ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵੱਲੋਂ ‘ਤੰਦਰੁਸਤ ਪੰਜਾਬ’ ਸਬੰਧੀ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

ਐਸ.ਏ.ਐਸ. ਨਗਰ, 2 ਜੂਨ (ਸ.ਬ.) ਪੰਜਾਬ ਨੂੰ ਮੁੜ ਅੱਵਲ ਦਰਜੇ ਦਾ ਸੂਬਾ ਬਣਾਉਣ ਲਈ ਸੂਬਾ ਵਾਸੀਆਂ ਦੀ ਤੰਦਰੁਸਤੀ ਲਾਜ਼ਮੀ ਹੈ ਤੇ ਇਸੇ ਟੀਚੇ ਤਹਿਤ ਪੰਜਾਬ ਵਾਸੀਆਂ ਨੂੰ ਮਿਲਾਵਟੀ ਵਸਤਾਂ ਅਤੇ ਗੰਧਲੇ ਵਾਤਾਵਰਣ ਤੋਂ ਬਚਾਅ ਕੇ ਮਿਆਰੀ ਹਵਾ, ਪਾਣੀ ਅਤੇ ਸੁਰੱਖਿਅਤ ਭੋਜਨ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀ ਬਹੁਪੱਖੀ ਸੰਭਾਲ ਲਈ 5 ਜੂਨ ਨੂੰ ਸੂਬੇ ਵਿੱਚ ‘ਤੰਦਰੁਸਤ ਪੰਜਾਬ’ ਮਿਸ਼ਨ ਦੀ ਸ਼ੁਰੂਆਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਸ.ਏ.ਐਸ. ਨਗਰ ਤੋਂ ਕੀਤੀ ਜਾ ਰਹੀ ਹੈ, ਜਿਸ ਦੀ ਕਾਮਯਾਬੀ ਲਈ ਲੋਕਾਂ ਦਾ ਸਹਿਯੋਗ ਅਤਿ ਲੋੜੀਂਦਾ ਹੈ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ, ਸਕੱਤਰ ਖੇਤੀਬਾੜੀ ਅਤੇ ਮਿਸ਼ਨ ਡਾਇਰੈਕਟਰ ਕਾਹਨ ਸਿੰਘ ਪੰਨੂੰ ਨੇ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਇੱਥੇ ਇੰਡੀਅਨ ਇੰਸਟੀਚਿਊੁਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰੀਸਰਚ (ਆਈਸਰ) ਵਿਖੇ ‘ਤੰਦਰੁਸਤ ਪੰਜਾਬ’ ਸਬੰਧੀ 5 ਜੂਨ ਨੂੰ ਕਰਵਾਏ ਜਾਣ ਵਾਲੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ| ਇਸ ਮੌਕੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਸਕੱਤਰ ਸੂਚਨਾ ਤੇ ਲੋਕ ਸੰਪਰਕ ਗੁਰਕੀਰਤ ਕ੍ਰਿਪਾਲ ਸਿੰਘ ਵੀ ਵਿਸ਼ੇਸ਼ ਤੌਰ ਤੇ ਪੁੱਜੇ ਹੋਏ ਸਨ|
ਮਿਸ਼ਨ ਡਾਇਰੈਕਟਰ ਨੇ ਦੱਸਿਆ ਕਿ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਵੱਲੋਂ ਘਰ-ਘਰ ਹਰਿਆਲੀ ਸਮੇਤ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਹੋਰ ਕਈ ਸੂਬਾ ਪੱਧਰੀ ਸਕੀਮਾਂ ਲਾਂਚ ਕੀਤੀਆਂ ਜਾਣਗੀਆਂ ਅਤੇ ਮੁੱਖ ਮੰਤਰੀ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਬੂਟੇ ਵੀ ਲਾਏ ਜਾਣਗੇ| ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਮੁੱਖ ਮੰਤਰੀ ਵੱਲੋਂ ਮਿਸ਼ਨ ਸਬੰਧੀ ਇੱਕ ਦਸਤਖ਼ਤ ਮੁਹਿੰਮ ਵੀ ਸ਼ੁਰੂ ਕੀਤੀ ਜਾਣੀ ਹੈ|
ਸਮਾਗਮ ਦੌਰਾਨ ਵਾਤਾਵਰਣ ਸੰਭਾਲ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕਰਨ ਦੇ ਨਾਲ-ਨਾਲ ਸਮਾਗਮ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਬੂਟੇ ਵੀ ਵੰਡੇ ਜਾਣਗੇ| ਇਸ ਮੌਕੇ ਕਾਹਨ ਸਿੰਘ ਪੰਨੂੰ ਅਤੇ ਗੁਰਕੀਰਤ ਕ੍ਰਿਪਾਲ ਸਿੰਘ ਵੱਲੋਂ ਸਮਾਗਮ ਵਾਲੀ ਥਾਂ ਦਾ ਦੌਰਾ ਕਰਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ|
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਚਰਨਦੇਵ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਗਰਗ, ਐਸ.ਪੀ. ਸਿਟੀ ਜਗਜੀਤ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਪ੍ਰਧਾਨ ਮੁੱਖ ਵਣਪਾਲ ਜਿਤੇਂਦਰ ਸ਼ਰਮਾ, ਮੁੱਖ ਵਣਪਾਲ (ਹਿੱਲਜ਼) ਸੌਰਵ ਗੁਪਤਾ, ਡੀ. ਐਫ. ਓ. ਗੁਰਅਮਨ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ|

Leave a Reply

Your email address will not be published. Required fields are marked *