ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 1467 ਸਮਾਰਟ ਸਕੂਲਾਂ ਦਾ ਆਨਲਾਈਨ ਉਦਘਾਟਨ ਵਰਚੁਅਲ ਢੰਗ ਨਾਲ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ 2625 ਟੈਬਲੇਟਸ ਦੀ ਵੰਡ ਕੀਤੀ

ਚੰਡੀਗੜ੍ਹ, 7 ਨਵੰਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਲ 2020-21 ਲਈ ਮਿਸ਼ਨ 100 ਫੀਸਦੀ ਦੀ ਸ਼ੁਰੂਆਤ ਕਰਦਿਆਂ 372 ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ 2625                   ਟੈਬਲੇਟਸ ਵੰਡੇ ਅਤੇ 1467 ਸਮਾਰਟ ਸਕੂਲਾਂ ਦਾ ਆਨਲਾਈਨ ਉਦਘਾਟਨ ਕੀਤਾ ਤਾਂ ਜੋ ਸਕੂਲਾਂ ਨੂੰ ਕੋਵਿਡ ਸੰਕਟ ਦੇ ਬਾਵਜੂਦ 100 ਫੀਸਦੀ ਨਤੀਜੇ ਹਾਸਲ ਕਰਨ ਦੇ ਸਮਰੱਥ ਬਣਾਇਆ ਜਾ ਸਕੇ|  
ਆਨਲਾਈਨ ਕਰਵਾਏ ਗਏ ਇਸ ਵਰਚੁਅਲ ਸਮਾਗਮ ਦੌਰਾਨ ਮੁੱਖ ਮੰਤਰੀ ਨਾਲ 4000 ਤੋਂ ਵੱਧ ਸਕੂਲਾਂ ਦੇ ਅਧਿਆਪਕ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਜੁੜੇ ਅਤੇ ਵੈਬਐਕਸ, ਫੇਸਬੁੱਕ ਤੇ ਯੂ. ਟਿਊਬ ਰਾਹੀਂ ਸੂਬੇ ਦੇ ਮੰਤਰੀ, ਵਿਧਾਇਕ, ਅਧਿਕਾਰੀ ਤੇ ਨਾਨ ਟੀਚਿੰਗ ਅਮਲੇ ਦੇ ਮੈਂਬਰ ਵੀ ਜੁੜੇ| 
ਮੁੱਖ ਮੰਤਰੀ ਨੇ ਇਸ ਮੌਕੇ ਪ੍ਰੀ-ਪ੍ਰਾਇਮਰੀ ਸਕੂਲ ਅਧਿਆਪਕਾਂ ਦੀਆਂ 8393 ਅਸਾਮੀਆਂ ਦਾ ਐਲਾਨ ਕਰਦਿਆਂ ਕਿਹਾ ਕਿ ਇਨ੍ਹਾਂ ਨੂੰ ਸਿੱਖਿਆ ਵਿਭਾਗ ਵੱਲੋਂ ਛੇਤੀ ਹੀ ਭਰਿਆ ਜਾਵੇਗਾ| ਉਹਨਾਂ ਕਿਹਾ ਕਿ ਸਰਕਾਰ ਵੱਲੋਂ 14064 ਠੇਕੇ ਉਤੇ ਰੱਖੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਗਈਆਂ ਹਨ| 
ਪੰਜਾਬੀ ਸਪਤਾਹ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਨੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਨਿਰਦੇਸ਼ ਦਿੱਤੇ ਕਿ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪਟਿਆਲਾ ਸੈਂਟਰਲ ਲਾਇਬ੍ਰੇਰੀ, ਜੋ ਕਿ ਫੰਡਾਂ ਦੀ ਘਾਟ ਦਾ ਸਾਹਮਣਾ ਕਰ ਰਹੀ ਹੈ, ਦੀ ਮੁੜ ਸੁਰਜੀਤੀ ਲਈ ਇਕ ਵਿਸਥਾਰਤ ਯੋਜਨਾ ਤਿਆਰ ਕੀਤੀ ਜਾਵੇ| ਉਹਨਾਂ ਕਿਹਾ ਕਿ ਪੰਜਾਬੀ ਨੂੰ ਕੈਨੇਡਾ ਅਤੇ ਯੂ.ਕੇ. ਵਿੱਚ ਅਧਿਕਾਰਤ ਭਾਸ਼ਾ ਦਾ ਦਰਜਾ ਮਿਲ ਚੁੱਕਾ ਹੈ ਜਿੱਥੇ ਕਿ ਪੰਜਾਬੀ ਮੂਲ ਦੇ ਲੋਕ ਵੱਡੀ ਗਿਣਤੀ ਵਿੱਚ ਵਸਦੇ ਹਨ ਅਤੇ ਇਸ ਤਰ੍ਹਾਂ ਆਲਮੀ ਪੱਧਰ ਉਤੇ ਪੰਜਾਬੀ ਨੂੰ ਮਾਨਤਾ ਮਿਲ ਚੁੱਕੀ ਹੈ|
