ਮੀਰੀ ਪੀਰੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ

ਐਸ. ਏ.ਐਸ ਨਗਰ, 23 ਜੁਲਾਈ (ਸ.ਬ.) ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੀਰੀ ਪੀਰੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ| ਇਸ ਦਿਨ ਦੇ ਸਬੰਧ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਪ੍ਰੀਤ ਸਿੰਘ ਦੇ ਪੰਥਕ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਮੀਰੀ ਅਤੇ ਪੀਰੀ ਦੀਆਂ ਦੋ ਕ੍ਰਿਪਾਨਾ ਧਾਰਨ ਕਰਵਾਉਣ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸਰਵਣ ਕਰਾਇਆ| ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ| ਉਨ੍ਹਾਂ ਨੇ ਗੁਰੂ ਸਾਹਿਬ ਵੱਲੋਂ ਮੀਰੀ-ਪੀਰੀ ਕ੍ਰਿਪਾਨਾਂ ਧਾਰਨ ਕਰਨ ਅਤੇ ਜੁਲਮ ਦੇ ਵਿਰੁੱਧ ਜੰਗ ਲੜਨ ਦੇ ਪ੍ਰਸੰਗ ਨੂੰ ਬੜੇ ਹੀ ਭਾਵਪੂਰਨ ਤਰੀਕੇ ਨਾਲ ਸੰਗਤਾਂ ਨੂੰ ਸਰਵਣ ਕਰਾਇਆ| ਭਾਈ ਹਰਨਾਮ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ | ਇਸ ਤੋਂ ਇਲਾਵਾ ਭਾਈ ਜੁਝਾਰ ਸਿੰਘ, ਭਾਈ ਹਰਜਿੰਦਰ ਸਿੰਘ, ਭਾਈ ਕੁਲਤਾਰ ਸਿੰਘ, ਭਾਈ ਧਰਮ ਸਿੰਘ , ਭਾਈ ਲਖਵਿੰਦਰ ਸਿੰਘ ਪਾਰਸ ਦਾ ਢਾਡੀ ਜੱਥਾ, ਭਾਈ ਮਹਿੰਦਰ ਪਾਲ ਸਿੰਘ, ਭਾਈ ਦਵਿੰਦਰ ਸਿੰਘ ਰਾਜਪੁਰੇ ਵਾਲੇ, ਭਾਈ ਓਂਕਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ | ਭਾਈ ਧੰਨਾ ਸਿੰਘ ਨੇ ਮੰਚ ਸੰਚਾਲਕ ਦੀ ਸੇਵਾ ਨਿਭਾਈ| ਦਸਮੀ ਅਤੇ ਇਸ ਦਿਹਾੜੇ ਦੀ ਖੁਸ਼ੀ ਵਿੱਚ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ | ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁ: ਪ੍ਰਬੰਧਕ ਕਮੇਟੀ ਵੱਲੋਂ ਫਰੀ ਦਿੱਤੀ ਗਈ| ਇਸ ਦਿਨ ਕਰਵਾਏ ਗਏ ਵਿਸ਼ਾਲ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛਕ ਦੇ ਗੁਰੂ ਵਾਲੇ ਬਣੇ| ਠੰਢੇ ਮਿੱਠੇ ਜਲ ਦੀ ਛਬੀਲ, ਜਲੇਬੀਆਂ ਅਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ|

Leave a Reply

Your email address will not be published. Required fields are marked *