ਵਿਸ਼ੇਸ਼ ਇਜਲਾਸ ਦੀ ਮੰਗ ਨੂੰ ਲੈ ਕੇ ਧਰਨੇ ਤੇ ਬੈਠੇ ਆਪ ਵਿਧਾਇਕ ਮੋਦੀ ਦੀਆਂ ਬਾਂਹਾਂ ਬਣ ਕੇ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਦੇ ਯਤਨ ਕਰ ਰਹੇ ਹਨ ਕੈਪਟਨ ਅਤੇ ਬਾਦਲ : ਆਪ ਆਗੂ


ਚੰਡੀਗੜ੍ਹ, 9 ਅਕਤੂਬਰ  (ਸ.ਬ.) ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੰਜ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ-ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਤੁਰੰਤ ਆਲ ਪਾਰਟੀ ਮੀਟਿੰਗ ਬੁਲਾ ਕੇ 31 ਕਿਸਾਨ ਜਥੇਬੰਦੀਆਂ ਦੇ ਪ੍ਰਧਾਨਾਂ ਨੂੰ ਮੀਟਿੰਗ ਵਿਚ ਸ਼ਾਮਲ ਕਰਨ ਅਤੇ ਖੇਤੀ ਮਾਹਿਰਾਂ ਨਾਲ ਵਿਚਾਰ-ਚਰਚਾ ਕਰਕੇ 15 ਅਕਤੂਬਰ ਤੋਂ ਪਹਿਲਾਂ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਤਾਂ ਕਿ ਕਿਸਾਨਾਂ ਸਮੇਤ ਸਮੂਹ ਵਰਗਾਂ ਨੂੰ ਬਰਬਾਦ ਹੋਣ ਤੋਂ ਬਚਾਉਣ ਲਈ ਜਲਦ ਕੋਈ ਹੱਲ ਲੱਭਿਆ ਜਾ ਸਕੇ|
ਇਸ ਮੌਕੇ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਦੀ ਅਗਵਾਈ ਵਿਚ ਲਗਾਏ ਧਰਨੇ ਨੂੰ ਕੁਲਤਾਰ ਸਿੰਘ ਸੰਧਵਾਂ, ਮੀਤ ਹੇਅਰ, ਪ੍ਰੋ. ਬਲਜਿੰਦਰ ਕੌਰ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ (ਸਾਰੇ ਵਿਧਾਇਕ) ਨੇ ਸੰਬੋਧਨ ਕੀਤਾ| ਇਸ ਮੌਕੇ ਧਰਨੇ ਵਿਚ ਪਾਰਟੀ ਆਗੂ ਰਾਜ ਲਾਲੀ ਗਿੱਲ ਅਤੇ ਗੋਵਿੰਦਰ ਮਿੱਤਲ ਵੀ ਸ਼ਾਮਲ ਹੋਏ|
ਇਸ ਮੌਕੇ ਸੰਬੋਧਨ ਕਰਦਿਆਂ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਕਿਸਾਨੀ ਕਿੱਤੇ ਨੂੰ ਬਰਬਾਦ ਕਰਨ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਤੋੜਨ ਲਈ ਲਿਆਂਦੇ ਤਿੰਨੇ ਖੇਤੀ ਆਰਡੀਨੈਂਸ ਬਿੱਲਾਂ ਨੂੰ ਪਾਸ ਕਰਵਾਉਣ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਅਹਿਮ ਭੂਮਿਕਾ ਨਿਭਾਈ ਹੈ ਅਤੇ ਕੈਪਟਨ ਹੁਣ ਪੰਜਾਬ ਵਿਚ ਰੈਲੀਆਂ ਕਰਕੇ ਪੰਜਾਬ ਦੀ ਜਨਤਾ ਨੂੰ ਗੁਮਰਾਹ ਕਰ ਰਹੇ ਹਨ ਪਰੰਤੂ ਪੰਜਾਬ ਦੀ ਜਨਤਾ ਹੁਣ ਉਹਨਾਂ ਦੀਆਂ  ਸਿਆਸੀ ਚਾਲਾਂ ਵਿਚ ਨਹੀਂ ਆਵੇਗੀ| ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਪਹਿਲੇ ਦਿਨ ਤੋਂ ਹੀ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦਾ ਵਿਰੋਧੀ ਕਰਦੀ ਆਈ ਹੈ ਅਤੇ ਉਸ ਸਮੇਂ ਤੱਕ ਵਿਰੋਧ ਕਰਦੀ ਰਹੇਗੀ ਜਦੋਂ ਤੱਕ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੱਤਾ ਜਾਂਦਾ|
ਆਪ ਵਿਧਾਇਕਾਂ ਨੇ ਇਕ ਸੁਰ ਵਿਚ ਕਿਹਾ ਕਿ ਪੰਜਾਬ ਭਰ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਕਮਜ਼ੋਰ ਅਤੇ ਤਾਰਪੀਡੋ ਕਰਨ ਲਈ ਕੈਪਟਨ-ਬਾਦਲ-ਮੋਦੀ ਇੱਕ ਯੋਜਨਾ ਦੇ ਤਹਿਤ ਪੰਜਾਬ ਦੇ ਸਮੂਹ ਕਿਸਾਨਾਂ ਅਤੇ ਹੋਰ ਵਰਗਾਂ ਨੂੰ ਗੁਮਰਾਹ ਕਰਨ ਦੀਆਂ ਚਾਲਾਂ ਚਲ ਰਹੇ ਹਨ, ਪਰੰਤੂ ਆਮ ਆਦਮੀ ਪਾਰਟੀ ਇਨ੍ਹਾਂ ਨਾਕਾਮ ਕੋਸ਼ਿਸ਼ਾਂ ਨੂੰ ਕਿਸੀ ਵੀ ਕੀਮਤ ਤੇ ਕਾਮਯਾਬ ਨਹੀਂ ਹੋਣ ਦੇਵੇਗੀ| 

Leave a Reply

Your email address will not be published. Required fields are marked *