ਮੁਹਾਲੀ ਨੂੰ ਦੇਸ਼ ਦਾ ਨੰਬਰ ਵਨ ਸ਼ਹਿਰ ਬਣਾਇਆ ਜਾਵੇਗਾ : ਪ੍ਰੋ. ਚੰਦੂਮਾਜਰਾ ਸ਼੍ਰੋਮਣੀ ਅਕਾਲੀ ਦਲ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ
ਐਸ ਏ ਐਸ ਨਗਰ, 9 ਫਰਵਰੀ (ਸ.ਬ.) ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਅੱਜ ਨਗਰ ਨਿਗਮ ਚੋਣਾਂ ਲਈ ਅਕਾਲੀ ਦਲ ਦਾ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਵਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਜਿਹੜੇ ਵਾਅਦੇ ਕੀਤੇ ਗਏ ਹਨ ਅਤੇ ਜਿਹੜੇ ਕੰਮ ਕਰਵਾਉਣ ਦਾ ਵਾਅਦਾ ਕੀਤਾ ਗਿਆ ਹੈ, ਉਹਨਾਂ ਕੰਮਾਂ ਨੂੰ ਅਕਾਲੀ ਦਲ ਵਲੋਂ ਜਰੂਰ ਪੂਰਾ ਕਰਵਾਇਆ ਜਾਵੇਗਾ।
ਉਹਨਾਂ ਕਿਹਾ ਕਿ ਮੁਹਾਲੀ ਸ਼ਹਿਰ ਦਾ ਜਿੰਨਾ ਵੀ ਵਿਕਾਸ ਹੋਇਆ ਹੈ, ਉਹ ਸਿਰਫ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਹੋਇਆ ਹੈ, ਜਦੋਂ ਕਿ ਵਿਰੋਧੀ ਪਾਰਟੀਆਂ ਸਿਰਫ ਫੋਕੇ ਵਾਅਦੇ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਵਲੋਂ ਮੁਹਾਲੀ ਨੂੰ ਦੇਸ਼ ਦਾ ਨੰਬਰ ਵਨ ਸ਼ਹਿਰ ਬਣਾਉਣ ਲਈ ਯਤਨ ਕੀਤੇ ਜਾਣਗੇ।
ਇਕ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੋਟਰਾਂ ਵਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਅਤੇ ਨਗਰ ਨਿਗਮ ਮੁਹਾਲੀ ਵਿੱਚ ਅਗਲਾ ਮੇਅਰ ਅਕਾਲੀ ਦਲ ਦਾ ਬਣੇਗਾ। ਜਦੋਂ ਉਹਨਾਂ ਨੂੰ ਪੁਛਿਆ ਗਿਆ ਕਿ ਜੇ ਅਕਾਲੀ ਦਲ ਨੂੰ ਨਿਗਮ ਚੋਣਾਂ ਵਿੱਚ ਲੋੜੀਂਦਾ ਬਹੁਮਤ ਨਾ ਮਿਲਣ ਕਾਰਨ ਅਕਾਲੀ ਦਲ ਦਾ ਮੇਅਰ ਨਾ ਬਣਦਾ ਹੋਇਆ ਤਾਂ ਕੀ ਅਕਾਲੀ ਦਲ ਵਲੋਂ ਆਜਾਦ ਗਰੁੱਪ ਨਾਲ ਕੋਈ ਸਮਝੌਤਾ ਕੀਤਾ ਜਾਵੇਗਾ ਤਾਂ ਇਸ ਦਾ ਉਤਰ ਨਾਂਹ ਵਿਚ ਦਿੰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਆਜਾਦ ਗਰੁਪ ਨਾਲ ਸਮਝੌਤੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਉਹਨਾਂ ਕਿਹਾ ਕਿ ਪੰਜਾਬ, ਪੰਜਾਬੀਅਤ ਅਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਅਤੇ ਸਮੁੱਚੇ ਸ਼ਹਿਰ ਦੇ ਵਿਕਾਸ ਲਈ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਜਿਤਾਉਣਾ ਜਰੂਰੀ ਹੈ।
ਇਸ ਮੌਕੇ ਪ੍ਰੋ. ਚੰਦੂਮਾਜਰਾ ਦੇ ਪੁੱਤਰ ਸਿਮਰਨਜੀਤ ਸਿੰਘ ਚੰਦੂਮਾਜਰਾ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ, ਅਕਾਲੀ ਦਲ ਯੂਥ ਵਿੰਗ ਜਿਲਾ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ,ਅਕਾਲੀ ਦਲ ਬੀ ਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਸੋਹਲ ਅਤੇ ਹੋਰ ਅਕਾਲੀ ਆਗੂ ਮੌਜੂਦ ਸਨ।