ਮਹਾਰਾਜਾ ਰਣਜੀਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ

ਐਸ ਏ ਐਸ ਨਗਰ, 13 ਨਵੰਬਰ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਖਾਲਸਾ ਰਾਜ ਦੀ ਸਥਾਪਨਾ ਕਰਨ ਵਾਲੇ ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ ਉਤਸ਼ਾਹ ਪੂਰਵਕ ਮਨਾਇਆ ਗਿਆ| ਜਨਮ ਦਿਹਾੜੇ ਦੇ ਸਬੰਧ ਵਿੱਚ ਸਵੇਰੇ  ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਪਗੜਾਨੇ ਵਾਲਿਆਂ ਦੇ ਦੇ ਪੰਥਕ ਕਵੀਸ਼ਰੀ ਜੱਥੇ ਨੇ ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੁਆਰਾ ਸਿੱਖਾਂ ਦੀਆਂ ਬਾਰਾਂ ਮਿਸਲਾਂ ਨੂੰ ਇਕੱਠਿਆਂ ਕਰਕੇ ਕਸ਼ਮੀਰ ਤੋਂ ਲੈ ਕੇ ਅਫਗਾਨਿਸਤਾਨ ਤੱਕ ਸਿੱਖ ਰਾਜ ਦਾ ਕੇਸਰੀ ਪਰਚਮ ਲਹਿਰਾਉਣ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ| ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਈ ਗਈ ਸੇਵਾ ਬਾਰੇ ਵੀ ਸੰਗਤਾਂ ਨੂੰ ਜਾਣੂੰ ਕਰਵਾਇਆ|
ਭਾਈ ਓਂਕਾਰ ਸਿੰਘ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਇਸ ਤੋਂ ਇਲਾਵਾ ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਬਹਾਦਰ ਸਿੰਘ ਸੇਵਕ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਨਿਸ਼ਾਨ ਸਿੰਘ ਪਟਿਆਲਾ, ਸ਼ੇਰ ਏ ਪੰਜਾਬ ਕਵਿਸ਼ਰੀ ਜੱਥਾ, ਭਾਈ ਜੁਝਾਰ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਧਰਮ ਸਿੰਘ ਮਾਹੀ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਜਤਿੰਦਰ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰ ਜੱਸ ਸੁਨਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ|
ਇਸ ਮੌਕੇ ਹਰ ਵਿਭਾਗ ਦੇ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦਾ ਮੁਆਇਨਾ ਕੀਤਾ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਰੀ ਦਿੱਤੀ ਗਈ| ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ|

Leave a Reply

Your email address will not be published. Required fields are marked *