ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਗੁ: ਸਿੰਘ ਸ਼ਹੀਦਾਂ ਸੋਹਾਣਾ ਤੋਂ ਫਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ


ਐਸ. ਏ. ਐਸ. ਨਗਰ, 28 ਦਸੰਬਰ (ਸ਼ਬ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਨਗਰ ਕੀਰਤਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਫੁੱਲਾਂ ਨਾਲ ਸਜਾਈ ਗਈ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ ਗਿਆ ਸੀ ਅਤੇ ਨਗਰ ਕੀਰਤਨ ਵਿੱਚ ਫੌਜੀ ਬੈਂਡ ਅਤੇ ਹੋਰ ਕਈ ਤਰ੍ਹਾਂ ਦੇ ਬੈਂਡ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਵਾਲੀਆਂ ਧੁੰਨਾਂ ਵਜਾ ਰਹੇ ਸਨ। ਇਸ ਮੌਕੇ ਗੱਤਕਾ ਪਾਰਟੀਆਂ ਵੱਲੋਂ ਗੱਤਕੇ ਦੇ ਜੌਹਰ ਵਿਖਾਏ ਗਏ।
ਇਲਾਕਾ ਵਾਸੀਆਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪੇ ਭੇਂਟ ਕੀਤੇ ਗਏ।
ਇਸ ਦੌਰਾਨ ਰਾਗੀ, ਢਾਡੀ, ਕੀਰਤਨੀ ਜੱਥਿਆਂ ਨੇ ਸਿੱਖ ਇਤਿਹਾਸ ਅਤੇ ਸਾਹਿਬਜਾਦਿਆਂ ਦੀਆਂ ਕੁਰਬਾਨੀਆਂ ਦੇ ਇਤਿਹਾਸ ਦੀਆਂ ਵਾਰਾਂ ਗਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਰਸਤੇ ਵਿੱਚ ਸੰਗਤਾਂ ਵੱਲੋਂ ਬ੍ਰੈੱਡ ਪਕੌੜਿਆਂ, ਬਿਸਕੁੱਟ, ਕੜਾਹਿ ਪ੍ਰਸ਼ਾਦਿ ਦਾ ਅਤੁੱਟ ਲੰਗਰ ਵਰਤਾਇਆ ਗਿਆ। ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮਲੀਨ ਬ੍ਰਹਮਗਿਆਨੀ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ ਹਰ ਸਾਲ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਇਸ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਂਦਾ ਹੈ।

Leave a Reply

Your email address will not be published. Required fields are marked *