ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

ਐਸ. ਏ.ਐਸ. ਨਗਰ, 28 ਦਸੰਬਰ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਗੁ: ਸ੍ਰੀ ਫਤਹਿਗੜ੍ਹ ਸਾਹਿਬ ਤੱਕ ਕੀਤਾ ਗਿਆ | ਇਹ ਵਿਸ਼ਾਲ ਨਗਰ ਕੀਰਤਨ ਸਵੇਰੇ 10:00 ਵਜੇ ਗੁਰਦੁਆਰਾ ਸਾਹਿਬ ਤੋਂ ਅਰੰਭ ਹੋਇਆ| ਨਗਰ ਕੀਰਤਨ ਦੀ ਅਗਵਾਈ 5 ਪਿਆਰੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕਰ ਰਹੇ ਸਨ| ਫੌਜੀ ਬੈਂਡ ਅਤੇ ਹੋਰ ਕਈ ਤਰ੍ਹਾਂ ਦੇ ਬੈਂਡ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਵਾਲੀਆਂ ਧੁੰਨਾਂ ਵਜਾ ਰਹੇ ਸਨ| ਇਸ ਮੌਕੇ ਗੱਤਕਾ ਪਾਰਟੀਆਂ ਵੱਲੋਂ ਗੱਤਕੇ ਦੇ ਜੌਹਰ ਵਿਖਾਏ ਗਏ|  ਇਸ ਦੌਰਾਨ ਰਾਗੀ, ਢਾਡੀ, ਕੀਰਤਨੀ ਜੱਥਿਆਂ ਨੇ ਸਿੱਖ ਇਤਿਹਾਸ ਅਤੇ ਸਾਹਿਬਜਾਦਿਆਂ ਦੀਆਂ ਕੁਰਬਾਨੀਆਂ ਦੇ ਇਤਿਹਾਸ ਦੀਆਂ ਵਾਰਾਂ ਗਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਰਸਤੇ ਵਿੱਚ ਸੰਗਤਾਂ ਵੱਲੋਂ ਬ੍ਰੈੱਡ ਪਕੌੜਿਆਂ, ਬਿਸਕੁੱਟ,  ਕੜਾਹਿ ਪ੍ਰਸ਼ਾਦਿ ਦਾ ਅਤੁੱਟ ਲੰਗਰ ਵਰਤਾਇਆ ਗਿਆ | ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸੰਗਤਾਂ ਨੇ ਸਕੂਟਰਾਂ, ਮੋਟਰ ਸਾਈਕਲਾਂ, ਕਾਰਾਂ, ਜੀਪਾਂ, ਟਰੈਕਟਰਾਂ, ਬੱਸਾਂ ਆਦਿ ਰਾਹੀਂ ਸ਼ਾਮਲ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ  ਭੇਂਟ ਕੀਤੀ|
ਇਸ ਮੌਕੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮਲੀਨ ਬ੍ਰਹਮਗਿਆਨੀ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ ਹਰ ਸਾਲ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਇਸ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਂਦਾ ਹੈ| ਉਨ੍ਹਾਂ ਦੱਸਿਆ ਕਿ ਆਉਣ ਵਾਲੀ ਮਿਤੀ 1 ਜਨਵਰੀ ਕਾਰ ਸੇਵਾ ਦੇ ਪੁੰਜ ਸੱਚਖੰਡ ਵਾਸੀ ਜਥੇਦਾਰ ਬਾਬਾ ਹਰਬੰਸ ਸਿੰਘ ਜੀ ਦਿੱਲੀ ਵਾਲਿਆਂ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ|

Leave a Reply

Your email address will not be published. Required fields are marked *