ਮਿਡ-ਡੇਅ-ਮੀਲ ਸਟਾਫ਼ ਨੂੰ ਵੀ ਮਿਲੇਗਾ ਪ੍ਰਸੂਤਾ ਛੁੱਟੀ ਦਾ ਲਾਭ : ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ, 14 ਸਤੰਬਰ (ਸ.ਬ.) ਪੰਜਾਬ ਸਰਕਾਰ ਵਲੋਂ ਮਿਡ-ਡੇਅ-ਮੀਲ ਵਰਕਰਾਂ ਤੇ ਹੋਰ ਸਟਾਫ਼ ਨੂੰ ਵੱਡੀ ਰਾਹਤ ਦਿੰਦਿਆਂ ਇਨ੍ਹਾਂ ਵਰਕਰਾਂ ਨੂੰ  ‘ਮੈਟਰਨਿਟੀ ਬੈਨੀਫ਼ਿਟ ਐਕਟ’ ਤਹਿਤ ਪ੍ਰਸੂਤਾ ਛੁੱਟੀ ਦਾ ਲਾਭ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਿਡ-ਡੇਅ-ਮੀਲ ਪੂਰੀ ਤਰ੍ਹਾਂ ਸਰਕਾਰੀ ਫ਼ੰਡ ਆਧਾਰਤ ਸਕੀਮ ਹੈ ਅਤੇ ਇਸ ਸਕੀਮ ਅਧੀਨ ਸਾਰੀਆਂ ਮਹਿਲਾ ਮੁਲਾਜ਼ਮ ਪ੍ਰਸੂਤਾ ਛੁੱਟੀ ਦਾ ਲਾਭ ਲੈਣ ਦੀਆਂ ਹੱਕਦਾਰ ਹੋਣਗੀਆਂ| 
ਸ੍ਰੀ ਸਿੰਗਲਾ ਨੇ ਕਿਹਾ ਕਿ ਭਾਵੇਂ ਸਰਕਾਰ ਨੇ ਪ੍ਰਵਾਨਗੀ ਦੇ ਦਿੱਤੀ ਹੈ ਪਰ ਲਾਭਪਾਤਰੀ ਮੁਲਾਜ਼ਮਾਂ ਨੂੰ ਇਸ ਸਬੰਧੀ ਕੇਂਦਰ ਜਾਂ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਕੀਤੀਆਂ ਜਾਂਦੀਆਂ ਹਿਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਲਾਜ਼ਮੀ ਕਰਨੀ ਪਵੇਗੀ| ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਅਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ| 
ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਸੁਧਾਰਾਂ ਦੀਆਂ ਇਨ੍ਹਾਂ ਕੋਸ਼ਿਸ਼ਾਂ ਦੇ ਉਸਾਰੂ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਲਈ ਰਜਿਸਟ੍ਰੇਸ਼ਨ 15 ਫ਼ੀਸਦੀ ਵਧੀ ਹੈ| ਉਨ੍ਹਾਂ  ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਫੈਲਾਅ ਦੌਰਾਨ ਸਰਕਾਰੀ ਸਕੂਲ ਅਧਿਆਪਕ ਇੰਟਰਨੈਟ ਦੀ ਮਦਦ ਨਾਲ ਵਿਦਿਆਰਥੀਆਂ ਦੀਆਂ ਬਾਕਾਇਦਾ ਆਨਲਾਈਨ ਕਲਾਸਾਂ ਲੈ ਰਹੇ ਹਨ| ਇਸ ਦੇ ਨਾਲ-ਨਾਲ ਸਕੂਲ ਸਿੱਖਿਆ ਵਿਭਾਗ ਵੱਲੋਂ ਦੂਰਦਰਸ਼ਨ ਸਣੇ ਹੋਰ ਟੀ.ਵੀ. ਚੈਨਲਾਂ ਦੀ ਸਹਾਇਤਾ ਨਾਲ ਕਲਾਸਾਂ ਦਾ ਪ੍ਰਸਾਰਣ ਵੀ ਕੀਤਾ ਜਾ ਰਿਹਾ ਹੈ|

Leave a Reply

Your email address will not be published. Required fields are marked *