ਮੁਫਤ ਕਾਨੂੰਨੀ ਸਹਾਇਤਾ ਪ੍ਰਤੀ ਜਾਗਰੂਕ ਕਰਨ ਲਈ ਲੋਕਾਂ ਤੱਕ ਪਹੁੰਚ ਕੀਤੀ ਜਾਵੇਗੀ : ਅਰਚਨਾ ਪੁਰੀ

ਐਸ.ਏ.ਐਸ ਨਗਰ, 9 ਨਵੰਬਰ (ਸ.ਬ.) ਮੁਫਤ ਕਾਨੂੰਨੀ ਸਹਾਇਤਾ ਪ੍ਰਤੀ ਜਾਗਰੂਕ ਕਰਨ ਲਈ ਲੋਕਾਂ ਨਾਲ ਹੇਠਲੇ ਪੱਧਰ ਤੱਕ ਪਹੁੰਚ ਕੀਤੀ ਜਾਵੇਗੀ ਤਾਂ ਜੋ ਇਨਸਾਫ ਸਭਨਾ ਲਈ ਤਹਿਤ ਲੋੜਵੰਦਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਵਾ ਕੇ ਉਨ੍ਹਾਂ ਨੂੰ ਇਨਸਾਫ ਮਿਲ ਸਕੇ| ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੈਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਰਚਨਾ ਪੁਰੀ ਨੇ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨਾਲ ਕੌਮੀ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ|
ਸ੍ਰੀਮਤੀ ਅਰਚਨਾ ਪੁਰੀ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੁਨੈਕਟਿੰਗ ਟੂ ਸਰਵ ਅਧੀਨ  ਜ਼ਿਲ੍ਹੇ ਵਿੱਚ 18 ਨਵੰਬਰ ਤੱਕ ਕਾਨੂੰਨੀ ਸ਼ਾਖਰਤਾ ਮੁਹਿੰਮ ਚਲਾਈ ਜਾਵੇਗੀ ਜਿਸ ਤਹਿਤ ਹਰ ਵਰਗ ਦੇ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੀ ਵਿਧੀ ਸਬੰਧੀ  ਡੋਰ-ਟੂ-ਡੋਰ ਮੁਹਿੰਮ  ਵੀ ਚਲਾਈ ਜਾਵੇਗੀ ਅਤੇ ਰੋਜ਼ਾਨਾ ਵੱਖ ਵੱਖ ਪ੍ਰੋਗਰਾਮ ਉਲੀਕੇ ਗਏ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਵਿਚ ਜਾਗਰੂਕਤਾ ਪੈਦਾ ਕੀਤੀ ਜਾ ਸਕੇ| ਉਨ੍ਹਾਂ ਦੱਸਿਆ ਕਿ ਸਮਾਜ ਦੇ ਅਜੇ ਵੀ ਅਜਿਹੇ ਲੋਕ ਹਨ ਜਿਨ੍ਹਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਹਾਸਿਲ ਨਹੀਂ ਹੈ ਅਤੇ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਸਕਿਆ|  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਜ਼ਿਲ੍ਹੇ ਦੇ ਲੋਕਾਂ ਨੂੰ ਅਥਾਰਟੀ ਵੱਲੌਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਅਤੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕਰੇਗੀ|  ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਰੈਲੀ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਪੁੱਜੇਗੀ| ਜਿੱਥੇ ਕਿ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕੀਤਾ ਜਾਵੇਗਾ|

Leave a Reply

Your email address will not be published. Required fields are marked *