ਵਧੀਕ ਡਿਪਟੀ ਕਮਿਸ਼ਨਰ ਨੇ ਪਿੰਡ ਸਨੇਟਾ ਨੂੰ ਮੁਕੰਮਲ ਨਸ਼ਾ ਮੁਕਤ ਕਰਨ ਲਈ ਪਿੰਡ ਵਾਸੀਆਂ ਤੋਂ ਮੰਗਿਆ ਸਹਿਯੋਗ

ਐਸ.ਏ.ਐਸ. ਨਗਰ, 13 ਅਗਸਤ (ਸ.ਬ.) ਵਧੀਕ ਡਿਪਟੀ ਕਮਿਸ਼ਨਰ (ਜਨਰਲ) ਚਰਨਦੇਵ ਸਿੰਘ ਮਾਨ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਪਣੇ ਵੱਲੋਂ ਨਸ਼ਾ ਮੁਕਤ ਕਰਨ ਲਈ ਅਪਣਾਏ ਪਿੰਡ ਸਨੇਟਾ ਵਿਖੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਪਿੰਡ ਨੂੰ ਮੁਕੰਮਲ ਨਸ਼ਾ ਮੁਕਤ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ| ਸ. ਮਾਨ ਨੇ ਕਿਹਾ ਕਿ ਨਸ਼ਾ ਜੋ ਕਿ ਪੰਜਾਬ ਦੀ ਜਵਾਨੀ ਨੂੰ ਘੁਣ ਵਾਂਗ ਖਾ ਰਿਹਾ ਹੈ ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਮੁੱਚੇ ਸਮਾਜ ਦੇ ਲੋਕਾਂ ਦੇ ਭਰਪੂਰ ਸਹਿਯੋਗ ਦੀ ਲੋੜ ਹੈ| ਨਸ਼ਾ ਇਕ ਬਿਮਾਰੀ ਹੈ ਜੋ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਦੂਰ ਨਹੀਂ ਹੋ ਸਕਦੀ| ਉਨ੍ਹਾਂ ਕਿਹਾ ਕਿ ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਵੱਖ ਵੱਖ ਪ੍ਰੋਗਰਾਮ ਚਲਾਏ ਗਏ ਹਨ, ਜਿਨ੍ਹਾਂ ਵਿੱਚ ਹਰ ਵਰਗ ਤੋਂ ਸਹਿਯੋਗ ਲਿਆ ਜਾਵੇਗਾ|
ਏ.ਡੀ.ਸੀ. ਨੇ ਕਿਹਾ ਕਿ ਨਰੋਏ ਸਮਾਜ ਦੀ ਸਿਰਜਨਾ ਲਈ ਸਮਾਜ ਦਾ ਤੰਦਰੁਸਤ ਹੋਣਾ ਬੇਹੱਦ ਜਰੂਰੀ ਹੈ| ਉਨ੍ਹਾਂ ਕਿਹਾ ਕਿ ਨਸ਼ਾ ਜਿਥੇ ਇਨਸਾਨ ਨੂੰ ਆਰÎਥਿਕ, ਸਮਾਜਿਕ ਪੱਖੋਂ ਕਮਜੋਰ ਕਰਦਾ ਹੈ ਉਥੇ ਇਨਸਾਨ ਨੂੰ ਜਿੰਦਗੀ ਤੋਂ ਵੀ ਹੱਥ ਧੋਣੇ ਪੈ ਜਾਂਦੇ ਹਨ| ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਚਾਹੀਦਾ ਹੈ ਕਿ ਉਹ ਜੇਕਰ ਉਨ੍ਹਾਂ ਦੇ ਗੁਆਂਢ ਵਿੱਚ ਕੋਈ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸ ਦੇ ਇਲਾਜ ਲਈ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਉਸ ਦਾ ਇਲਾਜ ਨਸ਼ਾ ਛੁਡਾਊ ਕੇਂਦਰਾਂ ਵਿੱਚ ਕਰਾਉਣਾ ਚਾਹੀਦਾ ਹੈ| ਇਸ ਮੌਕੇ ਪਿੰਡ ਵਾਸੀਆਂ ਨੇ ਆਪਣੀਆਂ ਮੁਸ਼ਕਲਾਂ ਵਧੀਕ ਡਿਪਟੀ ਕਮਿਸ਼ਨਰ ਨੂੰ ਦੱਸੀਆਂ, ਜਿਨ੍ਹਾਂ ਦੇ ਹੱਲ ਲਈ ਸ. ਮਾਨ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ|
