ਮਾਰਕੀਟਾਂ ਵਿੱਚ ਵਾਹਨਾਂ ਦੀ ਪਾਰਕਿੰਗ ਦੇ ਪ੍ਰਬੰਧ ਵਿੱਚ ਲੋੜੀਂਦਾ ਸੁਧਾਰ ਕਰੇ ਪ੍ਰਸ਼ਾਸਨ

ਪੰਜਾਬ ਸਰਕਾਰ ਦੇ ਦਾਅਵਿਆਂ ਵਿੱਚ ਇੱਕ ਵਿਸ਼ਵ ਪੱਧਰੀ ਅਤੇ ਅਤਿ ਆਧੁਨਿਕ ਸ਼ਹਿਰ ਦਾ ਦਰਜਾ ਪ੍ਰਾਪਤ ਸਾਡੇ ਸ਼ਹਿਰ ਦੀਆਂ ਮਾਰਕੀਟਾਂ ਦੀਆਂ ਪਾਰਕਿੰਗਾਂ ਵਿੱਚ ਵਾਹਨ ਖੜ੍ਹਾਉਣ ਲਈ ਲੋੜੀਂਦੇ ਪ੍ਰਬੰਧ ਨਾ ਹੋਣ ਕਰਨ ਲੋਕਾਂ ਵਲੋਂ ਮਨਮਰਜੀ ਨਾਲ ਆਪਣੇ ਵਾਹਨ ਖੜ੍ਹੇ ਕਰ ਦਿੱਤੇ ਜਾਂਦੇ ਹਨ ਜਿਸ ਕਾਰਨ ਹੋਰਨਾਂ ਲੋਕਾਂ ਨੂੰ ਪਾਰਕਿੰਗ ਵਿੱਚ ਵਾਹਨ ਖੜ੍ਹਾ ਕਰਨ ਲਈ ਲੋੜੀਂਦੀ ਥਾਂ ਨਹੀਂ ਮਿਲਦੀ| ਪ੍ਰਸ਼ਾਸ਼ਨ ਵਲੋਂ ਸ਼ਹਿਰ ਵਿਚਲੀਆਂ ਲਗਭਗ ਸਾਰੀਆਂ ਹੀ ਮਾਰਕੀਟਾਂ ਦੀਆਂ ਪਾਰਕਿੰਗਾਂ ਵਿੱਚ ਵਾਹਨ ਖੜੇ ਕਰਨ ਵਾਸਤੇ ਨਾ ਤਾਂ ਲਾਈਨਾਂ ਲਗਵਾਈਆਂ ਗਈਆਂ ਹਨ ਅਤੇ ਨਾ ਹੀ ਵਾਹਨ ਖੜ੍ਹਾਉਣ ਸੰਬੰਧੀ ਕੋਈ ਹੋਰ ਪ੍ਰਬੰਧ ਕੀਤਾ ਗਿਆ ਹੈ ਜਿਸ ਕਾਰਨ ਵਾਹਨ ਚਾਲਕਾਂ ਦਾ ਜਿੱਥੇ ਦਿਲ ਕਰਦਾ ਹੈ ਆਪਣਾ ਵਾਹਨ ਖੜ੍ਹਾ ਕਰ ਦਿੰਦੇ ਹਨ ਅਤੇ ਬੇਤਰਤੀਬ ਢੰਗ ਨਾਲ ਆਪਣੇ ਵਾਹਨ ਖੜ੍ਹਾਉਣ ਦੀ ਇਸ ਕਾਰਵਾਈ ਕਾਰਨ ਆਮ ਲੋਕਾਂ ਨੂੰ ਵੱਡੀ ਸਮੱਸਿਆ ਪੇਸ਼ ਆਉਂਦੀ ਹੈ| ਅਜਿਹਾ ਆਮ ਵੇਖਣ ਵਿੱਚ ਆਉਂਦਾ ਹੈ ਕਿ ਪਾਰਕਿੰਗ ਵਿੱਚ ਥਾਂ ਨਾ ਮਿਲਣ ਤੇ ਲੋਕ ਕਿਸੇ ਹੋਰ ਵਾਹਨ ਦੇ ਪਿੱਛੇ ਆਪਣਾ ਵਾਹਨ ਖੜ੍ਹਾ ਕਰਕੇ ਆਪਣੇ ਕੰਮ ਤੇ ਚਲੇ ਜਾਂਦੇ ਹਨ| ਅਜਿਹੀ ਹਾਲਤ ਵਿੱਚ ਜਦੋਂ ਪਹਿਲਾਂ ਤੋਂ ਖੜ੍ਹੇ ਵਾਹਨ ਦਾ ਚਾਲਕ ਵਾਪਸ ਜਾਣ ਲਈ ਆਪਣੀ ਗੱਡੀ ਤਕ ਪਹੁੰਚਦਾ ਹੈ ਤਾਂ ਉਸਨੂੰ ਆਪਣਾ ਵਾਹਨ ਬਾਹਰ ਕੱਢਣ ਲਈ ਥਾਂ ਨਹੀਂ ਮਿਲਦੀ ਅਤੇ ਉਸਨੂੰ ਪਰੇਸ਼ਾਨ ਹੋਣਾ ਪੈਂਦਾ ਹੈ| ਇਸ ਤਰੀਕੇ ਨਾਲ ਕੀਤੀ ਜਾਂਦੀ ਬੇਤਰਤੀਬ ਪਾਰਕਿੰਗ ਕਾਰਨ ਕਈ ਵਾਰ ਵਾਹਨ ਚਾਲਕਾਂ ਵਿਚਾਲੇ ਝਗੜੇ ਦੀ ਨੌਬਤ ਤੱਕ ਆ ਜਾਂਦੀ ਹੈ| 
ਜੇਕਰ ਪ੍ਰਸ਼ਾਸ਼ਨ ਦੀ ਗੱਲ ਕੀਤੀ ਜਾਵੇ ਤਾਂ ਨਗਰ ਨਿਗਮ ਵਲੋਂ ਸ਼ਹਿਰ ਦੀਆਂ ਮਾਰਕੀਟਾਂ ਵਿਚਲੀਆਂ ਪਾਰਕਿੰਗਾਂ ਵਿੱਚ ਲੋੜੀਂਦੀਆਂ ਸਹੂਲਤਾਂ ਦੇਣ ਦੇ ਨਾਮ ਉੱਪਰ ਸਿਰਫ ਖਾਨਾਪੂਰਤੀ ਕੀਤੀ ਜਾਂਦੀ ਹੈ ਅਤੇ ਸ਼ਹਿਰ ਦੀਆਂ ਜਿਆਦਾਤਰ ਮਾਰਕੀਟਾਂ ਦੀਆਂ ਪਾਰਕਿੰਗਾਂ ਮਾੜੀ ਹਾਲਤ ਵਿੱਚ ਹਨ ਜਿਹਨਾਂ ਵਿੱਚ ਖੱਡੇ ਪਏ ਹੋਏ ਹਨ| ਇਹਨਾਂ ਪਾਰਕਿੰਗਾਂ ਵਿੱਚ ਵਾਹਨ ਖੜੇ ਕਰਨ ਲਈ ਨਾ ਤਾਂ ਵੱਡੇ ਛੋਟੇ ਵਾਹਨਾਂ ਦੇ ਹਿਸਾਬ ਨਾਲ ਲਾਈਨਾਂ ਲਗਾਈਆਂ ਗਈਆਂ ਹਨ ਅਤੇ ਨਾ ਹੀ ਇਹ ਜਾਣਕਾਰੀ ਦੇਣ ਲਈ ਕੋਈ ਬੋਰਡ ਜਾਂ ਨਿਸ਼ਾਨ ਲਗਾਏ ਗਏ ਹਨ ਜਿਸ ਨਾਲ ਵਾਹਨ ਚਾਲਕਾਂ ਨੂੰ ਪਤਾ ਚਲ ਸਕੇ ਕਿ ਉਹਨਾਂ ਵਲੋਂ ਆਪਣੇ ਵਾਹਨਾਂ (ਦੋ ਪਹੀਆ,ਤਿੰਨ ਪਹੀਆ ਅਤੇ ਚਾਰ ਪਹੀਆ ਵਾਹਨ) ਨੂੰ ਕਿਸ ਤਰਤੀਬ ਨਾਲ ਖੜ੍ਹਾ ਕੀਤਾ ਜਾਣਾ ਹੈ| ਵਾਹਨ ਖੜ੍ਹਾਉਨ ਲਈ ਲਾਈਨਾਂ ਨਾ ਲੱਗੀਆਂ ਹੋਣ ਅਤੇ ਕੋਈ ਨਿਸ਼ਾਨੀ ਨਾ ਹੋਣ ਕਾਰਨ ਆਮ ਵਾਹਨ ਚਾਲਕ ਮਨ ਮਰਜੀ ਨਾਲ ਵਾਹਨ ਖੜੇ ਕਰ ਦਿੰਦੇ ਹਨ, ਜਿਸ ਕਾਰਨ ਇਹਨਾਂ ਪਾਰਕਿੰਗਾਂ ਵਿਚ ਹਰ ਸਮੇਂ ਘੜਮੱਸ ਜਿਹਾ ਪਿਆ ਰਹਿੰਦਾ ਹੈ| ਇਸ ਸੰਬੰਧੀ ਮਾਰਕੀਟਾਂ ਦੇ ਦੁਕਾਨਦਾਰਾਂ ਦੀਆਂ ਜੱਥੇਬੰਦੀਆਂ ਅਤੇ ਸ਼ਹਿਰ ਦੇ ਵਪਾਰੀਆਂ ਦੀ ਨੁਮਾਇੰਦਿਗੀ ਕਰਨ ਵਾਲੇ ਵਪਾਰ ਮੰਡਲ ਵਲੋਂ ਸਮੇਂ ਸਮੇਂ ਤੇ ਨਗਰ ਨਿਗਮ ਤੋਂ ਮੰਗ ਕੀਤੀ ਜਾਂਦੀ ਹੈ ਕਿ ਸ਼ਹਿਰ ਦੀਆਂ ਮਾਰਕੀਟਾਂ ਦੀਆਂ ਪਾਰਕਿੰਗਾਂ ਵਿਚ ਲਾਈਨਾਂ ਅਤੇ ਸਿਗਨਲ ਆਦਿ ਲਗਾਏ ਜਾਣ ਪਰੰਤੂ ਇਸ ਪੱਖੋਂ ਨਗਰ ਨਿਗਮ ਦੀ ਕਾਰਗੁਜਾਰੀ ਸਿਰਫ ਖਾਨਾਪੂਰਤੀ ਕਰਨ ਤੱਕ ਹੀ ਸੀਮਿਤ ਹੈ| 
ਬਾਕੀ ਦੀ ਕਸਰ ਮਾਰਕੀਟਾਂ ਦੀਆਂ ਪਾਰਕਿੰਗਾਂ ਵਿੱਚ ਨਾਜਾਇਜ ਕਬਜੇ ਕਰਕੇ ਖਾਣ ਪੀਣ ਦਾ ਅਤੇ ਹੋਰ ਸਾਮਾਨ ਵੇਚਣ ਵਾਲੇ                    ਰੇਹੜੀ ਫੜੀ ਵਾਲਿਆਂ ਵਲੋਂ ਪੂਰੀ ਕਰ ਦਿੱਤੀ ਜਾਂਦੀ ਹੈ ਜਿਹਨਾਂ ਵਲੋਂ ਕੀਤੇ ਨਾਜਾਇਜ ਕਬਜੇ ਪਾਰਕਿੰਗ ਵਿਵਸਥਾ ਵਿੱਚ ਵੱਡੀ ਰੁਕਾਵਟ ਬਣਦੇ ਹਨ ਪਰੰਤੂ ਨਗਰ ਨਿਗਮ ਵਲੋਂ ਇਸ ਤਰੀਕੇ ਨਾਲ ਨਾਜਾਇਜ ਕਬਜਾ ਕਰਕੇ ਲਗਾਈਆਂ ਜਾਂਦੀਆਂ ਇਹਨਾਂ                                  