ਮੱਛਲੀ ਕਲਾਂ ਵਲੋਂ ਕੈਬਿਨਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ
ਐਸ ਏ ਐਸ ਨਗਰ, 11 ਦਸੰਬਰ (ਸ.ਬ.) ਸਹਿਕਾਰੀ ਬੈਂਕ ਐਸ.ਏ.ਐਸ. ਨਗਰ ਦੇ ਡਾਇਰੈਕਟਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਸਹਿਕਾਰਤਾ ਮੰਤਰੀ ਅਤੇ ਜ਼ਿਲ੍ਹਾ ਐਸ.ਏ.ਐਸ. ਨਗਰ ਸ਼ਿਕਾਇਤ ਨਿਵਾਰਣ ਕਮੇਟੀ ਦੇ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ ਕੀਤੀ ਅਤੇ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਦੇ ਢੰਗ-ਤਰੀਕਿਆਂ ਅਤੇ ਹਲਕਾ ਖਰੜ ਵਾਸੀਆਂ ਨੂੰ ਦਰਪੇਸ਼ ਕੁਝ ਸਮੱਸਿਆਵਾਂ ਦੇ ਹੱਲ ਬਾਰੇ ਵਿਚਾਰ-ਵਟਾਂਦਰਾ ਕੀਤਾ|
ਇੱਥੇ ਜਾਰੀ ਇਕ ਬਿਆਨ ਵਿੱਚ ਸ੍ਰੀ ਮੱਛਲੀ ਕਲਾਂ ਨੇ ਦਸਿਆ ਕਿ ਉਨ੍ਹਾਂ ਕੈਬਨਿਟ ਮੰਤਰੀ ਸ੍ਰ. ਰੰਧਾਵਾ ਨੂੰ ਜ਼ਿਲ੍ਹੇ ਵਿੱਚ ਸਹਿਕਾਰਤਾ ਲਹਿਰ ਦੀ ਪ੍ਰਗਤੀ ਤੋਂ ਜਾਣੂੰ ਕਰਾਇਆ ਜਿਸ ਤੇ ਉਨ੍ਹਾਂ ਨੇ ਤਸੱਲੀ ਪ੍ਰਗਟ ਕੀਤੀ ਅਤੇ ਨਾਲ ਹੀ ਇਸ ਲਹਿਰ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਦੇ ਤਰੀਕਿਆਂ ਬਾਰੇ ਵੀ ਚਰਚਾ ਕੀਤੀ| ਉਨ੍ਹਾਂ ਦਸਿਆ ਕਿ ਵਿਧਾਨ ਸਭਾ ਹਲਕਾ ਖਰੜ ਦੇ ਲੋਕਾਂ ਦੁਆਰਾ ਉਨ੍ਹਾਂ ਸਾਹਮਣੇ ਰੱਖੀਆਂ ਗਈਆਂ ਸਮੱਸਿਆਵਾਂ ਤੋਂ ਵੀ ਕੈਬਿਨਟ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ, ਜਿਨ੍ਹਾਂ ਨੇ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ|
ਮੱਛਲੀ ਕਲਾਂ ਨੇ ਕੈਬਿਨਟ ਮੰਤਰੀ ਨੂੰ ਦਸਿਆ ਕਿ ਜ਼ਿਲ੍ਹੇ ਵਿੱਚ ਸਹਿਕਾਰੀ ਬੈਂਕ ਦੀਆਂ 21 ਬ੍ਰਾਂਚਾਂ ਚੱਲ ਰਹੀਆਂ ਹਨ ਅਤੇ 67 ਸਹਿਕਾਰੀ ਸਭਾਵਾਂ ਰਾਹੀਂ ਕਿਸਾਨ ਸਹਿਕਾਰੀ ਬੈਂਕ ਨਾਲ ਜੁੜੇ ਹੋਏ ਹਨ| ਉਨ੍ਹਾਂ ਦਸਿਆ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸਹਿਕਾਰੀ ਬੈਂਕਾਂ ਵਿੱਚ ਖਾਤੇ ਖੁਲ੍ਹਵਾਉਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ|