ਮੈਰਿਜ ਪੈਲਿਸਾਂ ਵਿੱਚ ਵਿਆਹ ਜਾਂ ਹੋਰ ਸਮਾਗਮਾਂ ਵਿੱਚ ਅਸਲਾ ਲੈ ਕੇ ਆਉਣ ਤੇ ਮਨਾਹੀ ਦੇ ਹੁਕਮ

ਐਸ .ਏ.ਐਸ.ਨਗਰ, 24 ਅਪ੍ਰੈਲ (ਸ.ਬ.) ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਆਈ.ਏ.ਐਸ.ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਥਿੱਤ ਮੈਰਿਜ ਪੈਲਿਸਾਂ ਵਿੱਚ ਵਿਆਹ ਜਾਂ ਹੋਰ ਸਮਾਗਮਾਂ ਵਿੱਚ ਆਮ ਲੋਕਾਂ ਦੇ ਅਸਲਾ ਲੈ ਕੇ ਆਉਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਵੀ ਹੁਕਮ ਕੀਤੇ ਗਏ ਹਨ ਕਿ ਜੇਕਰ ਕੋਈ ਵਿਅਕਤੀ ਮੈਰਿਜ ਪੈਲਿਸ ਵਿੱਚ ਵਿਆਹ ਸਮੇਂ ਅਸਲਾ ਲੈ ਕੇ ਆਉਂਦਾ ਹੈ ਤਾਂ ਪੈਲਿਸ ਦੇ ਮਾਲਕ ਮੁਕਾਮੀ ਪੁਲੀਸ ਨੂੰ ਤੁਰੰਤ ਸੂਚਿਤ ਕਰੇਗਾ| ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਮੈਰਿਜ ਪੈਲਿਸਾਂ ਵਿੱਚ ਵਿਆਹ ਜਾਂ ਹੋਰ ਸਮਾਗਮਾਂ ਵਿੱਚ ਆਮ ਲੋਕ ਅਸਲਾ ਲੈ ਕੇ ਆਉਂਦੇ ਹਨ ਅਤੇ ਸ਼ਰਾਬ ਪੀ ਕੇ ਗੋਲੀਬਾਰੀ ਕਰ ਦਿੰਦੇ ਹਨ ਜਿਸ ਨਾਲ ਜਾਨੀ ਨੁਕਸਾਨ ਹੋ ਸਕਦਾ ਹੈ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਤਰਾ ਬਣ ਜਾਂਦਾ ਹੈ| ਇਹ ਹੁਕਮ 15 ਜੂਨ 2018 ਤੱਕ ਲਾਗੂ ਰਹਿਣਗੇ| ਇਸ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਮੈਰਿਜ਼ ਪੈਲਿਸਾਂ, ਹੋਟਲਾਂ, ਬੈਂਕੁਇੰਟ ਹਾਲਾਂ ਆਦਿ ਦੇ ਮਾਲਕਾਂ/ ਪ੍ਰਬੰਧਕਾਂ ਨੂੰ ਹੁਕਮ ਦਿੱਤੇ ਹਨ ਕਿ ਇਨ੍ਹਾਂ ਸਥਾਨਾਂ ਤੇ ਕੀਤੇ ਜਾਣ ਵਾਲੇ ਸਮਾਗਮਾਂ ਸਮੇਂ ਗੱਡੀਆਂ ਨੂੰ ਉਚਿੱਤ ਜਗ੍ਹਾ ਤੇ ਪਾਰਕ ਕਰਨ ਦਾ ਪ੍ਰਬੰਧ ਕੀਤਾ ਜਾਵੇ ਅਤੇ ਇਨ੍ਹਾਂ ਸਮਾਗਮਾਂ ਵਿੱਚ ਆਉਣ ਵਾਲਾ ਕੋਈ ਵੀ ਵਿਅਕਤੀ ਆਪਣੀ ਗੱਡੀ ਨੂੰ ਫੁੱਟਪਾਥ ਤੇ ਖੜ੍ਹਾ ਨਾ ਕਰੇ| ਜੇਕਰ ਮਾਲਕ/ਪ੍ਰਬੰਧਕ ਇਸ ਹੁਕਮ ਦੀ ਉਲੰਘਣਾ ਕਰੇਗਾ ਤਾਂ ਉਸਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ|

Leave a Reply

Your email address will not be published. Required fields are marked *