀ ਭੁਪਿੰਦਰ ਕੌਰ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਵਾਰ ਵਾਰ ਡਾਇਰੈਕਟਰ ਸਿਹਤ, ਸਿਹਤ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜੇ ਜਾ ਚੁੱਕੇ ਹਨ ਪ੍ਰੰਤੂ ਸਰਕਾਰ ਵੱਲੋਂ ਸਿਹਤ ਕਾਮਿਆਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਜਥੇਬੰਦੀ ਦੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ|
ਉਨ੍ਹਾਂ ਦੱਸਿਆ ਕਿ ਜਦੋਂ ਪੂਰੀ ਦੁਨੀਆਂ ਨੂੰ ਕੋਰੋਨਾ ਵਰਗੀ ਮਹਾਂਮਾਰੀ ਨੇ ਘੇਰਿਆ ਹੋਇਆ ਹੈ ਉਸ ਸਮੇਂ ਸਿਹਤ ਮੁਲਾਜ਼ਮ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ਸਰਕਾਰ ਉਹਨਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਹੱਲ ਕਰਨ ਤੋਂ ਕੰਨੀ ਕਤਰਾ ਰਹੀ ਹੈ| ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਮਹਿਕਮੇ ਵਿੱਚ ਕੰਮ ਕਰਦੇ ਸਾਰੇ ਕੱਚੇ ਮੁਲਾਜ਼ਮ ਪੱਕੇ ਕਰਨ,            ਨਵੇਂ ਨਿਯੁਕਤ ਵਰਕਰਾਂ ਦਾ ਪ੍ਰੋਵੇਸ਼ਨ ਪੀਰੀਅਡ ਤਿੰਨ ਸਾਲ ਤੋਂ ਘਟਾ ਕੇ ਦੋ ਸਾਲ ਕਰਨ, ਕੋਵਿਡ-19 ਦੌਰਾਨ ਕੰਮ ਕਰਨ ਵਾਲੇ ਸਿਹਤ ਕਰਮਚਾਰੀਆਂ ਅਤੇ ਹੈਲਥ ਸੁਪਰਵਾਈਜ਼ਰ ਮੇਲ ਨੂੰ ਸਪੈਸ਼ਲ ਇੰਕਰੀਮੈਂਟ ਦੇਣ, ਕਾਮਿਆਂ ਦੀਆਂ ਬੀ ਐਲ ਓ ਡਿਊਟੀਆਂ ਰੱਦ ਕਰਨ ਅਤੇ ਸਾਲ 2007 ਵਿੱਚ ਭਰਤੀ ਹੋਏ ਹੈਲਥ ਵਰਕਰ ਮੇਲ (ਜੋ ਸੀ.ਪੀ.ਐਫ ਤੋਂ ਜੀ. ਪੀ.ਐਫ. ਵਿੱਚ ਆਏ ਹਨ) ਦਾ ਬਕਾਇਆ ਤੁਰੰਤ ਜਾਰੀ ਕਰਨ ਦੀ ਮੰਗ ਸ਼ਾਮਿਲ ਹੈ| 
ਉਨ੍ਹਾਂ ਚਿਤਾਵਨੀ ਦਿੱਤੀ ਕਿ           ਜੇਕਰ ਹਾਲੇ ਵੀ ਮੁਲਾਜਮਾਂ ਦੀਆਂ ਇਹ ਜਾਇਜ਼ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਜਥੇਬੰਦੀ ਅਗਲੇ ਤਿੱਖੇ ਸੰਘਰਸ਼ ਲਈ ਮਜਬੂਰ ਹੋਵੇਗੀ| ਇਸ ਦੌਰਾਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਫਾਰਮਾਸਿਸਟਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਗਈ ਕਿ 1186 ਪੇਂਡੂ ਡਿਸਪੈਂਸਰੀਆਂ ਨੂੰ ਸਿਹਤ ਵਿਭਾਗ ਅਧੀਨ ਲਿਆ ਕੇ ਫਾਰਮਾਸਿਸਟਾਂ ਅਤੇ ਦਰਜਾ ਚਾਰ ਕਰਮਚਾਰੀਆਂ ਦੀਆਂ ਪੋਸਟਾਂ ਪੱਕੀਆਂ ਕੀਤੀਆਂ ਜਾਣ| 
ਇਸ ਮੌਕੇ ਜਥੇਬੰਦੀ ਦੇ ਬਲਾਕ ਪ੍ਰਧਾਨ ਸ੍ਰੀ ਓਮ ਪ੍ਰਕਾਸ਼, ਜਨਰਲ ਸਕੱਤਰ ਪਰਮਿੰਦਰ ਕੌਰ, ਸੁਪਰਵਾਈਜਰ ਸੁਖਰਾਜ ਕੌਰ, ਸ਼ਾਹਬਾਜ ਸਿੰਘ, ਸੁਖਪਾਲ ਸਿੰਘ, ਹਰਜਿੰਦਰ ਸਿੰਘ, ਇਕਬਾਲ ਸਿੰਘ, ਅਵਤਾਰ ਸਿੰਘ, ਚੰਦ ਸਿੰਘ ਅਤੇ ਪਰਮਿੰਦਰ ਸਿੰਘ ਮੌਜੂਦ ਸਨ|

Leave a Reply

Your email address will not be published. Required fields are marked *