ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਿਆਂ ਵਿੱਚ ਲੱਗੀਆਂ ਰੌਣਕਾਂ

ਐਸ ਏ ਐਸ ਨਗਰ, 14 ਅਪ੍ਰੈਲ (ਸ.ਬ.) ਅੱਜ ਮੁਹਾਲੀ ਅਤੇ ਇਸਦੇ ਨੇੜਲੇ ਇਲਾਕਿਆਂ ਵਿੱਚ ਸਥਿਤ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿੱਚ ਖਾਲਸਾ ਸਾਜਨਾ ਦਿਵਸ ਮੌਕੇ ਅੱਜ ਰੌਣਕਾਂ ਲੱਗੀਆਂ ਹੋਈਆਂ ਹਨ| ਅੱਜ ਸਵੇਰ ਵੇਲੇ ਹੀ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿੱਚ ਵੱਡੀ ਗਿਣਤੀ ਸ਼ਰਧਾਲੂ ਨਤਮਸਤਕ ਹੋਣੇ ਸ਼ੁਰੂ ਹੋ ਗਏ ਸਨ ਅਤੇ ਸਾਰਾ ਦਿਨ ਗੁਰਦੁਆਰਿਆਂ ਵਿੱਚ ਸ਼ਰਧਾਲੂਆਂ ਦਾ ਆਉਣਾ ਜਾਰੀ ਸੀ| ਇਸ ਮੌਕੇ ਵੱਖ ਵੱਖ ਗੁਰਦੁਆਰਿਆਂ ਨੂੰ ਵਿਸ਼ੇਸ ਢੰਗ ਨਾਲ ਸਜਾਇਆ ਗਿਆ ਸੀ ਅਤੇ ਗੁਰਦੁਆਰਿਆਂ ਵਿੱਚ ਪਹਿਲਾਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਉਸ ਉਪਰੰਤ ਵਿਸ਼ੇਸ ਧਾਰਮਿਕ ਦੀਵਾਨ ਸਜਾਏ ਗਏ, ਜਿਹਨਾਂ ਵਿੱਚ ਵੱਖ ਵੱਖ ਰਾਗੀ ਢਾਡੀ , ਪ੍ਰਚਾਰਕ ਅਤੇ ਕਥਾਵਾਚਕਾਂ ਨੇ ਕਥਾ, ਗੁਰਮਤਿ ਵਿਚਾਰਾਂ, ਮਨੋਹਰ ਕੀਰਤਨ ਅਤੇ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ| ਇਸ ਮੌਕੇ ਕਈ ਗੁਰਦੁਆਰਿਆਂ ਦੇ ਬਾਹਰ ਵੱਖ ਵੱਖ ਤਰਾਂ ਦੀਆਂ ਦੁਕਾਨਾਂ ਵੀ ਸਜੀਆਂ ਹੋਈਆਂ ਸਨ| ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ|
ਇਸ ਦੌਰਾਨ ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਖਾਲਸਾ ਸਾਜਨਾ ਦਿਵਸ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਧਾਰਮਿਕ ਸਮਾਗਮ ਵਿੱਚ ਭਾਈ ਅਜਮੇਰ ਸਿੰਘ ਖੇੜੀ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੁਆਰਾ ਚਿੜੀਆਂ ਨੂੰ ਬਾਜ ਬਣਾਉਣ ਭਾਵ ਖਾਲਸਾ ਪੰਥ ਨੂੰ ਸਿਰਜਣ ਦੇ ਪ੍ਰਸੰਗ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਨਾਲ ਸੁਣਾਇਆ | ਭਾਈ ਅਮਰਜੀਤ ਸਿੰਘ ਖਾਲਸਾ, ਪੰਥਕ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ | ਇਸ ਤੋਂ ਇਲਾਵਾ ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਅਕਾਲਗੜ੍ਹ ਵਾਲਿਆਂ ਦਾ ਪੰਥਕ ਢਾਡੀ ਜੱਥਾ, ਭਾਈ ਜਸਵੀਰ ਸਿੰਘ ਜੱਸੀ ਚਮਕੌਰ ਸਾਹਿਬ ਵਾਲਿਆਂ ਦਾ ਪੰਥਕ ਜੱਥਾ, ਭਾਈ ਓਂਕਾਰ ਸਿੰਘ, ਭਾਈ ਨਿਸ਼ਾਨ ਸਿੰਘ , ਭਾਈ ਗੁਰਦੀਪ ਸਿੰਘ , ਭਾਈ ਸੁਰਜੀਤ ਸਿੰਘ, ਭਾਈ ਨਿਰਵੈਰ ਸਿੰਘ , ਭਾਈ ਹਰਪ੍ਰੀਤ ਸਿੰਘ, ਭਾਈ ਮਹਿੰਦਰ ਸਿੰਘ , ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ , ਭਾਈ ਗੁਰਮੀਤ ਸਿੰਘ, ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਇਸ ਮੌਕੇ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਦੇਣ ਦੀ ਸੇਵਾ ਪ੍ਰਬੰਧਕ ਕਮੇਟੀ ਵਲੋ ਕੀਤੀ ਗਈ | ਗੁਰੂ ਕਾ ਲੰਗਰ ਸੰਗਤਾਂ ਨੂੰ ਸਾਰਾ ਦਿਨ ਅਤੁੱਟ ਵਰਤਾਇਆ ਗਿਆ |

Leave a Reply

Your email address will not be published. Required fields are marked *