ਮਹਿੰਗਾਈ ਤੇ ਕਾਬੂ ਕਰਨ ਲਈ ਖੁਦਰਾ ਵਪਾਰੀਆਂ ਦੀ ਮੁਨਾਫਾਖੋਰੀ ਤੇ ਕਾਬੂ ਕੀਤਾ ਜਾਣਾ ਜਰੂਰੀ

ਮਹਿੰਗਾਈ ਇਸ ਵੇਲੇ ਸਾਡੇ ਦੇਸ਼ ਦੀ ਸਭ ਤੋਂ ਅਹਿਮ ਸਮੱਸਿਆ ਬਣੀ ਹੋਈ ਹੈ ਅਤੇ ਮਹਿੰਗਾਈ ਦੇ ਮੁੱਦੇ ਤੇ ਦੇਸ਼ ਵਾਸੀਆਂ ਦੀਆਂ ਵੋਟਾਂ ਲੈ ਕੇ ਸੱਤਾ ਤੇ ਕਾਬਜ ਹੋਏ ਸ੍ਰੀ ਨਰਿੰਦਰ ਮੋਦੀ ਅਤੇ ਉਹਨਾਂ ਦੀ ਸਰਕਾਰ ਮਹਿੰਗਾਈ ਤੇ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ| ਢਾਈ ਸਾਲ ਪਹਿਲਾਂ ਦੇਸ਼ ਦੀ ਸੱਤਾ ਸੰਭਾਲਣ ਵਾਲੀ ਐਨ ਡੀ ਏ ਸਰਕਾਰ ਵਲੋਂ ਮਹਿੰਗਾਈ ਤੇ ਕਾਬੂ ਕਰਨ ਲਈ ਕਾਰਵਾਈ ਕਰਨ ਦੇ ਲੰਬੇ ਚੌੜੇ ਦਾਅਵੇ ਤਾਂ ਬਹੁਤ ਕੀਤੇ ਜਾਂਦੇ ਰਹੇ ਹਨ ਅਤੇ ਸਰਕਾਰ ਦੇ ਦਾਅਵਿਆਂ ਵਿੱਚ ਮਹਿੰਗਾਈ ਦਾ ਅੰਕੜਾ ਕਾਫੀ ਘੱਟ ਵੀ ਹੋ ਚੁਕਿਆ ਹੈ ਪਰੰਤੂ ਆਮ ਆਦਮੀ ਨੂੰ ਸਰਕਾਰ ਦੇ ਅੰਕੜਿਆਂ ਅਨੁਸਾਰ ਮਹਿੰਗਾਈ ਵਿੱਚ ਹੋਈ ਕਿਸੇ ਤਰ੍ਹਾਂ ਦੀ ਕਟੌਤੀ ਕਿਤੇ ਨਜਰ ਨਹੀਂ ਆਉਂਦੀ ਅਤੇ ਸਰਕਾਰ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਇਹ ਲਗਾਤਾਰ ਵੱਧਦੀ ਹੀ ਜਾ ਰਹੀ ਹੈ|
ਸਰਕਾਰ ਦੇ ਅੰਕੜਿਆਂ ਵਿੱਚ ਭਾਵੇਂ ਮਹਿੰਗਾਈ ਘੱਟ ਗਈ ਹੈ ਪਰੰਤੂ ਅਸਲੀਅਤ ਇਹੀ ਹੈ ਕਿ ਪਿਛਲੇ ਸਮੇਂ ਦੌਰਾਨ ਲੋਕਾਂ ਦੀ ਰੋਜਾਨਾ ਜਰੂਰਤ ਦਾ ਜਿਆਦਾਤਰ ਸਾਮਾਨ ਲਗਾਤਾਰ ਮਹਿੰਗਾ ਅਤੇ ਹੋਰ ਮਹਿੰਗਾ ਹੀ ਹੋਇਆ ਹੈ| ਮਹਿੰਗਾਈ ਤੇ ਕਾਬੂ ਕਰਨ ਵਿੱਚ ਸਰਕਾਰ ਦੀ ਨਾਕਾਮੀ ਦਾ ਇੱਕ ਵੱਡਾ ਕਾਰਨ ਇਹ ਵੀ ਹੈ ਕਿ ਇਸ ਸੰਬੰਧੀ ਸਰਕਾਰ ਵਲੋਂ ਜਿਹੜੀ ਕਾਰਵਾਈ ਕੀਤੀ ਜਾਂਦੀ ਹੈ ਉਹ ਲੋਕਾਂ ਦੀ ਆਮ ਵਰਤੋਂ ਵਿੱਚ ਆਉਣ ਵਾਲੀਆਂ ਵੱਖ ਵੱਖ ਵਸਤੂਆਂ ਦੀਆਂ ਥੋਕ ਕੀਮਤਾਂ (ਦੇ ਅੰਕੜੇ) ਤਕ ਹੀ ਸੀਮਿਤ ਰਹਿੰਦੀ ਹੈ ਅਤੇ ਸਰਕਾਰ ਵਲੋਂ ਆਮ ਤੌਰ ਤੇ ਖੁਦਰਾ ਬਾਜਾਰ ਵਿੱਚ ਵਿਕਣ ਵਾਲੇ ਸਾਮਾਨ ਦੀ ਕੀਮਤ ਤੈਅ ਕਰਨ ਲਈ ਕੁੱਝ ਵੀ ਨਹੀਂ ਕੀਤਾ ਜਾਂਦਾ ਜਦੋਂਕਿ ਆਮ ਲੋਕਾਂ ਨੇ ਤਾਂ ਖੁਦਰਾ ਬਾਜਾਰ ਤੋਂ ਹੀ ਖਰੀਦਦਾਰੀ ਕਰਨੀ ਹੁੰਦੀ ਹੈ|
