ਮੁਹਾਲੀ ਵਿੱਚ ਗੁਟਕਾ ਸਾਹਿਬ ਦੀਆਂ ਮਿਲੀਆਂ ਜਿਲਦਾਂ ਪੰਜਾਬ ਦੇ ਹਾਲਾਤ ਖਰਾਬ ਕਰਨ ਦੀ ਸਾਜਿਸ਼ : ਗਿਆਨੀ ਗੁਰਬਚਨ ਸਿੰਘ

ਮੁਹਾਲੀ ਵਿੱਚ ਗੁਟਕਾ ਸਾਹਿਬ ਦੀਆਂ ਮਿਲੀਆਂ ਜਿਲਦਾਂ ਪੰਜਾਬ ਦੇ ਹਾਲਾਤ ਖਰਾਬ ਕਰਨ ਦੀ ਸਾਜਿਸ਼ : ਗਿਆਨੀ ਗੁਰਬਚਨ ਸਿੰਘ
ਮੁੱਖ ਮੰਤਰੀ ਤੋਂ ਨਿੱਜੀ ਦਖਲ ਦੇ ਕੇ ਕਾਰਵਾਈ ਕਰਨ ਦੀ ਮੰਗ, ਮਾਮਲੇ ਦੀ ਜਾਂਚ ਲਈ ਕਮੇਟੀ ਬਣਾਈ
ਐਸ J ੇਐਸ ਨਗਰ, 16 ਅਕਤੂਬਰ (ਸ.ਬ.) ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਮੁਹਾਲੀ ਵਿੱਚ ਕੁੱਝ ਦਿਨ ਪਹਿਲਾਂ ਮਿਲੀਆਂ ਗੁਟਕਾ ਸਾਹਿਬ ਦੀਆਂ ਅਨੇਕਾਂ ਜਿਲਦਾਂ ਅਸਲ ਵਿੱਚ ਸ਼ਰਾਰਤੀ ਅਨਸਰਾਂ ਵਲੋਂ ਪੰਜਾਬ ਦੇ ਅਮਨ ਨੂੰ ਅੱਗ ਲਾਉਣ ਦੀ ਸਾਜਿਸ਼ ਹਨ ਅਤੇ ਪੁਲੀਸ ਅਤੇ ਪ੍ਰਸ਼ਾਸਨ ਨੂੰ ਇਸ ਘਟਨਾ ਪਿਛੇ ਲੁਕੀ ਸਾਜਿਸ਼ ਦਾ ਡੂੰਘਾਈ ਨਾਲ ਪਤਾ ਲਾਉਣਾ ਚਾਹੀਦਾ ਹੈ| ਉਹਨਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਨਿੱਜੀ ਦਖਲ ਦੇ ਕੇ ਇਸ ਮਾਮਲੇ ਲਈ ਜਿੰਮੇਵਾਰ ਦੋਸ਼ੀਆਂ ਦੀ ਗ੍ਰਿਫਤਾਰੀ ਨੂੰ ਯਕੀਨੀ ਬਣਾਇਆ ਜਾਵੇ|
ਸਕਾਈ ਹਾਕ ਟਾਈਮਜ਼ ਨਾਲ ਫੋਨ ਤੇ ਵਿਸ਼ੇਸ ਗੱਲਬਾਤ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਮੁਹਾਲੀ ਵਿੱਚ ਬੀਤੀ 9 ਅਕਤੂਬਰ ਨੂੰ ਕੁੱਝ ਸ਼ਰਾਰਤੀ ਵਿਅਕਤੀਆਂ ਵਲੋਂ ਗੁਟਕਾ ਸਾਹਿਬ ਦੀਆਂ ਢਾਈ ਦਰਜਨ ਤੋਂ ਵੱਧ ਜਿਲਦਾਂ ਸੜਕ ਕਿਨਾਰੇ ਸੁੱਟ ਦਿੱਤੀਆਂ ਗਈਆਂ ਸਨ| ਇਸ ਸੰਬੰਧੀ ਸਿੱਖ ਸ਼ਰਧਾਲੂਆਂ ਵਲੋਂ ਸਥਾਨਕ ਪੁਲੀਸ ਨੂੰ ਜਾਣਕਾਰੀ ਦੇਣ ਉਪਰੰਤ ਇਹ ਜਿਲਦਾਂ ਪੁਲੀਸ ਵਲੋਂ ਥਾਣੇ ਲਿਜਾਈਆਂ ਗਈਆਂ ਸਨ| ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸਿੱਖ ਹਿਰਦਿਆਂ ਨੂੰ ਵਲੂੰਧਰ ਦੇਣ ਵਾਲੀ ਇਸ ਵਾਰਦਾਤ ਬਾਰੇ ਪੁਲੀਸ ਵਲੋਂ ਹੁਣ ਤਕ ਕੋਈ ਅਪਰਾਧਿਕ ਮਾਮਲਾ ਤਕ ਦਰਜ ਨਹੀਂ ਕੀਤਾ ਗਿਆ ਅਤੇ ਪੁਲੀਸ ਵਲੋਂ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ|
