ਮੁੱਖ ਮੰਤਰੀ ਵੱਲੋਂ ਦੁਕਾਨਦਾਰਾਂ ਨੂੰ ਰੱਖੜੀ ਦੇ ਤਿਉਹਾਰ ਤੇ ਮਠਿਆਈਆਂ ਤੇ ਰੱਖੜੀਆਂ ਖਰੀਦਣ ਮੌਕੇ ਮਾਸਕ ਮੁਫਤ ਦੇਣ ਦੀ ਸਲਾਹ

ਚੰਡੀਗੜ੍ਹ, 29 ਜੁਲਾਈ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਮਠਿਆਈਆਂ ਵੇਚਣ ਵਾਲਿਆਂ ਅਤੇ ਹੋਰ ਦੁਕਾਨ ਮਾਲਕਾਂ ਨੂੰ ਰੱਖੜੀ ਦੇ ਤਿਉਹਾਰ ਤੇ ਗਾਹਕਾਂ ਨੂੰ ਮੁਫ਼ਤ ਮਾਸਕ ਮੁਹੱਈਆ ਕਰਵਾਉਣ ਦੀ ਸਲਾਹ ਦਿੱਤੀ ਹੈ| ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਮਠਿਆਈ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਗਾਹਕਾਂ ਵੱਲੋਂ ਮਠਿਆਈ ਖਰੀਦਣ ਮੌਕੇ ਇਕ ਜੋੜਾ ਮਾਸਕ ਦਾ ਮੁਫ਼ਤ ਦੇਣ ਦੀ ਸਲਾਹ            ਦੇਣ ਵਾਸਤੇ ਕਿਹਾ ਗਿਆ ਹੈ ਤਾਂ ਕਿ ਲੋਕਾਂ ਵਿੱਚ ਮਾਸਕ ਦੀ ਵਰਤੋਂ ਨੂੰ ਹੋਰ ਜ਼ਿਆਦਾ ਉਤਸ਼ਾਹਤ ਕੀਤਾ ਜਾ             ਸਕੇ| ਉਹਨਾਂ ਕਿਹਾ ਕਿ ਸੂਬੇ ਵਿੱਚ ਪਿਛਲੇ ਕੁਝ ਹਫ਼ਤਿਆਂ ਤੋਂ ਕੋਵਿਡ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ|
ਉਹਨਾਂ ਕਿਹਾ ਕਿ ਲਾਜ਼ਮੀ ਤੌਰ ਤੇ ਮਾਸਕ ਪਹਿਨਣ ਦੀ ਉਲੰਘਣਾ ਕਰਨ ਤੇ ਜੁਰਮਾਨੇ ਵਿੱਚ ਵਾਧਾ ਕਰ ਕੇ ਪਹਿਲਾਂ ਹੀ ਸਾਵਧਾਨ ਕੀਤਾ ਜਾ ਚੁੱਕਾ ਹੈ ਅਤੇ ਆਪਣੇ ਘਰਾਂ ਵਿੱਚੋਂ ਬਾਹਰ ਨਿਕਲਣ ਮੌਕੇ ਮਾਸਕ ਨਾ ਪਹਿਨਣ ਵਾਲਿਆਂ ਤੇ ਜੁਰਮਾਨਾ ਲਾਉਣ ਵਿੱਚ ਪਹਿਲੇ ਸੂਬਿਆਂ ਵਿੱਚ ਸ਼ੁਮਾਰ ਪੰਜਾਬ ਵਿੱਚ ਇਸ ਵੇਲੇ ਉਲੰਘਣਾ ਕੀਤੇ ਜਾਣ ਤੇ 500 ਰੁਪਏ ਦਾ ਜੁਰਮਾਨਾ ਲਾਇਆ ਜਾ ਰਿਹਾ ਹੈ| 
ਜਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਹਾਲ ਹੀ ਵਿੱਚ ਸਿਹਤ ਵਿਭਾਗ ਨੂੰ ਬੱਸ ਅੱਡਿਆਂ ਅਤੇ ਹੋਰ ਅਜਿਹੀਆਂ ਜਨਤਕ ਥਾਵਾਂ ਤੇ ਮਾਸਕ ਮੁਹੱਈਆ ਕਰਵਾਉਣ ਵਾਲੀਆਂ ਮਸ਼ੀਨਾਂ ਲਾਉਣ ਦੇ ਹੁਕਮ ਦਿੱਤੇ ਹਨ| ਇਸ ਤੋਂ ਇਲਾਵਾ ਗਰੀਬਾਂ ਨੂੰ ਰਾਸ਼ਨ ਕਿੱਟਾਂ          ਦੇਣ ਮੌਕੇ ਮੁਫ਼ਤ ਮਾਸਕ ਵੀ ਵੰਡੇ ਜਾ ਰਹੇ ਹਨ|

Leave a Reply

Your email address will not be published. Required fields are marked *