ਸ. ਮਾਨ ਨੇ ਪਿੰਡ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸਾਸ਼ਨ ਨਾਲ ਆਪਣੀ ਨੇੜਤਾ ਵਧਾਉਣ ਅਤੇ ਪ੍ਰਸ਼ਾਸਨ ਹਮੇਸ਼ਾਂ ਉਨ੍ਹਾਂ ਦੇ ਸਹਿਯੋਗ ਲਈ ਵਚਨਬੱਧ ਹੈ| ਏ.ਡੀ.ਸੀ. ਨੇ ਕਿਹਾ ਕਿ ਪਿੰਡ ਸਨੇਟਾ ਨੂੰ ਨਸ਼ਾ ਮੁਕਤ ਕਰ ਕੇ ਇਸ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ, ਜਿਸ ਲਈ ਇੱਕ ਵਿਸ਼ੇਸ਼ ਪਲਾਨ ਤਿਆਰ ਕੀਤਾ ਜਾਵੇਗਾ| ਉਨ੍ਹਾਂ ਹੋਰ ਕਿਹਾ ਕਿ ਪਿੰਡ ਦੇ ਲੋਕਾਂ ਨੂੰ ਆਪਣੇ ਨਿੱਜੀ ਹਿੱਤਾਂ ਤੋਂ ਉਪਰ ਉੱਠ ਕੇ ਸਮੁੱਚੇ ਪਿੰਡ ਦੀ ਭਲਾਈ ਦੀ ਗੱਲ ਕਰਨੀ ਚਾਹੀਦੀ ਹੈ|
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀ ਜਾਵੇਗਾ| ਜੇਕਰ ਪਿੰਡ ਵਾਸੀਆਂ ਨੂੰ ਕਿਸੇ ਬਾਰੇ ਪਤਾ ਲਗਦਾ ਹੈ ਤਾਂ ਉਸ ਦੀ ਸੂਚਨਾ ਪੁਲੀਸ ਨੂੰ ਦਿੱਤੀ ਜਾਵੇ| ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ| ਉਨ੍ਹਾਂ ਵਿਸਵਾਸ਼ ਦਿਵਾਇਆ ਕਿ ਨਸ਼ਾ ਤਿਆਗਣ ਵਾਲੇ ਅਤੇ ਨਸ਼ਿਆਂ ਤੋਂ ਮੁਕਤ ਹੋਣ ਲਈ ਇਲਾਜ ਕਰਾਉਣ ਵਾਲੇ ਕਿਸੇ ਵੀ ਨਸ਼ੇ ਦੇ ਮਰੀਜ਼ ਨੂੰ ਤੰਗ-ਪਰੇਸ਼ਾਨ ਨਹੀਂ ਕੀਤਾ ਜਾਵੇਗਾ, ਸਗੋਂ ਉਸ ਦੇ ਇਲਾਜ ਲਈ ਪੁਲੀਸ ਆਪਣਾ ਬਣਦਾ ਸਹਿਯੋਗ ਦੇਵੇਗੀ|
ਉਨ੍ਹਾਂ ਦੱÎਸਿਆ ਕਿ ਨਸ਼ਾ ਇੱਕ ਸਮਾਜਿਕ ਬਿਮਾਰੀ ਹੈ ਜੋ ਕਿ ਇਨਸਾਨ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਖੋਖਲਾ ਕਰਦਾ ਹੈ| ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਕਰਨ ਵਾਲਿਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਤੱਕ ਪਹੁੰਚਾਉਣ ਲਈ ਆਪਣਾ ਸਹਿਯੋਗ ਦੇਣ ਤਾਂ ਜੋ ਉਹ ਨਸ਼ਾ ਮੁਕਤ ਹੋ ਕੇ ਆਮ ਨਾਗਰਿਕ ਵਾਲੀ ਜਿੰਦਗੀ ਬਸਰ ਕਰ ਸਕਣ|
ਇਸ ਮੌਕੇ ਤਹਿਸੀਲਦਾਰ ਸੁਖਪਿੰਦਰ ਕੌਰ, ਬੀ.ਡੀ.ਪੀ.ਓ. ਖਰੜ ਰਾਣਾ ਪ੍ਰਤਾਪ ਸਿੰਘ ਸਿੱਧੂ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਖਦੀਪ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀਮਤੀ ਰੁਪਿੰਦਰ ਕੌਰ, ਡਰੱਗ ਇੰਸਪੈਕਟਰ ਮਨਪ੍ਰੀਤ ਕੌਰ, ਚੌਧਰੀ ਹਰਨੇਕ ਨੇਕੀ, ਹਰਨੇਕ ਸਿੰਘ ਰੌਸ਼ਨ, ਸੰਜੀਵ ਸਿੰਘ, ਬੰਤ ਸਿੰਘ ਤੇ ਨਿਰਮਲ ਸਿੰਘ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ|

Leave a Reply

Your email address will not be published. Required fields are marked *