ਉਹਨਾਂ ਦੱਸਿਆ ਕਿ ਕਲਗੀਧਰ ਸੇਵਕ ਜੱਥੇ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਇਹ ਪੂਰਾ ਮਾਮਲਾ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਹੈ ਜਿਸ ਤੋਂ ਬਾਅਦ ਉਹਨਾਂ ਵਲੋਂ ਇਸ ਮਾਮਲੇ ਦੀ ਜਾਂਚ ਲਈ ਭਾਈ ਜਤਿੰਦਰਪਾਲ ਸਿੰਘ ਜੇ ਪੀ ਦੀ ਅਗਵਾਈ ਵਿੱਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਲੋਂ ਆਪਣੇ ਪੱਧਰ ਤੇ ਮਾਮਲੇ ਦੀ ਜਾਂਚ ਕਰਕੇ ਉਹਨਾਂ ਨੂੰ ਰਿਪੋਰਟ ਦਿੱਤੀ ਜਾਵੇਗੀ ਅਤੇ ਪ੍ਰਸ਼ਾਸ਼ਨ ਨੂੰ ਮਿਲ ਕੇ ਬਣਦੀ ਕਾਰਵਾਈ ਕਰਨ ਲਈ ਕਿਹਾ ਜਾਵੇਗਾ| ਇਸਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਪੱਤਰ ਭੇਜਿਆ ਜਾ ਰਿਹਾ ਹੈ ਜਿਸ ਵਿੱਚ ਇਸ ਘਟਨਾ ਦੀ ਜਾਂਚ ਵਿਸ਼ੇਸ਼ ਟੀਮ ਤੋਂ ਕਰਵਾ ਕੇ ਮਾਮਲੇ ਦੀ ਸੱਚਾਈ ਸਾਮ੍ਹਣੇ ਲਿਆਉਣ ਅਤੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ| ਉਹਨਾਂ ਕਿਹਾ ਕਿ ਪੁਲੀਸ ਅਤੇ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਇਸ ਪੂਰੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦਾ ਜਲਦੀ ਪਤਾ ਲਗਾ ਕੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਜਾਵੇ|
ਸੰਪਰਕ ਕਰਨ ਤੇ ਜਿਲ੍ਹਾ ਐਸ ਏ ਐਸ ਨਗਰ ਦੇ ਐਸ ਐਸ ਪੀ ਸ੍ਰ. ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਪੁਲੀਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ| ਉਹਨਾਂ ਕਿਹਾ ਕਿ ਜੱਥੇਦਾਰ ਅਕਾਲ ਤਖਤ ਵਲੋਂ ਕੀਤੀ ਗਈ ਮੰਗ ਬਾਰੇ ਉਹਨਾਂ ਨੂੰ ਜਾਣਕਾਰੀ ਨਹੀਂ ਹੈ ਅਤੇ ਪੁਲੀਸ ਵਲੋਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ|

Leave a Reply

Your email address will not be published. Required fields are marked *