ਰੇਹੜੀਆਂ ਫੜੀਆਂ ਵਾਲਿਆਂ ਤੇ ਕਾਬੂ ਕਰਨ ਲਈ ਕੁੱਝ ਵੀ ਨਹੀਂ ਕੀਤਾ ਜਾਂਦਾ| ਇਹ ਰੇਹੜੀਆਂ ਫੜੀਆਂ ਵਾਲੇ ਆਪਣੇ ਆਸ ਪਾਸ ਦੀ ਥਾਂ ਤੇ ਲੋਕਾਂ ਦੇ ਬੈਠਣ ਦਾ ਜੁਗਾੜ ਕਰ ਲੈਂਦੇ ਹਨ ਤਾਂ ਜੋ ਉਹਨਾਂ ਕੋਲ ਆਉਣ ਵਾਲੇ ਗ੍ਰਾਹਕ ਉੱਥੇ ਬੈਠ ਸਕਣ ਅਤੇ ਇਸ ਸਾਰੇ ਕੁੱਝ ਕਾਰਨ ਮਾਰਕੀਟਾਂ ਵਿੱਚ ਆਉਣ ਵਾਲ ਲੋਕਾਂ ਨੂੰ ਆਪਣਾ ਵਾਹਨ ਖੜ੍ਹਾਉਣ ਲਈ ਲੋੜੀਂਦੀ ਥਾਂ ਨਹੀਂ ਮਿਲਦੀ ਅਤੇ ਉਹਨਾਂ ਨੂੰ ਆਪਣੇ ਵਾਹਨ ਖੜ੍ਹੇ ਕਰਨ ਲਈ ਪਰੇਸ਼ਾਨ ਹੋਣਾ ਪੈਂਦਾ ਹੈ| 
ਨਗਰ ਨਿਗਮ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਸ਼ਹਿਰ ਦੀਆਂ ਮਾਰਕੀਟਾਂ ਦੀਆਂ ਪਾਰਕਿੰਗਾਂ ਵਿਚ ਵਾਹਨ ਖੜੇ ਕਰਨ ਲਈ ਆ ਰਹੀਆਂ ਦਿਕਤਾਂ ਨੂੰ ਦੂਰ ਕਰਨ ਲਈ ਲੋੜੀਂਦੀ ਕਾਰਵਾਈ ਕਰੇ ਅਤੇ ਇਸ ਵਾਸਤੇ ਇਹਨਾਂ ਪਾਰਕਿੰਗਾਂ ਦੀ ਲੋੜੀਂਦੀ ਮੁਰਮੰਤ ਕਰਕੇ ਉੱਥੇ ਵਾਹਨ ਖੜ੍ਹਾਉਣ ਲਈ ਲਾਈਨਾਂ ਅਤੇ ਹੋਰ ਸਿਗਨਲ ਲਗਾਏ ਜਾਣ ਤਾਂ ਜੋ ਆਮ ਲੋਕਾਂ ਨੂੰ ਇਸ ਸੰਬੰਧੀ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੋਂ ਛੁਟਕਾਰਾ ਮਿਲੇ| 

Leave a Reply

Your email address will not be published. Required fields are marked *