ਮੀਰੀ ਪੀਰੀ ਦਿਵਸ ਸ਼ਰਧਾ ਨਾਲ ਮਨਾਇਆ

ਐਸ. ਏ.ਐਸ ਨਗਰ, 11 ਜੁਲਾਈ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੀਰੀ ਪੀਰੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ| ਇਸ ਸਬੰਧ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ|
ਇਸ ਧਾਰਮਿਕ ਸਮਾਗਮ ਵਿੱਚ ਬੀਬੀ ਸੰਦੀਪ ਕੌਰ ਖਾਲਸਾ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਮੀਰੀ ਅਤੇ ਪੀਰੀ ਦੀਆਂ ਦੋ ਕ੍ਰਿਪਾਨਾ ਧਾਰਨ ਕਰਵਾਉਣ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸਰਵਣ ਕਰਾਇਆ| ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ| ਉਨ੍ਹਾਂ ਨੇ ਗੁਰੂ ਸਾਹਿਬ ਵੱਲੋਂ ਮੀਰੀ-ਪੀਰੀ ਕ੍ਰਿਪਾਨਾਂ ਧਾਰਨ ਕਰਨ ਅਤੇ ਜੁਲਮ ਦੇ ਵਿਰੁੱਧ ਜੰਗ ਲੜਨ ਦੇ ਪ੍ਰਸੰਗ ਨੂੰ ਬੜੇ ਹੀ ਭਾਵਪੂਰਨ ਤਰੀਕੇ ਨਾਲ ਸੰਗਤਾਂ ਨੂੰ ਸਰਵਣ ਕਰਾਇਆ|
ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਇਸ ਤੋਂ ਇਲਾਵਾ ਭਾਈ ਅਮਰਜੀਤ ਸਿੰਘ ਖਾਲਸਾ, ਅੰਬਾਲੇ ਵਾਲੀਆਂ ਬੀਬੀਆਂ ਦਾ ਪੰਥਕ ਢਾਡੀ ਜੱਥਾ, ਸ਼੍ਰੋਮਣੀ ਪ੍ਰਚਾਰਕ ਭਾਈ ਮਨਜੀਤ ਸਿੰਘ ਸੋਲਖੀਆਂ ਵਾਲੇ, ਭਾਈ ਧਰਮ ਸਿੰਘ ਮਾਹੀ, ਬੀਬੀ ਰਵਿੰਦਰ ਕੌਰ ਖਾਲਸਾ, ਭਾਈ ਜੁਝਾਰ ਸਿੰਘ, ਭਾਈ ਕੁਲਤਾਰ ਸਿੰਘ, ਭਾਈ ਮਹਿੰਦਰ ਪਾਲ ਸਿੰਘ, ਭਾਈ ਓਂਕਾਰ ਸਿੰਘ, ਭਾਈ ਸੁਖਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਭਾਈ ਧੰਨਾ ਸਿੰਘ ਨੇ ਮੰਚ ਸੰਚਾਲਕ ਦੀ ਸੇਵਾ ਨੂੰ ਬੜੀ ਬਾਖੂਬੀ ਨਾਲ ਨਿਭਾਇਆ| ਦਸਮੀ ਅਤੇ ਇਸ ਦਿਹਾੜੇ ਦੀ ਖੁਸ਼ੀ ਵਿੱਚ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ| ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ|
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 16 ਜੁਲਾਈ ਨੂੰ ਸਿੱਖੀ ਸਿਦਕ ਕੇਸਾਂ ਸੰਗ ਨਿਭਾਉਣ ਵਾਲੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਜਾਵੇਗਾ| ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਸੁਖਵਿੰਦਰ ਸਿੰਘ ਕੁੱਬਾਹੇੜੀ ਵਾਲਿਆਂ ਦਾ ਢਾਡੀ ਜੱਥਾ, ਭਾਈ ਸਵਿੰਦਰ ਸਿੰਘ ਮੁੰਬਈ ਵਾਲੇ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜੱਥਾ, ਭਾਈ ਗੁਰਵਿੰਦਰ ਸਿੰਘ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ| ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ|

Leave a Reply

Your email address will not be published. Required fields are marked *