ਜਮੀਨੀ ਹਾਲਾਤ ਇਹ ਹਨ ਕਿ ਆਮ ਜਨਤਾ ਨੂੰ ਮਹਿੰਗਾਈ ਦੀ ਭਾਰੀ ਮਾਰ ਝੱਲਣੀ ਪੈ ਰਹੀ ਹੈ ਅਤੇ ਲੋਕਾਂ ਦੀ ਆਮ ਵਰਤੋਂ ਵਿੱਚ ਆਉਣ ਵਾਲਾ ਹਰ ਛੋਟਾ ਵੱਡਾ ਸਾਮਾਨ ਜਿਵੇਂ ਰਾਸ਼ਨ, ਸਬਜੀਆਂ, ਦਵਾਈਆਂ, ਕਪੜੇ, ਮਿਠਾਈਆਂ, ਕਿਤਾਬਾਂ, ਮਕਾਨ ਉਸਾਰੀ ਦਾ ਸਮਾਨ ਅਤੇ ਹੋਰ ਹਰ ਤਰ੍ਹਾਂ ਦੇ ਸਾਮਾਨ ਦੀ ਕੀਮਤ ਲਗਾਤਾਰ ਵੱਧ ਰਹੀ ਹੈ| ਮਹਿੰਗਾਈ ਦਰ ਤੇ ਕਾਬੂ ਕਰਨ ਦੇ ਸਰਕਾਰ ਦੇ ਦਾਅਵਿਆਂ ਦੇ ਬਾਵਜੂਦ ਨਾ ਤਾਂ ਸਬਜੀਆਂ ਅਤੇ ਫਲਾਂ ਦੇ ਦਾਮ ਘੱਟ ਹੋਏ ਹਨ ਅਤੇ ਨਾ ਹੀ ਰਾਸ਼ਨ ਦਾ ਸਾਮਾਨ ਸਸਤਾ ਹੋਇਆ ਹੈ ਜਿਸ ਕਾਰਣ ਆਮ ਆਦਮੀ ਲਈ ਆਪਣਾ ਅਤੇ ਆਪਣੇ ਪਰਿਵਾਰ ਦਾ ਪੇਟ ਭਰਨਾ ਵੀ ਔਖਾ ਹੁੰਦਾ ਜਾ ਰਿਹਾ ਹੈ|
ਕੇਂਦਰ ਸਰਕਾਰ ਇਹ ਦਾਅਵੇ ਕਰਦੀ ਤਾਂ ਦਿਖਦੀ ਹੈ ਕਿ ਦੇਸ਼ ਦੀ ਮਹਿੰਗਾਈ ਦਰ ਦਾ ਅੰਕੜਾ ਆਪਣੇ ਹੁਣ ਤਕ ਦੇ ਸਭ ਤੋਂ ਉੱਚੇ ਪੱਧਰ ਤੋਂ ਕਾਫੀ ਘੱਟ ਹੈ ਪਰੰਤੂ ਮਹਿੰਗਾਈ ਦਰ ਵਿਚਲੀ ਇਹ ਕਟੌਤੀ ਸਿਰਫ ਅਕੰੜਿਆਂ ਤਕ ਹੀ ਸੀਮਿਤ ਹੈ ਜਿਹੜੀ ਹਕੀਕੀ ਰੂਪ ਵਿੱਚ ਕਿਸੇ ਪਾਸੇ ਨਜਰ ਨਹੀਂ ਆਉਂਦੀ| ਜੇਕਰ ਸਰਕਾਰ ਦੇ ਅੰਕੜਿਆਂ ਅਨੁਸਾਰ ਲੋਕਾਂ ਦੀ ਨਿੱਤ ਵਰਤੋਂ ਵਿੱਚ ਆਉਣ ਵਾਲੀਆਂ ਵਸਤੂਆਂ ਦੀ ਥੋਕ ਕੀਮਤ ਵਿੱਚ ਕੁੱਝ ਕਮੀ ਆਉਂਦੀ ਵੀ ਹੈ ਤਾਂ ਵੀ ਪਰਚੂਨ ਦੁਕਾਨਦਾਰਾਂ ਵਲੋਂ ਇਹਨਾਂ ਵਸਤੂਆਂ ਦੇ ਦਾਮ ਨਹੀਂ ਘਟਾਏ ਜਾਂਦੇ ਜਿਸ ਕਾਰਨ ਆਮ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲਦੀ| ਖੁਦਰਾ ਬਾਜਾਰ ਦੇ ਦੁਕਾਨਦਾਰ ਥੋਕ ਬਾਜਾਰ ਵਿੱਚ ਕੀਮਤਾਂ ਘਟਣ ਦੇ ਬਾਵਜੂਦ ਖੁਦਰਾ ਬਾਜਾਰ ਵਿੱਚ ਕੀਮਤਾਂ ਉੱਚੀਆਂ ਹੀ ਰੱਖਦੇ ਹਨ ਅਤੇ ਭਾਰੀ ਮੁਨਾਫੇ ਦੇ ਲਾਲਚ ਵਿੱਚ ਮਹਿੰਗਾਈ ਵਿੱਚ ਵਾਧਾ ਕਰਨ ਵਿੱਚ ਆਪਣਾ ਅਹਿਮ ਯੋਗਦਾਨ ਦਿੰਦੇ ਰਹਿੰਦੇ ਹਨ| ਇਸ ਮੁਨਾਫਾਖੋਰੀ ਵਿੱਚ ਅਜਿਹੀਆਂ ਵੱਡੀਆਂ ਕੰਪਨੀਆਂ ਵੀ ਸ਼ਾਮਿਲ ਹਨ ਜਿਹਨਾਂ ਵਲੋਂ ਆਮ ਲੋਕਾਂ ਦੀ ਲੋੜ ਦਾ ਛੋਟਾ ਵੱਡਾ ਸਾਮਾਨ ਪੈਕ ਕਰਕੇ ਵੇਚਿਆ ਜਾਂਦਾ ਹੈ ਅਤੇ ਥੋਕ ਬਾਜਾਰ ਵਿੱਚ ਕੀਮਤਾਂ ਵਿੱਚ ਆਈ ਕਮੀ ਕਾਰਨ ਇਹਨਾਂ ਕੰਪਨੀਆਂ ਵਲੋਂ ਤਿਆਰ ਕੀਤੇ ਜਾਣ ਵਾਲੇ ਸਾਮਾਨ ਦੀ ਲਾਗਤ ਵੀ ਭਾਵੇਂ ਕਾਫੀ ਘੱਟ ਜਾਂਦੀ ਹੈ ਪਰੰਤੂ ਉਹਨਾਂ ਵਲੋਂ ਸਾਮਾਨ ਦੀ ਕੀਮਤ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਂਦੀ|
ਮਹਿੰਗਾਈ ਤੇ ਕਾਬੂ ਕਰਨ ਲਈ ਜਰੂਰੀ ਹੈ ਕਿ ਸਰਕਾਰ ਖੁਦਰਾ ਵਪਾਰੀਆਂ ਦੀ ਮੁਨਾਫਾਖੋਰੀ ਤੇ ਲਗਾਮ ਲਗਾਏ| ਇਸ ਕਾਰਵਾਈ ਦੇ ਤਹਿਤ ਜਿੱਥੇ ਆਮ ਆਦਮੀ ਨੂੰ ਰਾਹਤ ਦੇਣ ਲਈ ਹਰ ਤਰ੍ਹਾਂ ਦੇ ਸਾਮਾਨ ਦੀਆਂ ਖੁਦਰਾ ਕੀਮਤਾਂ ਤੈਅ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਉੱਥੇ ਪਰਚੂਨ ਦੁਕਾਨਦਾਰਾਂ ਲਈ ਇਹ ਜਰੂਰੀ ਕੀਤਾ ਜਾਣਾ ਚਾਹੀਦਾ ਹੈ ਕਿ ਉਹ ਸਰਕਾਰ ਵਲੋਂ ਤੈਅ ਕੀਤੀਆਂ ਗਈਆਂ ਜਰੂਰੀ ਸਾਮਾਨ ਦੀਆਂ ਦਰਾਂ ਦੀ ਸੂਚੀ ਵਾਲਾ ਬੋਰਡ ਲਗਾ ਕੇ ਰੱਖਣ| ਇਸਦੇ ਨਾਲ ਨਾਲ ਸਰਕਾਰ ਵਲੋਂ ਆਮ ਜਨਤਾ ਨੂੰ ਵਾਜਿਬ ਕੀਮਤ ਤੇ ਜਰੂਰੀ ਵਸਤੂਆਂ ਮੁਹਈਆ ਕਰਵਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ| ਆਮ ਜਨਤਾ ਨੂੰ ਮਹਿੰਗਾਈ ਤੋਂ ਰਾਹਤ ਤਾਂ ਹੀ ਮਿਲੇਗੀ ਜੇਕਰ ਉਸਨੂੰ ਆਪਣੀ ਲੋੜ ਦਾ ਸਾਮਾਨ ਸਸਤੀ ਕੀਮਤ ਤੇ ਮਿਲੇਗਾ ਅਤੇ ਇਸ ਸੰਬੰਧੀ ਸਰਕਾਰ ਵਲੋਂ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ|

Leave a Reply

Your email address will not be published. Required fields are marked *