ਸਮਾਰਟ ਸਕੂਲਾਂ ਵੱਲੋਂ ਪੰਜਾਬ ਵਿੱਚ ਸਿੱਖਿਆ ਦੇ ਪੱਧਰ ਨੂੰ ਸੁਧਾਰਨ ਹਿੱਤ ਪਾਏ ਗਏ ਯੋਗਦਾਨ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚਲੇ 19107 ਸਰਕਾਰੀ ਸਕੂਲਾਂ ਵਿੱਚੋਂ ਮੌਜੂਦਾ ਸਮੇਂ 6832 ਸਮਾਰਟ ਸਕੂਲ ਹਨ ਜਿਨ੍ਹਾਂ ਵਿੱਚ ਅੱਜ 1467 ਹੋਰ ਸਮਾਰਟ ਸਕੂਲਾਂ ਦਾ ਵਾਧਾ ਹੋਇਆ ਹੈ| ਉਨ੍ਹਾਂ ਅੱਗੇ ਦੱਸਿਆ ਕਿ ਬਾਕੀ ਬਚਦੇ ਸਕੂਲਾਂ ਨੂੰ ਵੀ ਸਮਾਰਟ ਸਕੂਲ ਬਣਾਉਣ ਲਈ ਛੇਤੀ ਹੀ 13859 ਪ੍ਰੋਜੈਕਟਰ ਪ੍ਰਦਾਨ ਕਰ ਦਿੱਤੇ ਜਾਣਗੇ ਅਤੇ ਸਕੂਲਾਂ ਦੀ ਡਿਜੀਟਾਈਜੇਸ਼ਨ ਲਈ ਬਜਟ ਵਿੱਚ 100 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ|
ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਹਾਲਾਂਕਿ 8393 ਅਸਾਮੀਆਂ ਦਾ ਇਸ਼ਤਿਹਾਰ ਦੇ ਦਿੱਤਾ ਗਿਆ, ਪਰ ਹੋਰ ਵੀ ਅਸਾਮੀਆਂ ਛੇਤੀ ਹੀ ਭਰੀਆਂ ਜਾਣਗੀਆਂ| 
ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਬਾਰੇ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਕਿਹਾ ਕਿ ਪੰਜਾਬੀ ਭਾਸ਼ਾ ਦੇ ਇਸਤੇਮਾਲ ਨੂੰ ਹੱਲਾਸ਼ੇਰੀ ਦੇਣ ਤੋਂ ਇਲਾਵਾ ਹੋਰ ਕੀਤੇ ਜਾ ਰਹੇ ਯਤਨਾਂ ਵਿੱਚ ਪੰਜਾਬੀ ਸਾਹਿਤ ਦੀ ਡਿਜੀਟਾਈਜੇਸ਼ਨ ਕੀਤਾ ਜਾਣਾ ਸ਼ਾਮਲ ਹੈ| ਉਨ੍ਹਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪਟਿਆਲਾ ਸੈਂਟਰਲ ਲਾਇਬ੍ਰੇਰੀ ਦੇ ਵਿੱਤੀ ਸੰਕਟ ਬਾਰੇ ਵੀ ਚਿੰਤਾ ਜ਼ਾਹਰ ਕੀਤੀ|
ਇਸ ਮੌਕੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਦਾਖਲਿਆਂ ਵਿੱਚ ਬੇਹਿਸਾਬ ਵਾਧੇ ਤੋਂ ਇਲਾਵਾ ਸਕੂਲਾਂ ਨੇ ਚੰਗੇ ਢਾਂਚੇ ਦੇ ਸਿੱਟੇ ਵਜੋਂ ਅਤੇ ਅਧਿਆਪਕਾਂ ਦੀ ਭਰਤੀ ਆਦਿ ਦੇ ਮੱਦੇਨਜ਼ਰ ਚੰਗੇ ਨਤੀਜੇ ਦਿਖਾਏ ਹਨ|
ਵਰਚੁਅਲ ਪ੍ਰੋਗਰਾਮ ਦੌਰਾਨ ਕਈ ਅਧਿਆਪਕਾਂ ਨੇ ਵੀ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਦੱਸਿਆ ਕਿ ਕਿਵੇਂ ਪਿਛਲੇ ਤਿੰਨ ਵਰ੍ਹਿਆਂ ਦੌਰਾਨ ਸਕੂਲਾਂ ਅਤੇ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰ ਹੋਏ ਹਨ| ਲੁਧਿਆਣਾ ਦੇ            ਸਾਹਨੇਵਾਲ ਸਕੂਲ ਦੀ ਪ੍ਰਿੰਸੀਪਲ ਕਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਬਿਲਕੁਲ ਪਾਰਦਰਸ਼ੀ ਅਤੇ ਮੈਰਿਟ ਆਧਾਰਿਤ ਪ੍ਰਕਿਰਿਆ ਰਾਹੀਂ ਸਿੱਧੀ ਭਰਤੀ ਵਜੋਂ ਜੁਆਇਨ ਕੀਤਾ ਸੀ| ਇਕ ਸਮਾਰਟ ਸਕੂਲ ਵਿੱਚ ਪੰਜਾਬੀ ਅਧਿਆਪਕ ਵਜੋਂ ਸੇਵਾਵਾਂ ਦੇ ਰਹੇ ਡਾ.ਜਸਵੰਤ ਰਾਏ ਨੇ ਦੱਸਿਆ ਕਿ ਸਕੂਲਾਂ ਦੇ ਢਾਂਚੇ ਵਿੱਚ ਸੁਧਾਰ ਕੀਤੇ ਜਾਣ ਕਾਰਨ ਵਿਦਿਆਰਥੀਆਂ ਵਿੱਚ ਇਨ੍ਹਾਂ ਪ੍ਰਤੀ ਖਿੱਚ ਵਧੀ ਹੈ ਜਿਨ੍ਹਾਂ ਨੂੰ ਹੁਸ਼ਿਆਰਪੁਰ ਜ਼ਿਲੇ ਤੋਂ ਕਿਤਾਬਾਂ ਪ੍ਰਾਪਤ ਹੋਈਆਂ ਹਨ|

Leave a Reply

Your email address will not be published. Required fields are marked *