ਵਿਭਾਗਾਂ ਦੇ ਨਿੱਜੀਕਰਨ ਅਤੇ ਪੁਨਰਗਠਨ ਦੀ ਨੀਤੀ ਰੱਦ ਕਰੇ ਸਰਕਾਰ: ਮੋਰਚਾ ਆਗੂ


ਚੰਡੀਗੜ੍ਹ, 15 ਅਕਤੂਬਰ (ਸ.ਬ.) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਮੀਟਿੰਗ ਕਰਨ ਉਪਰੰਤ ਮੰਗ ਕੀਤੀ ਹੈ ਕਿ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ  ”ਵੈਲਫੇਅਰ ਐਕਟ 2016” ਅਧੀਨ ਲਿਆਕੇ ਰੈਗੂਲਰ ਕੀਤਾ ਜਾਵੇ ਅਤੇ ਕਰਮਚਾਰੀਆਂ ਦੀਆਂ ਬਾਕੀ ਮੰਗਾਂ ਮੰਨੀਆਂ ਜਾਣ| 
ਇਸ ਸੰਬੰਧੀ ਬਿਆਨ ਜਾਰੀ ਕਰਦਿਆਂ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ, ਵਰਿੰਦਰ ਸਿੰਘ ਮੋਮੀ, ਗੁਰਵਿੰਦਰ ਸਿੰਘ ਪੰਨੂੰ, ਬਲਿਹਾਰ ਸਿੰਘ ਕਟਾਰੀਆ, ਰੇਸ਼ਮ ਸਿੰਘ ਗਿੱਲ, ਵਰਿੰਦਰ ਸਿੰਘ ਬੀਬੀਵਾਲਾ, ਸ਼ੇਰ ਸਿੰਘ ਖੰਨਾ, ਜਗਜੀਤ ਸਿੰਘ, ਗੁਰਪ੍ਰੀਤ ਸਿੰਘ ਗੁਰੀ, ਲਖਵੀਰ ਕਟਾਰੀਆ ਅਤੇ ਰਿਸ਼ੀ ਸੋਨੀ  ਨੇ ਕਿਹਾ ਕਿ ਜਥੇਬੰਦੀਆਂ  ਵੱਲੋਂ ਕੀਤੇ ਲਗਾਤਾਰ ਸੰਘਰਸ਼ਾਂ ਦੀ ਬਦੌਲਤ ਦੀ ਪੰਜਾਬ ਐਡਹਾਕ, ਕੰਟਰੈਕਟ, ਡੇਲੀਵੇਜ, ਟੈਂਪਰੇਰੀ, ਆਊਟਸੌਰਸਿੰਗ ਅਤੇ ਇੰਪਲਾਇਜ ਵੈਲਫੇਅਰ ਐਕਟ 2016” ਬਣਾਇਆ ਸੀ ਪਰ ਕੈਪਟਨ ਸਰਕਾਰ ਉਸ ਐਕਟ ਨੂੰ ਲਾਗੂ ਕਰਨ ਤੋਂ ਲਗਾਤਾਰ ਟਾਲਾ ਵੱਟਣ ਦੇ ਨਾਲ-ਨਾਲ ”ਵੈਲਫੇਅਰ ਐਕਟ 2016”ਨੂੰ ਤੋੜਕੇ ਐਕਟ ਵਿੱਚ ਸ਼ਾਮਿਲ ਵੱਡੀ ਗਿਣਤੀ ਦੀਆਂ ਕੈਟਾਗਿਰੀਆਂ ਆਉਟਸੋਰਸਿੰਗ, ਇਨਲਿਸਟਮੈਂਟ  ਅਤੇ ਠੇਕਾ ਪ੍ਰਣਾਲੀ ਆਦਿ ਨੂੰ ਐਕਟ ਤੋਂ ਬਾਹਰ ਕਰਨ  ਜਾ ਰਹੀ ਹੈ, ਜਦੋਂ ਕਿ ਸਰਕਾਰੀ ਥਰਮਲ ਪਲਾਂਟਾਂ, ਜਲ ਸਪਲਾਈ ਅਤੇ ਸੈਨੀਟੇਸ਼ਨ, ਪਾਵਰਕਾਮ ਜੋਨ ਬਠਿੰਡਾ, ਪਾਵਰਕਾਮ ਅਤੇ ਟ੍ਰਾਂਸਕੋ, ਪਨਬਸ ਰੋਡਵੇਜ਼, ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ, ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸਨ ਵਰਕਰਜ਼ ਵੈਲਫੇਅਰ ਬੋਰਡ (ਕਿਰਤ ਵਿਭਾਗ),108 ਐਂਬੂਲੈਂਸ, ਪੀ.ਐਚ.ਐਸ.ਸੀ.ਸਿਖਿਆਂ ਵਿਭਾਗ ਆਦਿ ਅਦਾਰਿਆਂ ਵਿੱਚ          ਠੇਕਾ ਪ੍ਰਣਾਲੀ ਤਹਿਤ ਵੱਡੀ ਗਿਣਤੀ ਵਿੱਚ ਠੇਕਾ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਹਨ|
ਉਹਨਾਂ ਕਿਹਾ ਕਿ ਠੇਕਾ ਮੁਲਾਜਮ ਆਪੋ ਆਪਣੇ ਵਿਭਾਗਾਂ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਪ੍ਰਤੀ ਬੇਰੁਖ਼ੀ ਵਾਲਾ ਵਤੀਰਾ ਅਪਣਾਇਆ ਜਾ ਰਿਹਾ ਹੈ| ਉਹਨਾਂ ਮੰਗ ਕੀਤੀ ਹੈ ਕਿ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ  ”ਵੈੱਲਫੇਅਰ ਐਕਟ 2016” ਅਧੀਨ ਲਿਆਕੇ ਰੈਗੂਲਰ ਕੀਤਾ ਜਾਵੇ , ਐਕਟ ਤੋਂ ਬਾਹਰ ਰੱਖੀਆਂ ਕੈਟਾਗਿਰੀਆਂ ਨੂੰ ਐਕਟ ਵਿੱਚ ਸ਼ਾਮਿਲ ਕੀਤਾ ਜਾਵੇ, ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਰੱਦ ਕੀਤੀਆਂ ਜਾਣ ਅਤੇ ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਅਤੇ ਪੁਨਰਗਠਨ ਦੀ ਨੀਤੀ ਰੱਦ ਕਰਨ ਕੀਤੀ ਜਾਵੇ|

Leave a Reply

Your email address will not be published. Required fields are marked *