ਵਾਤਾਵਰਣ ਅਤੇ ਮਨੁੱਖੀ ਜਾਨਾਂ ਬਚਾਉਣ ਲਈ ਪਰਾਲੀ ਨਾ ਸਾੜਨ ਕਿਸਾਨ : ਰਾਣਾ ਸੋਢੀ


ਚੰਡੀਗੜ੍ਹ, 15 ਅਕਤੂਬਰ (ਸ.ਬ.) ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਾਤਾਵਰਣ ਅਤੇ ਮਨੁੱਖੀ ਜਾਨਾਂ ਬਚਾਉਣ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਕਿਉਂ ਜੋ ਇਸ ਦਾ ਵਾਤਾਵਰਣ ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਨਾਲ ਹੀ ਇਹ ਰੁਝਾਨ ਸੜਕੀ ਹਾਦਸਿਆਂ ਦਾ ਕਾਰਨ ਬਣਦਾ ਹੈ|
ਇਥੇ ਜਾਰੀ ਬਿਆਨ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਵਾਤਾਵਰਣ ਤੇ ਮਾੜਾ ਅਸਰ ਪੈਂਦਾ ਹੈ, ਬਲਕਿ ਧਰਤੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ| ਅਜਿਹਾ ਕਰਨ ਨਾਲ ਮਿੱਟੀ ਵਿੱਚ ਮੌਜੂਦ ਮਿੱਤਰ ਕੀੜੇ ਅਤੇ ਮੱਲੜ੍ਹ ਮਰ ਜਾਂਦੇ ਹਨ| ਇਸ ਤੋਂ ਇਲਾਵਾ ਇਹ ਕਾਰਵਾਈ ਸੜਕੀ ਹਾਦਸਿਆਂ ਦਾ ਵੱਡਾ ਕਾਰਨ ਬਣ ਰਹੀ ਹੈ ਕਿਉਂਕਿ ਧੂੰਏਂ ਕਾਰਨ ਵਾਹਨ ਚਾਲਕਾਂ ਨੂੰ ਸਾਫ਼ ਨਜ਼ਰ ਨਹੀਂ ਆਉਂਦਾ|
ਕੰਬਾਈਨ ਚਾਲਕਾਂ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਅਤਿ-ਆਧੁਨਿਕ ਤਰੀਕੇ ਅਪਨਾਉਣ ਦੀ ਅਪੀਲ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਕੰਬਾਈਨ ਨਾਲ ਜੁੜਿਆ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਸੁਪਰ ਐਸ.ਐਮ.ਐਸ.) ਪਰਾਲੀ ਨੂੰ ਬਾਰੀਕ ਟੁਕੜਿਆਂ ਵਿੱਚ ਕੱਟ ਦਿੰਦਾ ਹੈ ਜਿਸ ਨਾਲ ਬੀਜਾਈ ਵਾਲੀਆਂ ਮਸ਼ੀਨਾਂ ਲਈ ਖੇਤਾਂ ਵਿੱਚ ਕੰਮ ਕਰਨਾ ਸੌਖਾ ਹੋ ਜਾਂਦਾ ਹੈ| ਉਹਨਾਂ ਕਿਹਾ ਕਿ ਕਿਸਾਨਾਂ ਵਿੱਚ ਨਵੀਆਂ ਤਕਨੀਕਾਂ ਨੂੰ ਹੋਰ ਉਤਸ਼ਾਹਤ ਕਰਨ ਦੇ ਨਾਲ-ਨਾਲ ਫ਼ਸਲੀ ਰਹਿੰਦ-ਖੂੰਹਦ ਦੇ ਖੇਤਾਂ ਵਿੱਚ ਅਤੇ ਖੇਤਾਂ ਤੋਂ ਬਾਹਰ ਪ੍ਰਬੰਧਨ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ ਤਾਂ ਜੋ ਪਰਾਲੀ ਨੂੰ ਜੈਵਿਕ ਖਾਦ ਵਿੱਚ ਬਦਲਿਆ ਜਾ ਸਕੇ|

Leave a Reply

Your email address will not be published. Required fields are marked *