ਮੁੱਖ ਮੰਤਰੀ ਦੀ ਕੁਰਸੀ ਤੋਂ ਅਸਤੀਫਾ ਦੇਣ ਕੈਪਟਨ ਅਮਰਿੰਦਰ ਸਿੰਘ : ਪ੍ਰੋ. ਚੰਦੂਮਾਜਰਾ

ਮੁੱਖ ਮੰਤਰੀ ਦੀ ਕੁਰਸੀ ਤੋਂ ਅਸਤੀਫਾ ਦੇਣ ਕੈਪਟਨ ਅਮਰਿੰਦਰ ਸਿੰਘ : ਪ੍ਰੋ. ਚੰਦੂਮਾਜਰਾ
ਜਾਅਲੀ ਸ਼ਰਾਬ ਨਾਲ ਹੋਈਆਂ ਮੌਤਾਂ ਲਈ ਮੁੱਖ ਮੰਤਰੀ ਜ਼ਿੰਮੇਵਾਰ
ਚੰਡੀਗੜ੍ਹ, 4 ਜੁਲਾਈ (ਸ.ਬ.)  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਲਗਾਤਾਰ ਹੋ ਰਹੀਆਂ ਮੌਤਾਂ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਧੇ ਤੌਰ ਤੇ ਦੋਸ਼ੀ ਠਹਿਰਾਉਦਿਆਂ ਉਹਨਾਂ ਦੇ ਅਸਤੀਫੇ ਦੀ ਮੰਗ ਕੀਤੀ ਹੈ| 
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਇਸ ਕੇਸ ਨਾਲ ਸੰਬੰਧਿਤ ਐਕਸਾਈਜ਼ ਅਤੇ ਪੁਲੀਸ ਮਹਿਕਮਾ ਮੁੱਖ ਮੰਤਰੀ ਦੀ ਨਿਗਰਾਨੀ ਹੇਠ ਆਉਂਦੇ ਹਨ| ਉਨ੍ਹਾਂ  ਕਿਹਾ ਕਿ ਕਾਂਗਰਸ ਪਾਰਟੀ ਦੇ ਦੋ ਸੰਸਦ ਮੈਂਬਰਾਂ ਅਤੇ ਸਾਬਕਾ ਪ੍ਰਧਾਨਾਂ ਵੱਲੋਂ ਸ਼ਰਾਬ ਮਾਫੀਏ ਦੇ ਮੁੱਦੇ ਤੇ ਰਾਜਪਾਲ ਨਾਲ ਕੀਤੀ ਮੁਲਾਕਾਤ ਦੌਰਾਨ ਆਪਣੀ ਹੀ ਪਾਰਟੀ ਦੇ ਮੁੱਖ ਮੰਤਰੀ ਅਤੇ ਵਿਧਾਇਕਾਂ ਨੂੰ ਨਿਸ਼ਾਨੇ ਤੇ ਲਿਆ ਗਿਆ ਹੈ| ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਕਾਂਗਰਸ ਦੇ ਸੀਨੀਅਰ ਲੀਡਰਾਂ ਵੱਲੋਂ ਈਡੀ ਅਤੇ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਨੇ ਸਾਬਿਤ ਕਰ ਦਿੱਤਾ ਕਿ ਕਾਂਗਰਸ ਸਰਕਾਰ ਦੀ ਸ਼ਰਾਬ ਤਸਕਰਾਂ ਨਾਲ ਸਿੱਧੀ ਮਿਲੀਭੁਗਤ ਹੈ|
ਉਹਨਾਂ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਅਸੈਂਬਲੀ ਸ਼ੈਸਨ ਸੱਦਣ ਲਈ ਮੁੱਖ ਮੰਤਰੀ ਨੂੰ ਹੁਕਮ ਜਾਰੀ ਕਰਨ| ਉਹਨਾਂ ਦੋਸ਼ ਲਗਾਇਆ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਇੰਨਾ ਵੱਡਾ ਹਾਦਸਾ ਹੋਣ ਦੇ ਬਾਵਜੂਦ ਮੁੱਖ ਮੰਤਰੀ ਪੀੜਿਤ ਪਰਿਵਾਰਾਂ ਦੀ ਸਾਰ ਲੈਣ ਨਹੀਂ ਪਹੁੰਚੇ|
ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਤਰ੍ਹਾਂ ਸੂਬੇ ਦੇ ਲੋਕਾਂ ਨੂੰ ਵੀ ਸਰਕਾਰ ਦੀ ਜਾਂਚ ਤੇ ਭਰੋਸਾ ਨਹੀਂ ਹੈ| ਉਨ੍ਹਾਂ ਪੰਜਾਬ ਦੇ ਸ਼ਰਾਬ ਮਾਫੀਏ ਦੀ ਈਡੀ ਅਤੇ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਉਸ ਸਮੇਂ ਰਾਜਪੁਰ ਵਿੱਚ ਫੜੀ ਜਾਅਲੀ ਸ਼ਰਾਬ ਬਣਾਉਣ ਵਾਲੀ ਫੈਕਟਰੀ ਦੀ ਜਾਂਚ ਈਡੀ ਹਵਾਲੇ ਕੀਤੀ ਹੁੰਦੀ ਤਾਂ ਸ਼ਾਇਦ ਇਹ ਦੁਖਾਂਤ ਨਾ ਵਾਪਰਦਾ| ਉਹਨਾਂ ਕਿਹਾ ਕਿ               ਜੇਕਰ ਸਰਕਾਰ ਵੱਲੋਂ ਇਸ ਕੇਸ ਦੀ ਜਾਂਚ ਈਡੀ ਅਤੇ ਸੀਬੀਆਈ ਹਵਾਲੇ ਨਾ ਕੀਤੀ ਗਈ ਤਾਂ ਅਕਾਲੀ ਦਲ ਹਾਈਕੋਰਟ ਪਹੁੰਚ ਕਰੇਗਾ|
ਉਨ੍ਹਾਂ ਦੱਸਿਆ ਕਿ ਭਲਕੇ ਅਕਾਲੀ ਦਲ ਦੀ ਹੋਣ ਜਾ ਰਹੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਸ਼ਰਾਬ ਮਾਫੀਏ ਦੀ ਉੱਚ ਪੱਧਰੀ ਜਾਂਚ ਕਰਵਾਉਣ ਲਈ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਦਾ ਪ੍ਰੋਗਰਾਮ ਵੀ ਉਲੀਕਿਆ ਜਾਵੇਗਾ| ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਪੀੜਿਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਅਤੇ ਦੋਸ਼ੀਆਂ ਨੂੰ ਬਣਦੀ ਸਜ਼ਾ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਪੱਧਰ ਤੇ ਧਰਨੇ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਵੀ ਉਲੀਕਿਆ ਜਾਵੇਗਾ|

Leave a Reply

Your email address will not be published. Required fields are marked *