ਲਾਅ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪਾਂ ਦਾ ਆਯੋਜਨ

ਐਸ ਏ ਐਸ ਨਗਰ, 2 ਜਨਵਰੀ (ਸ.ਬ.) ਭਾਰਤ ਦੀਆਂ ਵੱਖ-ਵੱਖ ਯੁਨੀਵਰਸਿਟੀਆਂ ਆਰਮੀ ਇੰਸਟੀਚਿਊਟ ਆਫ ਲਾਅ, ਸਿਮਬਾਇਓਸਿਸ ਲਾਅ ਸਕੂਲ ਪੂਨੇ, ਯੁਨੀਵਰਸਿਟੀ ਇੰਸਟੀਚਿਊਟ ਆਫ ਲੀਗਲ ਸਟੱਡੀਜ ਪੰਜਾਬ ਯੁਨੀਵਰਸਿਟੀ, ਏ.ਪੀ.ਗੋਇਲ ਸ਼ਿਮਲਾ ਯੁਨੀਵਰਸਿਟੀ, ਨੈਸ਼ਨਲ ਲਾਅ ਯੁਨੀਵਰਸਿਟੀ ਦਿੱਲੀ, ਪੰਜਾਬ ਯੁਨੀਵਰਸਿਟੀ ਐਸ.ਐਸ.ਜੀ. ਰੀਜਨਲ ਸੈਂਟਰ ਹੁਸ਼ਿਆਰਪੁਰ, ਹਿਮਾਚਲ ਪ੍ਰਦੇਸ਼ ਨੈਸ਼ਨਲ ਲਾਅ ਯੁਨੀਵਰਸਿਟੀ ਸ਼ਿਮਲਾ ਅਤੇ ਚੰਡੀਗੜ੍ਹ ਯੁਨੀਵਰਸਿਟੀ ਤੋਂ 17 ਵਿਦਿਆਰਥੀਆਂ ਦੀ ਇੰਟਰਨਸ਼ਿਪ ਜਿਲ੍ਹਾ ਐਸ.ਏ.ਐਸ.ਨਗਰ ਦੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਲਗਾਈ ਗਈ|
ਇਸ ਮੌਕੇ ਸੰਬੋਧਨ ਕਰਦਿਆਂ ਮਾਨਯੋਗ ਜਿਲਾ ਅਤੇ ਸੈਸ਼ਨ ਜੱਜ ਸ੍ਰੀ ਵਿਵੇਕ ਪੁਰੀ ਨੇ ਕਿਹਾ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਕਚਹਿਰੀਆਂ ਨਾਲ ਸਬੰਧਿਤ ਕੰਮ ਕਰਨ ਤੋਂ ਇਲਾਵਾ ਹੋਰ ਸਮਾਜਿਕ ਗਤੀਵਿਧੀਆਂ ਨਾਲ ਸਬੰਧਿਤ ਕੰਮ ਵੀ ਕਰਦੀਆਂ ਹਨ ਜਿਸ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਟੀਮ (ਜੋ ਕਿ ਪੈਰ੍ਹਾ ਲੀਗਲ ਵਲੰਟੀਅਰ ਅਤੇ ਲਾਅ ਵਿਦਿਆਰਥੀਆਂ ਦੀ ਹੁੰਦੀ ਹੈ) ਵੱਖ- ਵੱਖ ਸਕੂਲਾਂ, ਪਿੰਡਾਂ ਵਿੱਚ ਜਾ ਕੇ ਜਾਗਰੂਕਤਾ ਫੈਲਾਉਂਦੀ ਹੈ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਕਾਨੂੰਨੀ ਸੇਵਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਂਦੇ ਹਨ ਅਤੇ ਲੋੜਵੰਦ ਲੋਕਾਂ ਨੂੰ ਬਣਦੀ ਮਦਦ ਉਸੇ ਸਮੇਂ ਦੇ ਦਿੱਤੀ ਜਾਂਦੀ ਹੈ ਜਾਂ ਉਨ੍ਹਾਂ ਨੂੰ ਦਫਤਰ ਬੁਲਾ ਕੇ ਉਨ੍ਹਾਂ ਦੇ ਕੇਸਾਂ ਵਿੱਚ ਬਣਦੀ ਕਾਰਵਾਈ ਕਰਕੇ ਅਤੇ ਸਬੰਧਿਤ ਦਫਤਰ ਨਾਲ ਤਾਲ ਮੇਲ ਬਣਾ ਕੇ ਉਨ੍ਹਾਂ ਦੀ ਮਦਦ ਕੀਤੀ ਜਾਂਦੀ ਹੈ|
ਉਹਨਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਵੱਖ ਵੱਖ ਪਿੰਡਾਂ ਵਿੱਚ ਭੇਜ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਜੇਲ੍ਹਾਂ ਵਿੱਚ ਭੇਜ ਕੇ ਜੇਲ੍ਹ ਵਿੱਚ ਬੰਦ ਕੈਦੀਆਂ ਦੀ ਵੀ ਮਦਦ ਕੀਤੀ ਜਾਵੇਗੀ| ਇਸ ਤੋਂ ਇਲਾਵਾ ਇਨ੍ਹਾਂ ਵਿਦਿਆਰਥੀਆਂ ਰਾਹੀਂ ਸਰਕਾਰ ਦੀਆਂ ਚਲਦੀਆਂ ਸਕੀਮਾਂ ਆਦਿ ਬਾਰੇ ਲੋਕਾਂ ਦੇ ਫਾਰਮ ਵੀ ਭਰੇ ਜਾਣਗੇ| ਇਸ ਮੌਕੇ ਸ੍ਰੀਮਤੀ ਮੋਨਿਕਾ ਲਾਂਬਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੀ ਸੰਬੋਧਨ ਕੀਤਾ|

Leave a Reply

Your email address will not be published. Required fields are marked *